100 ਕੇਸ ਮਨਜ਼ੂਰੀ ਵਾਲਾ ਹੁਸ਼ਿਆਰਪੁਰ ਪੰਜਾਬ ਦਾ ਪਹਿਲਾ ਜ਼ਿਲ੍ਹਾ ਮਨਜ਼ੂਰੀ ਦੇਣ ਵਾਲਾ ਹੁਸ਼ਿਆਰਪੁਰ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣਿਆ
Publish Date: Tue, 24 Nov 2026 05:01 PM (IST)
Updated Date: Tue, 24 Nov 2026 05:04 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਨੇ ਪੀਐਮ ਰਾਹਤ ਸਕੀਮ ਤਹਿਤ 100 ਕੇਸਾਂ ਨੂੰ ਸਫਲਤਾਪੂਰਵਕ ਮਨਜ਼ੂਰੀ ਦੇ ਕੇ ਪੰਜਾਬ ਵਿੱਚ ਪਹਿਲਾ ਜ਼ਿਲ੍ਹਾ ਬਣਨ ਦਾ ਮਾਣ ਹਾਸਲ ਕੀਤਾ ਹੈ। ਇਹ ਪ੍ਰਾਪਤੀ ਆਰਟੀਓ ਅਮਨਦੀਪ ਕੌਰ ਘੁੰਮਣ ਦੀ ਨਿਗਰਾਨੀ ਅਤੇ ਜ਼ਿਲ੍ਹਾ ਰੋਲ ਆਊਟ ਮੈਨੇਜਰ ਜਸਪ੍ਰੀਤ ਸਿੰਘ ਦੇ ਸਹਿਯੋਗ ਨਾਲ ਹਾਸਲ ਕੀਤੀ ਗਈ ਹੈ। ਇਸ ਵਿੱਚ ਸਾਰੇ ਸਬੰਧਤ ਪੁਲਿਸ ਅਧਿਕਾਰੀਆਂ, ਜ਼ਿਲ੍ਹਾ ਪੱਧਰੀ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੇ ਸਾਂਝੇ ਯਤਨਾਂ, ਸਮਰਪਣ ਅਤੇ ਬਿਹਤਰ ਤਾਲਮੇਲ ਨੇ ਅਹਿਮ ਭੂਮਿਕਾ ਨਿਭਾਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੀਐਮ ਰਾਹਤ ਸਕੀਮ ਦਾ ਮੁੱਖ ਉਦੇਸ਼ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਵਿਅਕਤੀਆਂ ਨੂੰ ਤੁਰੰਤ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜਾਨ ਬਚਾਉਣਾ ਅਤੇ ਆਰਥਿਕ ਮੁਸ਼ਕਲਾਂ ਕਾਰਨ ਇਲਾਜ ਵਿੱਚ ਹੋਣ ਵਾਲੀ ਦੇਰੀ ਨੂੰ ਰੋਕਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਯੋਗ ਹਾਦਸਾ ਪੀੜਤਾਂ ਤੱਕ ਇਸ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੜਕ ਹਾਦਸੇ ਦੇ ਪੀੜਤ ਨੂੰ ਹਾਦਸੇ ਦੀ ਤਾਰੀਖ਼ ਤੋਂ ਵੱਧ ਤੋਂ ਵੱਧ ਸੱਤ ਦਿਨਾਂ ਤੱਕ 1.50 ਲੱਖ ਰੁਪਏ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਹਾਦਸੇ ਤੋਂ ਬਾਅਦ ਪਹਿਲੇ 24 ਤੋਂ 48 ਘੰਟੇ, ਜਿਨ੍ਹਾਂ ਨੂੰ ਗੋਲਡਨ ਆਵਰ ਕਿਹਾ ਜਾਂਦਾ ਹੈ, ਜਾਨ ਬਚਾਉਣ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ। ਇਸ ਲਈ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਨੇੜਲੇ ਸੂਚੀਬੱਧ ਹਸਪਤਾਲ ਵਿੱਚ ਪਹੁੰਚਾਉਣਾ ਚਾਹੀਦਾ ਹੈ। ਆਰਟੀਓ ਅਮਨਦੀਪ ਕੌਰ ਘੁੰਮਣ ਨੇ ਰਾਹ-ਵੀਰ (ਗੁੱਡ ਸਮੈਰੀਟਨ) ਸਕੀਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਦਸੇ ਦੇ ਪਹਿਲੇ 60 ਮਿੰਟਾਂ ਅੰਦਰ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਉਣ ਵਾਲੇ ਮਦਦਗਾਰ ਨੂੰ 25 ਹਜ਼ਾਰ ਰੁਪਏ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਦਿੱਤਾ ਜਾਂਦਾ ਹੈ। ਇੱਕ ਵਿਅਕਤੀ ਸਾਲ ਵਿੱਚ ਵੱਧ ਤੋਂ ਵੱਧ ਪੰਜ ਵਾਰ ਇਸ ਇਨਾਮ ਦਾ ਲਾਭ ਲੈ ਸਕਦਾ ਹੈ। ਜੇਕਰ ਕਈ ਵਿਅਕਤੀ ਮਿਲ ਕੇ ਮਦਦ ਕਰਦੇ ਹਨ ਤਾਂ ਇਨਾਮੀ ਰਾਸ਼ੀ ਉਨ੍ਹਾਂ ਵਿੱਚ ਬਰਾਬਰ ਵੰਡੀ ਜਾਂਦੀ ਹੈ। ਇਸ ਤੋਂ ਇਲਾਵਾ, ਹਰ ਸਾਲ ਸ਼ਾਨਦਾਰ ਸੇਵਾ ਕਰਨ ਵਾਲੇ ਰਾਹ-ਵੀਰਾਂ ਨੂੰ ਰਾਸ਼ਟਰੀ ਪੱਧਰ ਤੇ ਇੱਕ ਲੱਖ ਰੁਪਏ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ।