ਦਸੂਹਾ ਤੇ ਟਾਂਡਾ ਵਿਖੇ ਫੂਡ ਸੇਫਟੀ ਟੀਮ ਦੀ ਵਿਸ਼ੇਸ਼ ਚੈਕਿੰਗ ਦਸੂਹਾ ਤੇ ਟਾਂਡਾ ਵਿਖੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਫੂਡ ਸੇਫਟੀ ਟੀਮ ਦੀ ਵਿਸ਼ੇਸ਼ ਚੈਕਿੰਗ
Publish Date: Fri, 06 Nov 2026 04:09 PM (IST)
Updated Date: Fri, 06 Nov 2026 04:11 PM (IST)
ਗਗਨਪ੍ਰੀਤ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸਾਫ਼-ਸੁਥਰੇ, ਸੁਰੱਖਿਅਤ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਅਤੇ ਮਿਲਾਵਟਖੋਰੀ ਨੂੰ ਰੋਕਣ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਫੂਡ ਸੇਫਟੀ ਟੀਮ ਵੱਲੋਂ ਦਸੂਹਾ ਅਤੇ ਟਾਂਡਾ ਇਲਾਕੇ ਵਿੱਚ ਵੱਖ-ਵੱਖ ਖਾਧ ਪਦਾਰਥਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ 4 ਸੈਂਪਲ ਇਕੱਤਰ ਕੀਤੇ ਗਏ ਅਤੇ 20 ਕਿਲੋ ਖਰਾਬ ਮਠਿਆਈ ਮੌਕੇ ’ਤੇ ਨਸ਼ਟ ਕਰਵਾਈ ਗਈ। ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਗਈ। ਫੂਡ ਸੇਫਟੀ ਅਫ਼ਸਰ ਮਨੀਸ਼ ਸੋਢੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਚੈਕਿੰਗ ਦੌਰਾਨ ਮਠਿਆਈਆਂ ਦੇ 3 ਅਤੇ ਬਿਸਕੁਟ ਦਾ 1 ਸੈਂਪਲ ਲਿਆ ਗਿਆ। ਮਠਿਆਈਆਂ ਦੇ ਸੈਂਪਲਾਂ ਰਾਹੀਂ ਚਾਂਦੀ ਦੀ ਵਰਕ ਦੀ ਗੁਣਵੱਤਾ ਦੀ ਜਾਂਚ ਕੀਤੀ ਜਾਵੇਗੀ। ਸਾਰੇ ਸੈਂਪਲ ਜਾਂਚ ਲਈ ਲੈਬਾਰਟਰੀ ਭੇਜੇ ਜਾਣਗੇ ਅਤੇ ਰਿਪੋਰਟਾਂ ਦੇ ਆਧਾਰ ’ਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਸਿਹਤ ਵਿਭਾਗ ਨੇ ਖਾਧ ਪਦਾਰਥਾਂ ਦੇ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਮੁਨਾਫ਼ਾ ਕਮਾਉਣ ਦੇ ਲਾਲਚ ਵਿੱਚ ਮਿਲਾਵਟ ਜਾਂ ਘਟੀਆ ਗੁਣਵੱਤਾ ਵਾਲੇ ਪਦਾਰਥਾਂ ਦੀ ਵਿਕਰੀ ਨਾ ਕਰਨ ਅਤੇ ਲੋਕਾਂ ਦੀ ਸਿਹਤ ਨੂੰ ਪਹਿਲ ਦੇਣ। ਵਿਭਾਗ ਨੇ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।