- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਪੁਲਿਸ ਗ੍ਰਹਿ ਮੰਤਰੀ ਦੇ ਹੁਕਮਾਂ ਤੋਂ ਬਿਨਾਂ ਫਾਇਰਿੰਗ ਨਹੀਂ ਕਰ ਸਕਦੀ। ਪੁਲਿਸ ਦੇ ਹਰ ਕਾਰਤੂਸ ਦਾ ਹਿਸਾਬ ਦੇਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਹ ਕਿਵੇਂ ਹੋ ਸਕਦਾ ਹੈ ਕਿ ਅਣਪਛਾਤੀ ਪੁਲਿਸ ਆਈ ਅਤੇ ਗੋਲੀਆਂ ਚਲਾ ਕੇ ਚਲੀ ਗਈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬੇਅਦਬੀ ਵਰਗੇ ਮਾਮਲਿਆਂ ਵਿੱਚ ਸਖ਼ਤ ਕਾਨੂੰਨ ਨਹੀਂ ਬਣਾਏ, ਜਦਕਿ ਹੁਨ ਦੀ ਪੰਜਾਬ ਸਰਕਾਰ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਹੈ।

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਦੇ ਕੰਢੀ ਖੇਤਰ ਦੇ ਪਿੰਡ ਭੱਠਲਾਂ ਵਿਖੇ ਲੋਕ ਮਿਲਣੀ ਦੌਰਾਨ ਵਿਰੋਧੀ ਧਿਰਾਂ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਹੁਣ ਪੰਜਾਬ ਵਿੱਚ ਸੱਤਾ ਦੀ ਵਾਰੀ ਦੀ ਉਡੀਕ ਕਰਨ ਵਾਲਿਆਂ ਦੀ ਨਹੀਂ, ਸਗੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਰਗੇ ਮਾਮਲਿਆਂ ਵਿੱਚ ਜਵਾਬਦੇਹੀ ਤੈਅ ਹੋਣ ਦੀ ਵਾਰੀ ਹੈ।
ਮੁੱਖ ਮੰਤਰੀ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਕਹਿੰਦੇ ਰਹੇ ਕਿ ਸਾਡੀ ਵਾਰੀ ਆਵੇਗੀ, ਪਰ ਹੁਣ ਵਾਰੀ ਕਾਨੂੰਨ ਦੇ ਸਾਹਮਣੇ ਜਵਾਬ ਦੇਣ ਦੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਅਤੇ ਗੋਲੀਕਾਂਡ ਜਦੋਂ ਹੋਏ, ਉਸ ਸਮੇਂ ਸੁਖਬੀਰ ਬਾਦਲ ਗ੍ਰਹਿ ਮੰਤਰੀ ਅਤੇ ਉਪ ਮੁੱਖ ਮੰਤਰੀ ਸਨ।
ਉਨ੍ਹਾਂ ਕਿਹਾ ਕਿ ਪੁਲਿਸ ਗ੍ਰਹਿ ਮੰਤਰੀ ਦੇ ਹੁਕਮਾਂ ਤੋਂ ਬਿਨਾਂ ਫਾਇਰਿੰਗ ਨਹੀਂ ਕਰ ਸਕਦੀ। ਪੁਲਿਸ ਦੇ ਹਰ ਕਾਰਤੂਸ ਦਾ ਹਿਸਾਬ ਦੇਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਹ ਕਿਵੇਂ ਹੋ ਸਕਦਾ ਹੈ ਕਿ ਅਣਪਛਾਤੀ ਪੁਲਿਸ ਆਈ ਅਤੇ ਗੋਲੀਆਂ ਚਲਾ ਕੇ ਚਲੀ ਗਈ।
ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬੇਅਦਬੀ ਵਰਗੇ ਮਾਮਲਿਆਂ ਵਿੱਚ ਸਖ਼ਤ ਕਾਨੂੰਨ ਨਹੀਂ ਬਣਾਏ, ਜਦਕਿ ਹੁਨ ਦੀ ਪੰਜਾਬ ਸਰਕਾਰ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਗੁਰੂ ਸਾਹਿਬ ਦੀ ਬੇਅਦਬੀ ਕਰਨ ਦੀ ਹਿੰਮਤ ਨਹੀਂ ਕਰ ਸਕੇਗਾ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਨੇ ਧਰਮ ਨੂੰ ਸਿਆਸੀ ਹਿੱਤਾਂ ਲਈ ਵਰਤਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀਆਂ ਗਲਤੀਆਂ ਮੰਨਣ ਤੋਂ ਬਾਅਦ ਮੁੱਕਰਨ ਦਾ ਲੋਕਾਂ ਨੇ ਨੋਟਿਸ ਲਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰਾਂ ਉਨ੍ਹਾਂ ਖ਼ਿਲਾਫ਼ ਕਈ ਤਰ੍ਹਾਂ ਦੇ ਪ੍ਰਚਾਰ ਕਰਨਗੀਆਂ ਅਤੇ ਵੀਡੀਓਜ਼ ਬਣਾਉਣਗੀਆਂ, ਪਰ ਲੋਕ ਇਨ੍ਹਾਂ ਗੱਲਾਂ ਵੱਲ ਧਿਆਨ ਨਾ ਦੇਣ। ਉਨ੍ਹਾਂ ਕਿਹਾ ਕਿ ਜਦੋਂ ਤੱਕ ਲੋਕਾਂ ਦਾ ਸਾਥ ਹੈ, ਉਹ ਪੰਜਾਬ ਦੀ ਤਰੱਕੀ ਲਈ ਕੰਮ ਕਰਦੇ ਰਹਿਣਗੇ।
