ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ 'ਤੇ ਲਗਾਮ ਪਾਵੇ ਸਰਕਾਰ : ਮਿੱਕੀ ਪੰਡਿਤ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ 'ਤੇ ਲਗਾਮ ਪਾਵੇ ਸਰਕਾਰ, ਸ਼ਿਵ ਸੈਨਾ ਵੱਲੋਂ ਸੰਘਰਸ਼ ਦੀ ਚੇਤਾਵਨੀ: ਮਿੱਕੀ ਪੰਡਿਤ
Publish Date: Fri, 13 Nov 2026 05:28 PM (IST)
Updated Date: Fri, 13 Nov 2026 05:30 PM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਅਤੇ ਕੁਝ ਮੈਡੀਕਲ ਸਟੋਰਾਂ ਵੱਲੋਂ ਕਥਿਤ ਤੌਰ ਤੇ ਪਾਬੰਦੀਸ਼ੁਦਾ ਨਸ਼ੀਲੀਆਂ ਦਵਾਈਆਂ, ਕੈਪਸੂਲ ਅਤੇ ਟੀਕੇ ਵੇਚਣ ਦੇ ਮਾਮਲੇ ਨੂੰ ਲੈ ਕੇ ਸ਼ਿਵ ਸੈਨਾ ਪੰਜਾਬ ਨੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਹੈ। ਇਸ ਸਬੰਧੀ ਸ਼ਿਵ ਸੈਨਾ ਪੰਜਾਬ ਦੇ ਉੱਤਰੀ ਭਾਰਤ ਪ੍ਰਧਾਨ ਮਿੱਕੀ ਪੰਡਿਤ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸਵੈਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਮਿੱਕੀ ਪੰਡਿਤ ਨੇ ਦੋਸ਼ ਲਾਇਆ ਕਿ ਕੁਝ ਮੈਡੀਕਲ ਸਟੋਰਾਂ ਵੱਲੋਂ ਵੀ ਨਿਯਮਾਂ ਦੀ ਉਲੰਘਣਾ ਕਰਕੇ ਪਾਬੰਦੀਸ਼ੁਦਾ ਦਵਾਈਆਂ ਵੇਚੀਆਂ ਜਾ ਰਹੀਆਂ ਹਨ, ਪਰ ਸਬੰਧਤ ਵਿਭਾਗ ਵੱਲੋਂ ਲੋੜੀਂਦੀ ਸਖ਼ਤੀ ਨਹੀਂ ਦਿਖਾਈ ਜਾ ਰਹੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤ ਡਰੱਗ ਇੰਸਪੈਕਟਰਾਂ ਦੀ ਕਾਰਗੁਜ਼ਾਰੀ ਦੀ ਵਿਜੀਲੈਂਸ ਵਿਭਾਗ ਤੋਂ ਜਾਂਚ ਕਰਵਾਈ ਜਾਵੇ ਅਤੇ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਪੰਜਾਬ ਵੱਲੋਂ ਨਸ਼ਾ ਛੁਡਾਓ ਮੁਹਿੰਮ ਤਹਿਤ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਗੰਭੀਰ ਮਸਲੇ ਵੱਲ ਧਿਆਨ ਨਾ ਦਿੱਤਾ ਤਾਂ ਜਥੇਬੰਦੀ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪੰਡਿਤ ਸ਼ਿਵਮ ਵੈਦ, ਆਕਾਸ਼ ਰਾਣਾ, ਰਣਜੀਤ ਸਿੰਘ ਬਘੇਲ, ਗਗਨ ਪਰੋਜ, ਗਿੰਦਾ ਪਰੋਜ, ਸ਼ੁਭਮ ਮਲਹੋਤਰਾ, ਯੋਵਨ ਕੁਮਾਰ, ਸਾਬੀ ਕੁਮਾਰ, ਰਾਹੁਲ, ਆਸ਼ੂ ਅਤੇ ਗੌਰਵ ਕੁਮਾਰ ਸਮੇਤ ਹੋਰ ਵਰਕਰ ਹਾਜ਼ਰ ਸਨ।