ਪੈਨਸ਼ਨ ਬਹਾਲੀ ਲਈ ਕੱਲ੍ਹ ਅਮਨ ਅਰੋੜਾ ਦੀ ਰਿਹਾਇਸ਼ ਘੇਰਨਗੇ ਮੁਲਾਜ਼ਮ ਪੈਨਸ਼ਨ ਬਹਾਲੀ ਲਈ 29 ਨਵੰਬਰ ਨੂੰ ਅਮਨ ਅਰੋੜਾ ਦੀ ਰਿਹਾਇਸ਼ ਘੇਰਨਗੇ ਮੁਲਾਜ਼ਮ :ਆਗੂ ਪ੍ਰਿੰਸ ਪਲਿਆਲ
Publish Date: Fri, 27 Nov 2026 03:37 PM (IST)
Updated Date: Fri, 27 Nov 2026 03:40 PM (IST)
ਗੌਰਵ, ਪੰਜਾਬੀ ਜਾਗਰਣ ਗੜਦੀਵਾਲਾ : ਪੁਰਾਣੀ ਪੈਨਸ਼ਨ ਸਕੀਮ ਓਪੀਐੱਸ ਦੀ ਮੁਕੰਮਲ ਬਹਾਲੀ ਦੀ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵੱਲੋਂ 29 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਅੱਗੇ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ। ਇਸ ਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਵੱਡੀ ਗਿਣਤੀ ਚ ਸ਼ਮੂਲੀਅਤ ਕਰਨਗੇ। ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਗੜਦੀਵਾਲਾ, ਸੀਨੀਅਰ ਆਗੂ ਜਗਵਿੰਦਰ ਸਿੰਘ, ਗੁਰਮੁੱਖ ਸਿੰਘ ਬਲਾਲਾ, ਗੁਰਪ੍ਰੀਤ ਸਿੰਘ, ਸਚਿਨ ਕੁਮਾਰ, ਸਰਬਜੀਤ ਸਿੰਘ, ਰਮਨਦੀਪ ਸ਼ਰਮਾ, ਮਲਕੀਤ ਸਿੰਘ, ਚਰਨਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਚ ਆਉਣ ਤੋਂ ਪਹਿਲਾਂ ਪਹਿਲੀ ਕੈਬਨਿਟ ਮੀਟਿੰਗ ਚ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਤੱਕ ਇਸ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਪੁਰਾਣੀ ਪੈਨਸ਼ਨ ਮੁਲਾਜ਼ਮਾਂ ਦੀ ਖੈਰਾਤ ਨਹੀਂ ਸਗੋਂ ਉਨ੍ਹਾਂ ਦਾ ਜਾਇਜ਼ ਹੱਕ ਹੈ। ਨਵੀਂ ਪੈਨਸ਼ਨ ਪ੍ਰਣਾਲੀ ਕਾਰਨ ਮੁਲਾਜ਼ਮਾਂ ਦਾ ਸੇਵਾਮੁਕਤੀ ਤੋਂ ਬਾਅਦ ਦਾ ਭਵਿੱਖ ਅਸੁਰੱਖਿਅਤ ਹੈ। ਸਰਕਾਰ ਵੱਲੋਂ ਵਾਅਦਾ ਪੂਰਾ ਨਾ ਕਰਨ ਕਾਰਨ ਮੁਲਾਜ਼ਮਾਂ ਚ ਭਾਰੀ ਰੋਸ ਹੈ ਅਤੇ ਮੰਗ ਪੂਰੀ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਸਾਂਝਾ ਮੰਚ ਨੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ ਤੇ ਮੁਲਾਜ਼ਮ ਜਥੇਬੰਦੀਆਂ ਨੂੰ 29 ਨਵੰਬਰ ਨੂੰ ਸੁਨਾਮ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ।