ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਸੰਘਰਸ਼ ਰਹੇਗਾ ਜਾਰੀ : ਜਸਵੀਰ ਤਲਵਾੜਾ ਸੰਗਰੂਰ ਪੱਕੇ ਮੋਰਚੇ ਵਿੱਚ 19 ਨਵੰਬਰ ਨੂੰ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ ਜੀ.ਟੀ.ਯੂ.
Publish Date: Sun, 15 Nov 2026 03:55 PM (IST)
Updated Date: Mon, 16 Nov 2026 04:00 AM (IST)
ਸੰਗਰੂਰ ਪੱਕੇ ਮੋਰਚੇ ਵਿੱਚ 19 ਨਵੰਬਰ ਨੂੰ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ’ਚ ਸ਼ਮੂਲੀਅਤ ਕਰੇਗੀ ਜੀ.ਟੀ.ਯੂ., ਮੁਲਾਜ਼ਮ ਮੰਗਾਂ ਪ੍ਰਤੀ ਸਰਕਾਰ ਦੀ ਬੇਰੁਖ਼ੀ ਦਾ ਜਵਾਬ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਦੇਣਗੇ ਮੁਲਾਜ਼ਮ : ਚੌਟਾਲਾ ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਮੁਲਾਜ਼ਮ ਮੰਚ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋਂ ਸੰਗਰੂਰ ਵਿਖੇ 13 ਤੋਂ 19 ਨਵੰਬਰ ਤੱਕ ਲਗਾਏ ਜਾ ਰਹੇ ਪੱਕੇ ਮੋਰਚੇ ਵਿੱਚ 19 ਨਵੰਬਰ ਨੂੰ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਬੰਧੀ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ ਅਤੇ ਜਨਰਲ ਸਕੱਤਰ ਜਸਵੀਰ ਤਲਵਾੜਾ ਦੀ ਅਗਵਾਈ ਹੇਠ ਹੋਈ। ਆਗੂਆਂ ਨੇ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਟਾਲਮਟੋਲ ਦੀ ਨੀਤੀ ਦੀ ਨਿਖੇਧੀ ਕਰਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਡੀ.ਏ. ਦੀਆਂ ਰਹਿੰਦੀਆਂ ਕਿਸ਼ਤਾਂ ਤੇ ਬਕਾਇਆ ਜਾਰੀ ਕਰਨ, ਪੈਨਸ਼ਨਰਾਂ ਲਈ 2.59 ਗੁਣਾਂਕ ਲਾਗੂ ਕਰਨ ਅਤੇ ਪੇਅ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ, ਅਦਾਲਤੀ ਫ਼ੈਸਲੇ ਲਾਗੂ ਕਰਨ ਅਤੇ ਮਿੱਡ-ਡੇ-ਮੀਲ ਤੇ ਆਸ਼ਾ ਵਰਕਰਾਂ ਦੇ ਮਾਨ ਭੱਤੇ ਵਿੱਚ ਵਾਧਾ ਕਰਨ ਦੀ ਮੰਗ ਵੀ ਉਠਾਈ ਗਈ। ਪ੍ਰਿਤਪਾਲ ਸਿੰਘ ਚੌਟਾਲਾ ਨੇ ਕਿਹਾ ਕਿ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਮੁਲਾਜ਼ਮ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਜਵਾਬ ਦੇਣਗੇ। ਜਸਵੀਰ ਤਲਵਾੜਾ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸੰਜੀਵ ਧੂਤ, ਸੁਨੀਲ ਸ਼ਰਮਾ, ਪ੍ਰਿੰਸ ਪਲਿਆਲ, ਵਿਕਾਸ ਸ਼ਰਮਾ, ਰਜਤ ਮਹਾਜਨ ਸਮੇਤ ਵੱਡੀ ਗਿਣਤੀ ਵਿੱਚ ਯੂਨੀਅਨ ਆਗੂ ਅਤੇ ਅਧਿਆਪਕ ਹਾਜ਼ਰ ਸਨ।