ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦੌਰਾਨ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦੌਰਾਨ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ
Publish Date: Tue, 03 Nov 2026 05:01 PM (IST)
Updated Date: Tue, 03 Nov 2026 05:02 PM (IST)
ਫੂਲਾ ਸਿੰਘ ਬੀਰਮਪੁਰ, ਪੰਜਾਬੀ ਜਾਗਰਣ ਗੜ੍ਹਸ਼ੰਕਰ : ਸ਼੍ਰੋਮਣੀ ਅਕਾਲੀ ਦਲ ਦੇ ਗੜ੍ਹਸ਼ੰਕਰ ਸਥਿਤ ਮੁੱਖ ਦਫ਼ਤਰ ਵਿਖੇ ਹਲਕਾ ਇੰਚਾਰਜ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਾਰਟੀ ਹਾਈਕਮਾਂਡ ਵੱਲੋਂ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਨਿਯੁਕਤੀ ਸਰਟੀਫਿਕੇਟ ਦੇ ਕੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਜਥੇਦਾਰ ਜੋਗਾ ਸਿੰਘ ਬਗਵਾਈ ਅਤੇ ਹਰਜੀਤ ਸਿੰਘ ਭਾਤਪੁਰੀ ਨੂੰ ਕੌਮੀ ਵਾਈਸ ਪ੍ਰਧਾਨ, ਹਰਜਿੰਦਰ ਸਿੰਘ ਨੂੰ ਜ਼ੋਨ ਸਕੱਤਰ ਅਤੇ ਨੰਬਰਦਾਰ ਸੁਖਵਿੰਦਰ ਸਿੰਘ ਨੂੰ ਜ਼ਿਲ੍ਹਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਆਗੂਆਂ ਨੇ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ, ਕਿਸਾਨੀ ਸੰਕਟ ਅਤੇ ਵਪਾਰਕ ਮੰਦੀ ਕਾਰਨ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਉਭਰੇਗਾ ਅਤੇ ਲੋਕ ਪਾਰਟੀ ਦੀਆਂ ਨੀਤੀਆਂ ਨੂੰ ਸਮਰਥਨ ਦੇਣਗੇ। ਇਸ ਮੌਕੇ ਰਜਿੰਦਰ ਸਿੰਘ ਸੂਕਾ, ਕੁਲਵੀਰ ਸਿੰਘ ਡੋਗਰਪੁਰ, ਮਾਸਟਰ ਬਲਵੀਰ ਸਿੰਘ ਕਹਾਰਪੁਰੀ ਸਮੇਤ ਕਈ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।