ਫੂਡ ਸੇਫਟੀ ਟੀਮ ਵੱਲੋਂ ਵੱਖ-ਵੱਖ ਇਲਾਕਿਆਂ ’ਚ ਚੈਕਿੰਗ, ਛੇ ਸੈਂਪਲ ਲਏ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫਟੀ ਟੀਮ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਚੈਕਿੰਗ, ਮਠਿਆਈਆਂ ਦੇ ਛੇ ਸੈਂਪਲ ਲਏ
Publish Date: Tue, 03 Nov 2026 05:00 PM (IST)
Updated Date: Tue, 03 Nov 2026 05:02 PM (IST)
ਗਗਨਪ੍ਰੀਤ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸਾਫ਼-ਸੁਥਰੇ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਜ਼ਿਲ੍ਹੇ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਗਈ। ਫੂਡ ਸੇਫਟੀ ਅਫ਼ਸਰ ਮੁਨੀਸ਼ ਸੋਢੀ ਦੀ ਟੀਮ ਵੱਲੋਂ ਕਮਾਹੀ ਦੇਵੀ, ਅੱਡਾ ਝੀਰ ਦਾ ਖੂਹ, ਹਾਜੀਪੁਰ ਅਤੇ ਮੁਕੇਰੀਆਂ ਵਿਖੇ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਖੋਆ, ਬਰਫ਼ੀ ਅਤੇ ਕਲਾਕੰਦ ਸਮੇਤ ਵੱਖ-ਵੱਖ ਮਠਿਆਈਆਂ ਦੇ ਛੇ ਸੈਂਪਲ ਲੈ ਕੇ ਜਾਂਚ ਲਈ ਲੈਬਾਰਟਰੀ ਭੇਜੇ ਗਏ। ਚੈਕਿੰਗ ਦੌਰਾਨ ਬਿਨਾਂ ਮਿਆਦ ਪੁੱਗਣ ਦੀ ਤਾਰੀਖ ਵਾਲੇ ਫੂਡ ਕਲਰ ਵੀ ਮਿਲੇ, ਜਿਨ੍ਹਾਂ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ। ਟੀਮ ਵੱਲੋਂ ਦੁਕਾਨਦਾਰਾਂ ਨੂੰ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ, ਮਠਿਆਈਆਂ ਢੱਕ ਕੇ ਰੱਖਣ ਅਤੇ ਫੂਡ ਕਲਰ ਦੀ ਵਰਤੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਸਿਹਤ ਵਿਭਾਗ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਰੋਕਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।