ਗੰਨੇ ਦੇ ਰੇਟ ਮੰਗ ਮੁਤਾਬਕ ਨਾ ਵਧਾ ਕੇ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਧੋਖਾ
ਗੰਨੇ ਦੇ ਰੇਟ ਕਿਸਾਨਾਂ ਦੀ ਮੰਗ ਮੁਤਾਬਕ ਨਾ ਵਧਾ ਕੇ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਧੋਖਾ : ਸੰਗਤ ਸਿੰਘ ਗਿਲਜੀਆਂ
Publish Date: Sat, 28 Nov 2026 03:26 PM (IST)
Updated Date: Sat, 28 Nov 2026 03:28 PM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਟਾਂਡਾ ਉੜਮੁੜ: ਪੰਜਾਬ ਸਰਕਾਰ ਕਿਸਾਨ ਵਿਰੋਧੀ ਨੀਤੀਆਂ ਤਹਿਤ ਕਿਸਾਨਾਂ ਦੇ ਹਿੱਤਾਂ ਦੀ ਅਣਦੇਖੀ ਕਰ ਰਹੀ ਹੈ। ਗੰਨੇ ਦੇ ਭਾਅ ਵਿੱਚ ਮਹਿਜ਼ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨਾ ਕਿਸਾਨਾਂ ਨਾਲ ਮਜ਼ਾਕ ਹੈ। ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਨੇ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਲੰਮੇ ਸਮੇਂ ਤੋਂ ਗੰਨੇ ਦਾ ਭਾਅ ਘੱਟੋ-ਘੱਟ 500 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਨੇ ਇਸ ਨੂੰ ਅਣਗੌਲਿਆਂ ਕਰਕੇ ਕਿਸਾਨਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ। ਖਾਦਾਂ, ਡੀਜ਼ਲ, ਕੀਟਨਾਸ਼ਕਾਂ ਅਤੇ ਖੇਤੀਬਾੜੀ ਨਾਲ ਸਬੰਧਤ ਹੋਰ ਵਸਤਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ, ਜਿਸ ਕਾਰਨ ਖੇਤੀ ਦੀ ਲਾਗਤ ਵਿੱਚ ਭਾਰੀ ਵਾਧਾ ਹੋਇਆ ਹੈ। ਗਿਲਜੀਆਂ ਨੇ ਕਿਹਾ ਕਿ ਕਿਸਾਨ ਦਿਨ-ਰਾਤ ਮਿਹਨਤ ਕਰਕੇ ਦੇਸ਼ ਦੇ ਅਰਥਚਾਰੇ ਵਿੱਚ ਯੋਗਦਾਨ ਪਾਉਂਦੇ ਹਨ, ਪਰ ਉਨ੍ਹਾਂ ਨੂੰ ਫਸਲਾਂ ਦਾ ਵਾਜਬ ਮੁੱਲ ਨਹੀਂ ਮਿਲ ਰਿਹਾ। ਸਰਕਾਰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਵਿੱਚ ਵੀ ਨਾਕਾਮ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਗੰਨਾ ਉਤਪਾਦਕ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰੇ, ਤਾਂ ਜੋ ਕਿਸਾਨਾਂ ਨੂੰ ਬਣਦੀ ਆਰਥਿਕ ਰਾਹਤ ਮਿਲ ਸਕੇ।