- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਤਿਕਾਰ ਸਖੀਆਂ ਦੇ ਸਨਮਾਨ ਨਾਲ ਮਹਿਲਾਵਾਂ ਦਾ ਆਤਮ-ਵਿਸ਼ਵਾਸ ਹੋ ਰਿਹੈ ਮਜ਼ਬੂਤ : ਡਾ. ਰਵਜੋਤ ਸਿੰਘ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਤੱਕ ਪਹੁੰਚਾਉਣ ਵਾਲੀਆਂ ਸਤਿਕਾਰ ਸਖੀਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੀਆਂ 1100 ਤੋਂ ਵੱਧ ਸਤਿਕਾਰ ਸਖੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਸਮਰਪਣ ਭਾਵਨਾ, ਮਿਹਨਤ ਅਤੇ ਸਮਾਜ ਪ੍ਰਤੀ ਸੇਵਾ ਦੀ ਸ਼ਲਾਘਾ ਕੀਤੀ। ਡਾ. ਰਵਜੋਤ ਸਿੰਘ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਔਰਤਾਂ ਨੂੰ ਸਿਰਫ਼ ਆਰਥਿਕ ਸਹਾਇਤਾ ਦੇਣ ਤੱਕ ਸੀਮਤ ਨਹੀਂ ਹੈ, ਸਗੋਂ ਉਨ੍ਹਾਂ ਨੂੰ ਸਨਮਾਨ, ਅਧਿਕਾਰਾਂ ਦੀ ਜਾਣਕਾਰੀ ਅਤੇ ਆਤਮਨਿਰਭਰ ਬਣਨ ਦੇ ਮੌਕੇ ਵੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਇਸੇ ਸੋਚ ਦਾ ਇੱਕ ਮਹੱਤਵਪੂਰਨ ਹਿੱਸਾ ਹੈ, ਜਿਸ ਤਹਿਤ ਰੱਖੜੀ ਦੇ ਮੌਕੇ ’ਤੇ ਪੰਜਾਬ ਦੀਆਂ 75 ਲੱਖ ਤੋਂ ਵੱਧ ਔਰਤਾਂ ਨੂੰ ਆਰਥਿਕ ਸਹਾਇਤਾ ਦਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਸਨਮਾਨ, ਸੁਰੱਖਿਆ ਅਤੇ ਸਸ਼ਕਤੀਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਸਰਕਾਰ ਦਾ ਉਦੇਸ਼ ਹੈ ਕਿ ਹਰ ਮਹਿਲਾ ਨੂੰ ਆਪਣੇ ਅਧਿਕਾਰਾਂ ਦੀ ਜਾਣਕਾਰੀ ਹੋਵੇ ਅਤੇ ਉਹ ਆਰਥਿਕ ਤੇ ਸਮਾਜਿਕ ਤੌਰ ’ਤੇ ਮਜ਼ਬੂਤ ਬਣੇ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਸਾਰੀਆਂ ਸਤਿਕਾਰ ਸਖੀਆਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਮਹਿਲਾ ਵਿੰਗ ਦੀ ਇੰਚਾਰਜ ਰਜਵੰਤ ਕੌਰ ਧਾਮੀ, ਪਰਵਿੰਦਰ ਸਿੰਘ ਸੱਜਣ, ਲਵਦੀਪ ਸਿੰਘ ਗਿੱਲ, ਕਮਲ ਧੂਤ, ਸਰਪੰਚ ਰਵਿੰਦਰ ਕੌਰ, ਸਰਪੰਚ ਮੀਨਾ ਰਾਣੀ, ਕੰਚਨ ਦਿਓਲ ਅਤੇ ਹੋਰ ਮੋਹਤਬਰ ਮੌਜੂਦ ਸਨ।