ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਈ, ਅੰਤਿਮ ਸੂਚੀ 4 ਜਨਵਰੀ ਨੂੰ : ਆਸ਼ਿਕਾ ਜੈਨ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਈ, ਅੰਤਿਮ ਸੂਚੀ 4 ਜਨਵਰੀ 2027 ਨੂੰ ਹੋਵੇਗੀ ਜਾਰੀ : ਆਸ਼ਿਕਾ ਜੈਨ
Publish Date: Thu, 12 Nov 2026 05:34 PM (IST)
Updated Date: Thu, 12 Nov 2026 05:36 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਅੱਜ ਮੁੱਢਲੀ ਵੋਟਰ ਸੂਚੀ ਦੀ ਪ੍ਰਕਾਸ਼ਨਾ ਕਰ ਦਿੱਤੀ ਗਈ। ਇਸ ਮੌਕੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਵਿਧਾਨ ਸਭਾ ਹਲਕਾ ਵਾਰ ਤਿਆਰ ਕੀਤੀਆਂ ਵੋਟਰ ਸੂਚੀਆਂ ਦੇ ਸੈੱਟ ਅਤੇ ਬਿਨਾਂ ਤਸਵੀਰਾਂ ਵਾਲੀ ਵੋਟਰ ਸੂਚੀ ਦੀ ਸੰਖੇਪ ਡਿਸਕ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀ ਗਈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਢਲੀ ਵੋਟਰ ਸੂਚੀ ਜਾਰੀ ਹੋਣ ਤੋਂ ਬਾਅਦ 11 ਦਸੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਦਰਜ ਕਰਵਾਏ ਜਾ ਸਕਦੇ ਹਨ। ਇਨ੍ਹਾਂ ਦਾ ਨਿਪਟਾਰਾ 28 ਦਸੰਬਰ 2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 4 ਜਨਵਰੀ 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਮੁੱਢਲੀ ਸੂਚੀ ਜ਼ਿਲ੍ਹਾ ਚੋਣ ਦਫ਼ਤਰ ਅਤੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਉਪਲਬਧ ਹੈ। ਲੋਕ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੀ ਵੈੱਬਸਾਈਟ ਅਤੇ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ਰਾਹੀਂ ਵੀ ਆਪਣੀ ਵੋਟ ਦੀ ਜਾਂਚ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ 1 ਜਨਵਰੀ 2027 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇਗੀ ਅਤੇ ਉਨ੍ਹਾਂ ਦੀ ਵੋਟ ਅਜੇ ਨਹੀਂ ਬਣੀ, ਉਹ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6 ਭਰ ਕੇ ਸਬੰਧਤ ਬੂਥ ਪੱਧਰ ਅਧਿਕਾਰੀ ਜਾਂ ਚੋਣ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਆਨਲਾਈਨ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਪੱਧਰ ਏਜੰਟਾਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।