ਸ਼ਾਮ ਚੁਰਾਸੀ ਦੀ ਸਫ਼ਾਈ ਵਿਵਸਥਾ ਮੁੜ ਸਵਾਲਾਂ ਦੇ ਘੇਰੇ ’ਚ ਕੂੜੇ ਦੇ ਢੇਰਾਂ ਨੂੰ ਲਾਈ ਜਾ ਰਹੀ ਅੱਗ, ਸ਼ਾਮ ਚੁਰਾਸੀ ਦੀ ਸਫ਼ਾਈ ਵਿਵਸਥਾ ਮੁੜ ਸਵਾਲਾਂ ਦੇ ਘੇਰੇ ’ਚ
Publish Date: Wed, 25 Nov 2026 06:24 PM (IST)
Updated Date: Wed, 25 Nov 2026 06:25 PM (IST)
ਦੀਪਕ ਮੱਟੂ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਸ਼ਾਮ ਚੁਰਾਸੀ : ਸ਼ਹਿਰ ਸ਼ਾਮ ਚੁਰਾਸੀ ਵਿੱਚ ਸਫ਼ਾਈ ਵਿਵਸਥਾ ਸੁਧਰਨ ਦਾ ਨਾਮ ਨਹੀਂ ਲੈ ਰਹੀ। ਸਬੰਧਤ ਅਧਿਕਾਰੀਆਂ ਵੱਲੋਂ ਕੋਈ ਠੋਸ ਕਦਮ ਨਾ ਚੁੱਕੇ ਜਾਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਸ਼ਹਿਰ ਵਿੱਚ ਕੂੜੇ ਦੇ ਢੇਰਾਂ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਇਲਾਕੇ ਵਿੱਚ ਬਦਬੂ ਅਤੇ ਪ੍ਰਦੂਸ਼ਣ ਫੈਲ ਰਿਹਾ ਹੈ। ਵਾਰਡ ਨੰਬਰ 7 ਦੇ ਵਸਨੀਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਵਾਰਡ ਵਿੱਚ ਸਫ਼ਾਈ ਵਿਵਸਥਾ ਬੇਹੱਦ ਖ਼ਰਾਬ ਹੋ ਚੁੱਕੀ ਹੈ। ਨਗਰ ਕੌਂਸਲ ਵੱਲੋਂ ਤਾਇਨਾਤ ਸਫ਼ਾਈ ਕਰਮਚਾਰੀ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾ ਰਹੀ। ਘਰਾਂ ਵਿੱਚੋਂ ਨਿਯਮਿਤ ਤੌਰ ’ਤੇ ਕੂੜਾ ਇਕੱਠਾ ਨਾ ਕੀਤੇ ਜਾਣ ਕਾਰਨ ਲੋਕਾਂ ਨੂੰ ਖੁਦ ਕੂੜਾ ਬਾਹਰ ਸੁੱਟਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੂੜਾ ਚੁੱਕਣ ਦੇ ਬਦਲੇ ਲੋਕਾਂ ਤੋਂ ਪੈਸੇ ਵਸੂਲੇ ਜਾ ਰਹੇ ਹਨ, ਜਦਕਿ ਸਫ਼ਾਈ ਕਰਮਚਾਰੀਆਂ ਨੂੰ ਨਗਰ ਕੌਂਸਲ ਵੱਲੋਂ ਤਨਖ਼ਾਹ ਵੀ ਦਿੱਤੀ ਜਾਂਦੀ ਹੈ। ਲੋਕਾਂ ਨੇ ਸਵਾਲ ਉਠਾਇਆ ਕਿ ਜੇਕਰ ਕਰਮਚਾਰੀਆਂ ਨੂੰ ਸਰਕਾਰੀ ਤੌਰ ’ਤੇ ਤਨਖ਼ਾਹ ਮਿਲ ਰਹੀ ਹੈ ਤਾਂ ਫਿਰ ਲੋਕਾਂ ਤੋਂ ਵੱਖਰੇ ਪੈਸੇ ਕਿਉਂ ਲਏ ਜਾ ਰਹੇ ਹਨ ਉਨ੍ਹਾਂ ਦੱਸਿਆ ਕਿ ਤਲਵੰਡੀ ਆਰਾਈਆਂ ਤੋਂ ਸ਼ਾਮ ਚੁਰਾਸੀ ਨੂੰ ਆਉਂਦੀ ਸੜਕ ਨੇੜੇ ਪੁਲ ਦੇ ਕੋਲ ਆਰਜ਼ੀ ਡੰਪ ਬਣਦਾ ਜਾ ਰਿਹਾ ਹੈ ਅਤੇ ਇਸ ਕੂੜੇ ਦੇ ਢੇਰ ਨੂੰ ਅੱਗ ਵੀ ਲਗਾਈ ਜਾ ਰਹੀ ਹੈ, ਜਿਸ ਨਾਲ ਆਲੇ-ਦੁਆਲੇ ਦੇ ਇਲਾਕੇ ਵਿੱਚ ਬਦਬੂ ਅਤੇ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ। ਵਸਨੀਕਾਂ ਨੇ ਮੰਗ ਕੀਤੀ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਪਹਿਲ ਦੇ ਆਧਾਰ ’ਤੇ ਸੁਧਾਰਿਆ ਜਾਵੇ, ਕੂੜੇ ਦੇ ਢੇਰਾਂ ਨੂੰ ਤੁਰੰਤ ਚੁਕਵਾਇਆ ਜਾਵੇ। ਨਗਰ ਕੌਂਸਲ ਵੱਲੋਂ ਹੱਲ ਦਾ ਭਰੋਸਾ ਇਸ ਸਬੰਧੀ ਜਦੋਂ ਨਗਰ ਕੌਂਸਲ ਦੇ ਕਲਰਕ ਰਮੇਸ਼ ਕੁਮਾਰ ਨੇ ਕਿਹਾ ਕਿ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ। ਉੱਧਰ ਵਾਰਡ ਨੰਬਰ 7 ਦੇ ਕੌਂਸਲਰ ਹਰਮੇਸ਼ ਕੁਮਾਰ ਬੁੱਗਾ ਨਾਲ ਗੱਲ ਕਰਨ ’ਤੇ ਉਨ੍ਹਾਂ ਵੀ ਭਰੋਸਾ ਦਿੱਤਾ ਕਿ ਵਾਰਡ 7 ਵਿੱਚ ਸਫ਼ਾਈ ਵਿਵਸਥਾ ਸਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਜਲਦੀ ਦੂਰ ਕਰਵਾਇਆ ਜਾਵੇਗਾ।