- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਜਥੇਬੰਦੀਆਂ ਵੱਲੋਂ 20 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਸੜਕੀ ਅਤੇ ਰੇਲ ਆਵਾਜਾਈ ਜਾਮ ਕਰਨ ਦੀ ਚੇਤਾਵਨੀ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਅਤੇ ਸਰਕਲ ਗੜ੍ਹਦੀਵਾਲਾ ਦੇ ਪ੍ਰਧਾਨ ਨੰਬਰਦਾਰ ਪਰਮਿੰਦਰ ਸਿੰਘ ਸਮਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੂੰ 18 ਨਵੰਬਰ ਤੱਕ ਮੰਗਾਂ ਦਾ ਹੱਲ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਹੈ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 20 ਨਵੰਬਰ ਤੋਂ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ ਅਤੇ ਜਲੰਧਰ ਦੇ ਧੰਨੋਵਾਲੀ ਰੇਲ ਫਾਟਕ ਵਿਖੇ ਅਣਮਿੱਥੇ ਸਮੇਂ ਲਈ ਸੜਕੀ ਅਤੇ ਰੇਲ ਆਵਾਜਾਈ ਜਾਮ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਪਿਛਲੇ ਸਾਲ ਦੀ ਕਰੀਬ 7 ਕਰੋੜ ਰੁਪਏ ਦੀ ਸਬਸਿਡੀ ਅਜੇ ਵੀ ਬਕਾਇਆ ਹੈ। ਇਸ ਤੋਂ ਇਲਾਵਾ ਗੰਨੇ ਦੇ ਭਾਅ ਵਿੱਚ ਵਾਧੇ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਅਤੇ ਨਾ ਹੀ ਖੰਡ ਮਿੱਲਾਂ ਚਾਲੂ ਕਰਨ ਦੀ ਤਰੀਕ ਦਾ ਐਲਾਨ ਹੋਇਆ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਇੱਕ ਹਫ਼ਤੇ ਅੰਦਰ ਮੰਗਾਂ ਸਬੰਧੀ ਲਿਖਤੀ ਭਰੋਸਾ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਆਗੂਆਂ ਨੇ ਮੰਗ ਕੀਤੀ ਕਿ ਇੱਕ ਕਾਊਂਟਰ ਇੱਕ ਪੇਮੈਂਟ ਦੀ ਵਿਵਸਥਾ ਲਾਗੂ ਕਰਨ, ਗੰਨੇ ਦੇ ਬਕਾਏ ਜਾਰੀ ਕਰਨ ਅਤੇ ਖੰਡ ਮਿੱਲਾਂ ਜਲਦੀ ਚਲਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ 18 ਨਵੰਬਰ ਤੱਕ ਸਰਕਾਰ ਵੱਲੋਂ ਠੋਸ ਕਦਮ ਨਾ ਚੁੱਕੇ ਗਏ ਤਾਂ 20 ਨਵੰਬਰ ਤੋਂ ਸੰਘਰਸ਼ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ।