ਸੁਖਵਿੰਦਰ ਸਰਮਾਲ, ਹੁਸ਼ਿਆਰਪੁਰ : ਜ਼ਿਲ੍ਹੇ ਵਿਚ ਲਗਾਤਾਰ ਕੋਰੋਨਾ ਨਾਲ ਹੋ ਰਹੀਆਂ ਮੌਤਾਂ ਤੇ ਪਾਜ਼ੇਟਿਵ ਮਰੀਜ਼ਾਂ ਦਾ ਗ੍ਰਾਫ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਜ਼ਿਲ੍ਹੇ ਵਿਚ ਪਹਿਲੀ ਵਾਰ ਇਕੋ ਦਿਨ 206 ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ, ਜਦਕਿ ਇਕ ਔਰਤ ਸਮੇਤ 4 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਮੌਤਾਂ ਦਾ ਅੰਕੜਾ ਸੌ ਤੋਂ ਪਾਰ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਬੁੱਧਵਾਰ 1855 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ 'ਤੇ 206 ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ, ਜਿਸ ਨਾਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 3305 ਹੋ ਗਈ ਹੈ, ਜਦਕਿ 4 ਮੌਤਾਂ ਹੋਣ ਕਾਰਨ ਮੌਤਾਂ ਦੀ ਕੁਲ ਗਿਣਤੀ 101 ਹੋ ਗਈ ਹੈ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਬੁੱਧਵਾਰ ਪਾਜ਼ੇਟਿਵ ਆਏ ਮਰੀਜ਼ਾਂ ਵਿਚੋਂ 65 ਕੇਸ ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਤ ਹਨ ਤੇ ਬਾਕੀ 141 ਕੇਸ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਨਾਲ ਸਬੰਧਤ ਇਲਾਕਿਆਂ ਦੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਪਾਜ਼ੇਟਿਵ ਪਾਏ ਗਏ ਵਿਅਕਤੀਆਂ ਨੂੰ ਆਈਸੋਲੇਟ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਘੁੱਕਰਵਾਲਾ ਦੀ ਇਕ 64 ਸਾਲਾ ਔਰਤ ਦੀ ਨਿੱਜੀ ਹਸਪਤਾਲ ਵਿਖੇ, ਜਹਤਾਰਪੁਰਾ 82 ਸਾਲਾ ਬਜ਼ੁਰਗ ਦੀ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ, 54 ਸਾਲਾ ਵਿਅਕਤੀ ਦੀ ਜਲੰਧਰ ਦੇ ਨਿੱਜੀ ਹਸਪਤਾਲ ਅਤੇ ਡਗਾਣਾ ਵਾਸੀ 74 ਸਾਲਾ ਬਜ਼ੁਰਗ ਦੀ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਹੈ। ਉਕਤ ਚਾਰੇ ਕੋਰੋਨਾ ਪਾਜ਼ੇਟਿਵ ਸਨ।

ਉਨ੍ਹਾਂ ਦੱਸਿਆ ਕਿ ਬੁੱਧਵਾਰ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1691 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਹੁਣ ਤਕ ਜ਼ਿਲ੍ਹੇ ਵਿਚ ਕੁੱਲ ਸੈਂਪਲਾਂ ਦੀ ਗਿਣਤੀ 81,618 ਹੋ ਗਈ ਹੈ, ਜਿਨ੍ਹਾਂ ਵਿਚੋਂ 77,364 ਸੈਂਪਲ ਨੈਗੇਟਿਵ ਹਨ, ਜਦਕਿ 1,286 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ, 109 ਸੈਂਪਲ ਇਨਵੈਲਡ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਐਕਟਿਵ ਕੇਸਾਂ ਦੀ ਗਿਣਤੀ 1098 ਹੈ ਤੇ 2106 ਮਰੀਜ਼ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ।

Posted By: Susheel Khanna