ਤਿਉਹਾਰਾਂ ਦੇ ਮੱਦੇਨਜ਼ਰ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ, 5 ਸੈਂਪਲ ਭਰੇ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫਟੀ ਵਿਭਾਗ ਵੱਲੋਂ ਹੁਸ਼ਿਆਰਪੁਰ ਸ਼ਹਿਰ ਦੀਆਂ ਮਸ਼ਹੂਰ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ, 5 ਸੈਂਪਲ ਭਰੇ
Publish Date: Mon, 02 Nov 2026 04:00 PM (IST)
Updated Date: Mon, 02 Nov 2026 04:02 PM (IST)
ਗਗਨਪ੍ਰੀਤ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਪੰਜਾਬ ਸਰਕਾਰ ਅਤੇ ਫੂਡ ਸੇਫਟੀ ਕਮਿਸ਼ਨਰ ਪੰਜਾਬ ਕੰਵਲਪ੍ਰੀਤ ਕੌਰ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਭਰ ਵਿੱਚ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਮਿਲਾਵਟਖੋਰੀ ਨੂੰ ਰੋਕਣ ਲਈ ਫੂਡ ਸੇਫਟੀ ਵਿਭਾਗ ਵੱਲੋਂ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ, ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਵੱਲੋਂ ਹੁਸ਼ਿਆਰਪੁਰ ਸ਼ਹਿਰ ਵਿਖੇ ਮਸ਼ਹੂਰ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਜਾਂਚ ਦੌਰਾਨ ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ ਵੱਲੋਂ ਵੱਖ-ਵੱਖ ਕਿਸਮਾਂ ਦੀਆਂ ਮਠਿਆਈਆਂ ਦੇ ਕੁੱਲ 5 ਸੈਂਪਲ ਲਏ ਗਏ। ਸਾਰੇ ਸੈਂਪਲ ਅਗਲੇਰੀ ਜਾਂਚ ਲਈ ਲੈਬਾਰਟਰੀ ਭੇਜੇ ਜਾਣਗੇ ਅਤੇ ਜਾਂਚ ਰਿਪੋਰਟ ਦੇ ਆਧਾਰ ਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਨੁਸਾਰ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਜ਼ਿਲਾ ਸਿਹਤ ਅਫ਼ਸਰ ਡਾਕਟਰ ਜਤਿੰਦਰ ਭਾਟੀਆ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਖੁਰਾਕੀ ਵਸਤਾਂ ਦੀ ਤਿਆਰੀ, ਸਟੋਰੇਜ ਅਤੇ ਵਿਕਰੀ ਦੌਰਾਨ ਸਫ਼ਾਈ ਅਤੇ ਨਿਰਧਾਰਤ ਮਾਪਦੰਡਾਂ ਦੀ ਪੂਰੀ ਪਾਲਣਾ ਕਰਨ। ਸਿਹਤ ਵਿਭਾਗ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਖਰੀਦਣ ਸਮੇਂ ਸਫ਼ਾਈ ਅਤੇ ਗੁਣਵੱਤਾ ਦਾ ਧਿਆਨ ਰੱਖਣ ਅਤੇ ਮਿਲਾਵਟਖੋਰੀ ਸਬੰਧੀ ਕਿਸੇ ਵੀ ਸ਼ੱਕ ਜਾਂ ਸ਼ਿਕਾਇਤ ਦੀ ਸੂਚਨਾ ਫੂਡ ਸੇਫਟੀ ਵਿਭਾਗ ਨੂੰ ਦੇਣ, ਤਾਂ ਜੋ ਲੋਕਾਂ ਦੀ ਸਿਹਤ ਨਾਲ ਜੁੜੇ ਮਾਮਲਿਆਂ ਵਿੱਚ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।