ਈਵੀਐੱਮ ਤੇ ਵੀਵੀਪੈਟ ਦੀ ਪਹਿਲੇ ਪੱਧਰ ਦੀ ਜਾਂਚ ਸ਼ੁਰੂ : ਮੇਜਰ ਸੁਮਿਤ ਮੁੱਧ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਈ.ਵੀ.ਐੱਮ. ਤੇ ਵੀ.ਵੀ.ਪੈਟ ਦੀ ਪਹਿਲੇ ਪੱਧਰ ਦੀ ਜਾਂਚ ਸ਼ੁਰੂ: ਮੇਜਰ ਸੁਮਿਤ ਮੁੱਧ
Publish Date: Fri, 13 Nov 2026 03:18 PM (IST)
Updated Date: Fri, 13 Nov 2026 03:21 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ ਦੀ ਪਹਿਲੇ ਪੱਧਰ ਦੀ ਜਾਂਚ ਦੀ ਪ੍ਰਕਿਰਿਆ 12 ਨਵੰਬਰ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਂਚ ਜ਼ਿਲ੍ਹਾ ਈ.ਵੀ.ਐੱਮ. ਵੇਅਰਹਾਊਸ, ਹੁਸ਼ਿਆਰਪੁਰ ਵਿਖੇ ਕੀਤੀ ਜਾ ਰਹੀ ਹੈ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੇਜਰ ਸੁਮਿਤ ਮੁੱਧ ਨੇ ਦੱਸਿਆ ਕਿ ਐੱਫ.ਐੱਲ.ਸੀ. ਦੀ ਸਮੁੱਚੀ ਪ੍ਰਕਿਰਿਆ ਭਾਰਤ ਇਲੈਕਟ੍ਰਾਨਿਕਸ ਲਿਮਟਿਡ ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਚੋਣ ਕਮਿਸ਼ਨ ਦੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਤੇ ਮਾਪਦੰਡਾਂ ਅਨੁਸਾਰ ਕੀਤੀ ਜਾ ਰਹੀ ਹੈ। ਇਸ ਦੌਰਾਨ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਨੂੰ ਯਕੀਨੀ ਬਣਾਇਆ ਗਿਆ ਹੈ, ਤਾਂ ਜੋ ਸਮੁੱਚੀ ਜਾਂਚ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਦੱਸਿਆ ਕਿ ਜਾਂਚ ਪ੍ਰਕਿਰਿਆ ਦੀ ਪੂਰੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ ਅਤੇ ਲਾਈਵ ਵੈੱਬਕਾਸਟਿੰਗ ਰਾਹੀਂ ਵੀ ਇਸ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਸਬੰਧੀ ਲਾਈਵ ਵੈੱਬਕਾਸਟਿੰਗ ਦੀ ਫੀਡ ਜ਼ਿਲ੍ਹਾ ਹੈੱਡਕੁਆਰਟਰ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਦਫ਼ਤਰ ਵਿਖੇ ਵੀ ਉਪਲਬਧ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੀਆਂ ਲੋੜੀਂਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਜਨੀਸ਼ ਟੰਡਨ (ਕਾਂਗਰਸ), ਖੁਸ਼ੀ ਰਾਮ ਧੀਮਾਨ (ਆਮ ਆਦਮੀ ਪਾਰਟੀ), ਭੂਸ਼ਣ ਕੁਮਾਰ ਸ਼ਰਮਾ (ਭਾਜਪਾ) ਅਤੇ ਗੁਰਮੇਸ਼ ਸਿੰਘ (ਸੀ.ਪੀ.ਆਈ.-ਐੱਮ.) ਤੋਂ ਇਲਾਵਾ ਤਹਿਸੀਲਦਾਰ ਚੋਣਾਂ ਰਮਨਦੀਪ ਕੌਰ ਅਤੇ ਚੋਣ ਕਾਨੂੰਨਗੋ ਲਖਬੀਰ ਸਿੰਘ ਵੀ ਮੌਜੂਦ ਸਨ।