- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੁਸਹਿਰੇ ਦੀਆਂ ਤਿਆਰੀਆਂ 'ਚ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਦਾ ਰੱਖਿਆ ਜਾਵੇ ਧਿਆਨ: ਬ੍ਰਮ ਸ਼ੰਕਰ ਜਿੰਪਾ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਦੁਸਹਿਰਾ ਗਰਾਊਂਡ ਵਿੱਚ ਸ਼੍ਰੀ ਰਾਮਲੀਲਾ ਕਮੇਟੀ ਵੱਲੋਂ ਕਰਵਾਏ ਜਾਣ ਵਾਲੇ ਦੁਸਹਿਰਾ ਉਤਸਵ ਦੀਆਂ ਤਿਆਰੀਆਂ ਨੂੰ ਲੈ ਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿੱਚ ਦੁਸਹਿਰਾ ਗਰਾਊਂਡ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਦੁਸਹਿਰਾ ਉਤਸਵ ਨੂੰ ਸੁਚਾਰੂ, ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਵੱਖ-ਵੱਖ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼੍ਰੀ ਰਾਮਲੀਲਾ ਕਮੇਟੀ ਦੇ ਅਹੁਦੇਦਾਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਦੁਸਹਿਰਾ ਲੋਕਾਂ ਦੀ ਧਾਰਮਿਕ ਆਸਥਾ ਅਤੇ ਸੱਭਿਆਚਾਰਕ ਪਰੰਪਰਾਵਾਂ ਨਾਲ ਜੁੜਿਆ ਇੱਕ ਮਹੱਤਵਪੂਰਨ ਤਿਉਹਾਰ ਹੈ। ਹੁਸ਼ਿਆਰਪੁਰ ਦੇ ਦੁਸਹਿਰੇ ਦੀ ਆਪਣੀ ਵਿਸ਼ੇਸ਼ ਪਛਾਣ ਹੈ ਅਤੇ ਇਹ ਕੁਲੂ ਦੇ ਦੁਸਹਿਰੇ ਤੋਂ ਬਾਅਦ ਵੱਡੇ ਪੱਧਰ ’ਤੇ ਮਨਾਏ ਜਾਣ ਵਾਲੇ ਉਤਸਵਾਂ ਵਿੱਚ ਸ਼ਾਮਲ ਹੈ।
ਇਸ ਮੌਕੇ ਵਿਧਾਇਕ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦੁਸਹਿਰਾ ਉਤਸਵ ਦੇ ਸਫ਼ਲ ਆਯੋਜਨ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਮਾਗਮ ਵਾਲੀ ਥਾਂ ’ਤੇ ਸਫ਼ਾਈ, ਆਵਾਜਾਈ ਪ੍ਰਬੰਧ, ਪਾਰਕਿੰਗ, ਸੁਰੱਖਿਆ, ਬਿਜਲੀ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਦੁਸਹਿਰਾ ਉਤਸਵ ਦੌਰਾਨ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ ਹੈ। ਉਨ੍ਹਾਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਵਾਲੀ ਥਾਂ ’ਤੇ ਸੁਰੱਖਿਆ ਪ੍ਰਬੰਧਾਂ, ਆਵਾਜਾਈ ਦੇ ਨਿਯੰਤਰਣ, ਭੀੜ ਪ੍ਰਬੰਧਨ ਅਤੇ ਹੋਰ ਲੋੜੀਂਦੇ ਇੰਤਜ਼ਾਮਾਂ ਲਈ ਢੁਕਵੀਂ ਯੋਜਨਾ ਤਿਆਰ ਕੀਤੀ ਜਾਵੇ। ਮੀਟਿੰਗ ਵਿੱਚ ਮੇਅਰ ਪ੍ਰਵੀਨ ਸੈਣੀ, ਸਹਾਇਕ ਕਮਿਸ਼ਨਰ ਡਾ. ਸੁਮਿਤ ਮੁੱਧ, ਸ਼੍ਰੀ ਰਾਮਲੀਲਾ ਕਮੇਟੀ ਦੇ ਪ੍ਰਧਾਨ ਗੋਪੀ ਚੰਦ ਕਪੂਰ ਸਮੇਤ ਕਮੇਟੀ ਦੇ ਹੋਰ ਅਹੁਦੇਦਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।