- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੂੜੇ ਦੇ ਢੇਰਾਂ ’ਚ ਦੱਬ ਕੇ ਰਹਿ ਗਈਆਂ ਰਹੀਮਪੁਰ ਸਬਜੀ ਮੰਡੀ ਦੀਆਂ ਬੁਨਿਆਦੀ ਸਹੂਲਤਾਂ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਹੁਸ਼ਿਆਰਪੁਰ ਦੀ ਰਹੀਮਪੁਰ ਸਬਜ਼ੀ ਮੰਡੀ ਵਿੱਚ ਸਫ਼ਾਈ ਪ੍ਰਬੰਧਾਂ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਮੰਡੀ ਵਿੱਚ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਖਰੀਦਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀ ਵਿੱਚ ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਏ ਹਨ ਅਤੇ ਸਬਜ਼ੀਆਂ ਦੀ ਰਹਿੰਦ-ਖੂੰਹਦ ਖੁੱਲ੍ਹੇ ਵਿੱਚ ਪਈ ਹੋਣ ਕਾਰਨ ਵਾਤਾਵਰਣ ਵਿੱਚ ਬਦਬੂ ਫੈਲ ਰਹੀ ਹੈ। ਮੰਡੀ ਦੇ ਬਹੁਤੇ ਹਿੱਸਿਆਂ ਵਿੱਚ ਵੱਡੀ ਮਾਤਰਾ ਵਿੱਚ ਪਲਾਸਟਿਕ ਦੇ ਲਿਫਾਫੇ, ਸਬਜ਼ੀਆਂ ਦੀ ਰਹਿੰਦ-ਖੂੰਹਦ ਅਤੇ ਹੋਰ ਕੂੜਾ ਖਿੱਲਰਿਆ ਦਿਖਾਈ ਦੇ ਰਿਹਾ ਹੈ। ਇਸ ਦੇ ਨਾਲ ਹੀ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਰਸਤੇ ਦੀ ਹਾਲਤ ਵੀ ਖਰਾਬ ਹੋਣ ਅਤੇ ਪਾਣੀ ਅਤੇ ਕੂੜੇ ਦੇ ਮਿਸ਼ਰਣ ਕਾਰਨ ਹਰ ਵੇਲੇ ਗੰਦੀ ਬਦਬੂ ਉੱਠਦੀ ਰਹਿੰਦੀ ਹੈ।ਗੰਦਗੀ ਕਾਰਨ ਮੱਖੀਆਂ ਅਤੇ ਮੱਛਰ ਪੈਦਾ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖਤਰਾ ਵੀ ਵਧ ਸਕਦਾ ਹੈ। ਮੰਡੀ ਵਿੱਚ ਆਉਣ ਵਾਲੇ ਕਿਸਾਨਾਂ ਦਾ ਕਹਿਣਾ ਹੈ ਕਿ ਸਬਜ਼ੀਆਂ ਲੈ ਕੇ ਰੋਜ਼ਾਨਾ ਮੰਡੀ ਪਹੁੰਚਣ ਵਾਲੇ ਲੋਕਾਂ ਲਈ ਸਾਫ਼-ਸੁਥਰਾ ਮਾਹੌਲ ਹੋਣਾ ਬਹੁਤ ਜ਼ਰੂਰੀ ਹੈ, ਪਰ ਇੱਥੇ ਕਈ ਥਾਵਾਂ ’ਤੇ ਗੰਦਗੀ ਕਾਰਨ ਤੁਰਨਾ ਵੀ ਮੁਸ਼ਕਲ ਹੋ ਜਾਂਦਾ ਹੈ। ਮੰਡੀ ਵਿੱਚ ਕੂੜੇ ਦੀ ਨਿਯਮਤ ਚੁਕਾਈ ਅਤੇ ਸਫਾਈ ਨਾ ਹੋਣ ਕਾਰਨ ਸਮੱਸਿਆ ਲਗਾਤਾਰ ਵਧਦੀ ਜਾ ਰਹੀ ਹੈ।
ਇਸ ਤੋਂ ਇਲਾਵਾ ਮੰਡੀ ਵਿੱਚ ਸਾਫ਼ ਪੀਣ ਵਾਲੇ ਪਾਣੀ, ਸਫਾਈ ਵਾਲੇ ਪਖਾਨਿਆਂ, ਨਿਕਾਸੀ ਪ੍ਰਬੰਧ ਅਤੇ ਕੂੜਾ ਇਕੱਠਾ ਕਰਨ ਲਈ ਢੁਕਵੇਂ ਪ੍ਰਬੰਧ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ। ਕਿਸਾਨਾਂ ਅਤੇ ਆੜ੍ਹਤੀਆਂ ਦਾ ਕਹਿਣਾ ਹੈ ਕਿ ਮੰਡੀ ਵਰਗੇ ਜਨਤਕ ਸਥਾਨ ’ਤੇ ਸਫਾਈ ਅਤੇ ਮੁੱਢਲੀਆਂ ਸਹੂਲਤਾਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਲੋਕਾਂ ਨੇ ਸਬੰਧਿਤ ਮੰਡੀ ਪ੍ਰਬੰਧਨ ਅਤੇ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮੰਡੀ ਦੀ ਤੁਰੰਤ ਸਫਾਈ ਕਰਵਾਈ ਜਾਵੇ, ਗੰਦਗੀ ਦੇ ਢੇਰ ਚੁਕਵਾਏ ਜਾਣ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਪੱਕਾ ਪ੍ਰਬੰਧ ਕੀਤਾ ਜਾਵੇ। ਇਸ ਦੇ ਨਾਲ ਹੀ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਸਮੇਤ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਕੇ ਆਉਣ ਵਾਲੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।
ਧੀਮਾਨ ਨੇ ਕੀਤੀ ਸ਼ਿਕਾਇਤ : ਭਾਰਤ ਜਗਾਓ ਅੰਦੋਲਨ ਦੇ ਪ੍ਰਧਾਨ ਧੀਮਾਨ ਨੇ ਫਿਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਅਪੀਲ ਕੀਤੀ ਕਿ ਲੋਕਾਂ ਦੀ ਸਿਹਤ ਨੂੰ ਵੇਖਦਿਆਂ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਵਾਈ ਜਾਵੇ। ਮਾਰਕੀਟ ਕਮੇਟੀ ਮਿਊਂਸੀਪਲ ਹੁਸ਼ਿਆਰਪੁਰ ਦਾ ਬਕਾਇਆ ਰਾਸ਼ੀ 6,62,688 ਰੁਪਏ ਸ਼ਰਤ ਅਨੁਸਾਰ ਨਹੀਂ ਦੇ ਸਕੀ।
ਕੀ ਕਹਿੰਦੇ ਹਨ ਚੇਅਰਮੈਨ : ਇਸ ਸਬੰਧੀ ਮਾਰਕੀਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਤਾੜਨਾ ਕੀਤੀ ਜਾ ਰਹੀ ਹੈ ਅਤੇ ਕੂੜਾ ਸੁੱਟਣ ਵਾਲਿਆਂ ਵਿਰੁੱਧ ਕਾਰਵਾਈ ਵੀ ਕੀਤੀ ਜਾਂਦੀ ਹੈ। ਜਲਦੀ ਹੀ ਇਹ ਸਮੱਸਿਆ ਵੀ ਦੂਰ ਹੋ ਜਾਵੇਗੀ।