ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣਗੇ ਵਿਸ਼ਾਲ ਸਮਾਗਮ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਤੋਂ 6 ਦਸੰਬਰ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣਗੇ ਵਿਸ਼ਾਲ ਸਮਾਗਮ
Publish Date: Sat, 21 Nov 2026 04:18 PM (IST)
Updated Date: Sat, 21 Nov 2026 04:19 PM (IST)
ਵਾਰਾਣਸੀ, ਜੰਮੂ, ਬਠਿੰਡਾ ਅਤੇ ਫਰੀਦਕੋਟ ਤੋਂ ਸਜਾਈਆਂ ਜਾਣਗੀਆਂ ਚਾਰ ਸ਼ੋਭਾ ਯਾਤਰਾਵਾਂ ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ ਬੀਣੇਵਾਲ ਬੀਤ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 4 ਤੋਂ 6 ਦਸੰਬਰ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਵਾਰਾਣਸੀ, ਜੰਮੂ, ਬਠਿੰਡਾ ਅਤੇ ਫਰੀਦਕੋਟ ਤੋਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਸਜਾਈਆਂ ਜਾਣਗੀਆਂ, ਜੋ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣਗੀਆਂ। ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੀ ਆਮਦ ਨੂੰ ਦੇਖਦਿਆਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਨਾਰ-ਏ-ਬੇਗਮਪੁਰਾ ਵਿਖੇ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮਾਂ ਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ। ਮੀਟਿੰਗ ਵਿੱਚ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ, ਮਾਰਕਫੈੱਡ ਦੇ ਐਮ.ਡੀ. ਵਿਸ਼ੇਸ਼ ਸਾਰੰਗਲ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 3 ਦਸੰਬਰ ਨੂੰ ਚਾਰੋਂ ਸ਼ੋਭਾ ਯਾਤਰਾਵਾਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣਗੀਆਂ। 4 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼ਿਰਕਤ ਕਰਨਗੇ ਅਤੇ ਮੀਨਾਰ-ਏ-ਬੇਗਮਪੁਰਾ ਕੰਪਲੈਕਸ ਵਿਖੇ ਗੁਰੂ ਜੀ ਦੇ ਜੀਵਨ ਨਾਲ ਸਬੰਧਤ ਪ੍ਰਦਰਸ਼ਨੀ ਦਾ ਉਦਘਾਟਨ ਕਰਨਗੇ। ਇਸ ਦਿਨ ਸੰਤ ਸੰਮੇਲਨ, ਕੀਰਤਨ ਦਰਬਾਰ ਅਤੇ ਸ਼ਾਮ 7 ਵਜੇ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ਨੂੰ ਦਰਸਾਉਂਦਾ ਥ੍ਰੀ-ਡੀ ਪ੍ਰੋਜੈਕਸ਼ਨ ਅਤੇ ਡਰੋਨ ਸ਼ੋਅ ਕਰਵਾਇਆ ਜਾਵੇਗਾ। 5 ਦਸੰਬਰ ਨੂੰ ਚਰਨ ਛੋਹ ਗੰਗਾ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ। 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ। ਸੰਗਤ ਦੀ ਸਹੂਲਤ ਲਈ ਆਵਾਜਾਈ, ਰਿਹਾਇਸ਼, ਲੰਗਰ ਅਤੇ ਟੈਂਟ ਸਿਟੀ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਪ੍ਰਸ਼ਾਸਨ ਵੱਲੋਂ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।