ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ
Publish Date: Sat, 14 Nov 2026 04:15 PM (IST)
Updated Date: Sat, 14 Nov 2026 04:18 PM (IST)
ਗੌਰਵ, ਪੰਜਾਬੀ ਜਾਗਰਣ, ਗੜਦੀਵਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਯੂਥ ਵੈਲਫੇਅਰ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਈ ਭਾਰਤ ਹੁਸ਼ਿਆਰਪੁਰ, ਮਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ, ਭਾਰਤ ਸਰਕਾਰ ਦੇ ਸਹਿਯੋਗ ਨਾਲ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਵਿੱਚ ਭੁਪਿੰਦਰ ਸਿੰਘ ਵਿਦਿਆਰਥੀ ਬੀਬੀਏ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਹੁਸ਼ਿਆਰਪੁਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਵਰਗ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਇਸ ਦਾ ਪ੍ਰਭਾਵ ਸਿਰਫ਼ ਉਸ ਵਿਅਕਤੀ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਪੂਰਾ ਪਰਿਵਾਰ ਅਤੇ ਸਮਾਜ ਇਸ ਦੀ ਲਪੇਟ ਵਿੱਚ ਆ ਜਾਂਦਾ ਹੈ। ਨੌਜਵਾਨਾਂ ਨੂੰ ਆਪਣੀ ਊਰਜਾ ਖੇਡਾਂ, ਸਿੱਖਿਆ, ਸਾਹਿਤਕ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਨਾਲ-ਨਾਲ ਸਮਾਜ ਸੇਵਾ ਦੇ ਕਾਰਜਾਂ ਵਿੱਚ ਲਗਾਉਣੀ ਚਾਹੀਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ। ਵਾਈਸ ਪ੍ਰਿੰਸੀਪਲ ਸੰਜੀਵ ਸਿੰਘ ਨੇ ਮੁੱਖ ਬੁਲਾਰੇ ਅਤੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਨੂੰ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਬੇਹੱਦ ਮਹੱਤਵਪੂਰਨ ਦੱਸਿਆ ਗਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।