ਚੋਣਾਂ ਦੀਆਂ ਤਿਆਰੀਆਂ ਸਬੰਧੀ ਡੀਸੀ ਤੇ ਐੱਸਐੱਸਪੀ ਵੱਲੋਂ ਅਧਿਕਾਰੀਆਂ ਨਾਲ ਬੈਠਕ ਚੋਣਾਂ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Publish Date: Fri, 30 Oct 2026 03:49 PM (IST)
Updated Date: Fri, 30 Oct 2026 03:49 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਅਤੇ ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਜਾਣ ਵਾਲੇ ਜ਼ਰੂਰੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਇਲਾਕਿਆਂ ਦੀ ਪਛਾਣ ਕਰਨ ਲਈ ਵਲਨਰੇਬਿਲਟੀ ਮੈਪਿੰਗ ਦਾ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ’ਤੇ ਜ਼ੋਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੁੱਲ ਸੱਤ ਵਿਧਾਨ ਸਭਾ ਹਲਕੇ ਹਨ, ਜਿਨ੍ਹਾਂ ਵਿੱਚ ਮੁਕੇਰੀਆਂ, ਦਸੂਹਾ, ਉੜਮੁੜ, ਸ਼ਾਮਚੁਰਾਸੀ, ਹੁਸ਼ਿਆਰਪੁਰ, ਚੱਬੇਵਾਲ ਅਤੇ ਗੜ੍ਹਸ਼ੰਕਰ ਸ਼ਾਮਲ ਹਨ। ਇਨ੍ਹਾਂ ਹਲਕਿਆਂ ਵਿੱਚ ਪੋਲਿੰਗ ਬੂਥਾਂ ਦੀ ਤਰਕਸੰਗਤ ਵੰਡ ਤੋਂ ਬਾਅਦ ਕੁੱਲ 1601 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਵਿਧਾਨ ਸਭਾ ਹਲਕੇ ਵਿੱਚ ਨਿਯੁਕਤ ਸੈਕਟਰ ਅਧਿਕਾਰੀਆਂ ਅਤੇ ਪੁਲਿਸ ਸੈਕਟਰ ਅਧਿਕਾਰੀਆਂ ਵੱਲੋਂ ਸਾਂਝੇ ਤੌਰ ’ਤੇ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਕੀਤਾ ਜਾਵੇ। ਇਸ ਦੌਰਾਨ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ, ਸੰਵੇਦਨਸ਼ੀਲ ਇਲਾਕਿਆਂ ਅਤੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸਥਾਰਪੂਰਵਕ ਰਿਪੋਰਟ ਤਿਆਰ ਕੀਤੀ ਜਾਵੇ। ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਸੰਵੇਦਨਸ਼ੀਲ ਇਲਾਕਿਆਂ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਅਤੇ ਵੋਟਰਾਂ ਨੂੰ ਬਿਨਾਂ ਕਿਸੇ ਡਰ, ਦਬਾਅ ਜਾਂ ਪ੍ਰਭਾਵ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣਾ ਪੁਲਿਸ ਪ੍ਰਸ਼ਾਸਨ ਦੀ ਮੁੱਖ ਤਰਜੀਹ ਰਹੇਗੀ। ਮੀਟਿੰਗ ਦੌਰਾਨ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ ਸਾਲ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਚਿੰਨ੍ਹਿਤ ਕੀਤੇ ਗਏ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਸਥਾਨਾਂ ਦੇ ਅੰਕੜਿਆਂ ਦੀ ਵੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ‘ਮੈਨੂਅਲ ਆਨ ਵਲਨਰੇਬਿਲਟੀ ਮੈਪਿੰਗ-2023’ ਅਨੁਸਾਰ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਏ.ਡੀ.ਸੀ. ਰਾਕੇਸ਼ ਕੁਮਾਰ ਮੀਣਾ, ਐੱਸ.ਪੀ. ਸੰਦੀਪ ਸਿੰਘ, ਐੱਸ.ਡੀ.ਐੱਮ. ਪਰਮਪ੍ਰੀਤ ਸਿੰਘ, ਤਹਿਸੀਲਦਾਰ ਚੋਣ ਰਮਨਦੀਪ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।