ਆਦਰਸ਼ ਸਕੂਲ ਚਨੌਰ ਨੇ ਵਿੱਦਿਅਕ ਟੂਰ ਕਰਵਾਇਆ
ਆਦਰਸ਼ ਸਕੂਲ ਚਨੌਰ ਨੇ ਵਿੱਦਿਅਕ ਟੂਰ ਕਰਵਾਇਆ
Publish Date: Tue, 17 Nov 2026 05:18 PM (IST)
Updated Date: Tue, 17 Nov 2026 05:18 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਦਿਯਾਵੰਤੀ ਮੈਮੋਰੀਅਲ ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚਨੌਰ ਵੱਲੋਂ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿੱਦਿਅਕ ਟੂਰ ਕਰਵਾਇਆ ਗਿਆ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਗਿਆਨਕ, ਇਤਿਹਾਸਕ ਅਤੇ ਧਾਰਮਿਕ ਜਾਣਕਾਰੀ ਦੇਣ ਦੇ ਨਾਲ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਸੀ। ਸਕੂਲ ਦੇ ਪ੍ਰਿੰਸੀਪਲ ਗੁਲਸ਼ਨ ਰਿਸ਼ੀਰਾਜ ਨੇ ਦੱਸਿਆ ਕਿ ਟੂਰ ਦੌਰਾਨ ਵਿਦਿਆਰਥੀਆਂ ਨੂੰ ਸਾਇੰਸ ਸਿਟੀ ਕਪੂਰਥਲਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਅਟਾਰੀ-ਵਾਹਗਾ ਸਰਹੱਦ ਦਾ ਦੌਰਾ ਕਰਵਾਇਆ ਗਿਆ। ਸਾਇੰਸ ਸਿਟੀ ਵਿਖੇ ਵਿਦਿਆਰਥੀਆਂ ਨੇ ਵੱਖ-ਵੱਖ ਵਿਗਿਆਨਕ ਮਾਡਲਾਂ ਅਤੇ ਪ੍ਰਦਰਸ਼ਨੀਆਂ ਰਾਹੀਂ ਨਵੀਆਂ ਜਾਣਕਾਰੀਆਂ ਹਾਸਲ ਕੀਤੀਆਂ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਟੂਰ ਦੇ ਆਖਰੀ ਪੜਾਅ ਵਿੱਚ ਵਿਦਿਆਰਥੀਆਂ ਨੇ ਅਟਾਰੀ-ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰੇਮਨੀ ਦੇਖੀ, ਜਿਸ ਨਾਲ ਉਨ੍ਹਾਂ ਵਿੱਚ ਦੇਸ਼ ਭਗਤੀ ਅਤੇ ਕੌਮੀ ਏਕਤਾ ਦੀ ਭਾਵਨਾ ਮਜ਼ਬੂਤ ਹੋਈ। ਪ੍ਰਿੰਸੀਪਲ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਵਿਹਾਰਕ ਤਜਰਬਾ ਵੀ ਪ੍ਰਦਾਨ ਕਰਦੇ ਹਨ। ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦਿਆਂ ਟੂਰ ਨੂੰ ਸਫਲ ਬਣਾਇਆ।