ਉਨ੍ਹਾਂ ਕਾਂਗਰਸ ਅਤੇ ਅਕਾਲੀ ਦਲ ਦਾ ਨਾਮ ਲਏ ਬਿਨਾਂ ਕਿਹਾ ਕਿ ਪਹਿਲਾਂ ਦੋ ਵੱਡੀਆਂ ਪਾਰਟੀਆਂ ਵਾਰੀ-ਵਾਰੀ ਸੱਤਾ ਵਿੱਚ ਆਉਂਦੀਆਂ ਰਹੀਆਂ ਅਤੇ ਲੋਕਾਂ ਦੇ ਮੁੱਦੇ ਪਿੱਛੇ ਰਹਿ ਗਏ। ਉਨ੍ਹਾਂ ਕਿਹਾ ਕਿ ਲੋਕਾਂ ਨੇ ਬਦਲਾਅ ਨੂੰ ਮੌਕਾ ਦਿੱਤਾ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਬਜਾਏ ਪੰਜਾਬ ਵਿੱਚ ਰਹਿ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਗੁਰੂਆਂ, ਸ਼ਹੀਦਾਂ ਅਤੇ ਗਦਰੀ ਬਾਬਿਆਂ ਦੀ ਧਰਤੀ ਹੈ। ਪੰਜਾਬ ਕੋਲ ਪਾਣੀ, ਉਪਜਾਊ ਜ਼ਮੀਨ, ਵਧੀਆ ਮੌਸਮ ਅਤੇ ਮਿਹਨਤੀ ਲੋਕ ਹਨ, ਇਸ ਲਈ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਇਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਮਾੜੀਆਂ ਨੀਤੀਆਂ ਕਾਰਨ ਨੌਜਵਾਨ ਵਿਦੇਸ਼ਾਂ ਵੱਲ ਗਏ, ਜਿਸ ਨਾਲ ਕਈ ਪਰਿਵਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੌਜਵਾਨਾਂ ਨੂੰ ਆਪਣੀ ਧਰਤੀ ਨਾਲ ਜੁੜ ਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਸਰਕਾਰ ਵੱਲੋਂ ਸਿੱਖਿਆ, ਸਿਹਤ, ਸਿੰਚਾਈ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ 10 ਲੱਖ ਰੁਪਏ ਤੱਕ ਦੇ ਸਿਹਤ ਕਾਰਡ ਬਣਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ ਪੰਜਾਬ ਦੀਆਂ ਮਹਿਲਾਵਾਂ ਲਈ ਵਿੱਤੀ ਸਹਾਇਤਾ ਯੋਜਨਾ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮਹਿਲਾ ਸਰਕਾਰੀ ਮੁਲਾਜ਼ਮਾਂ ਦੀ ਸਹੂਲਤ ਲਈ ਸਰਕਾਰ ਨੇ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪ੍ਰੋਬੇਸ਼ਨ ਪੂਰਾ ਹੋਣ ਤੋਂ ਬਾਅਦ ਗਰੁੱਪ ਸੀ ਅਤੇ ਡੀ ਸ਼੍ਰੇਣੀ ਦੀਆਂ ਮਹਿਲਾ ਮੁਲਾਜ਼ਮਾਂ ਦੀ ਡਿਊਟੀ ਉਨ੍ਹਾਂ ਦੇ ਘਰ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਘੇਰੇ ਵਿੱਚ ਲਗਾਈ ਜਾਵੇਗੀ। ਇਸ ਨਾਲ ਉਨ੍ਹਾਂ ਨੂੰ ਆਵਾਜਾਈ ਦੀ ਖੱਜਲ-ਖੁਆਰੀ ਅਤੇ ਵਾਧੂ ਖਰਚੇ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਭਲਾਈ ਅਤੇ ਸਹੂਲਤ ਸਰਕਾਰ ਦੀ ਪਹਿਲੀ ਤਰਜੀਹ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਵੱਡੇ ਪੱਧਰ 'ਤੇ ਮਨਾਇਆ ਹੈ ਅਤੇ ਫਰਵਰੀ 2027 ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੀ ਪੰਜਾਬ ਭਰ ਵਿੱਚ ਮਨਾਇਆ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਫਤਿਹਪੁਰ ਦੀ ਪੰਚਾਇਤ ਨੂੰ 20 ਲੱਖ ਰੁਪਏ, ਪਿੰਡ ਭੱਠਲਾਂ ਅਤੇ ਪਿੰਡ ਖੰਗਵਾੜੀ ਦੀ ਪੰਚਾਇਤ ਨੂੰ 15-15 ਲੱਖ ਰੁਪਏ ਅਤੇ ਪਿੰਡ ਬਾਟੀਵਾਲ ਦੀ ਪੰਚਾਇਤ ਨੂੰ 12 ਲੱਖ ਰੁਪਏ ਦੀਆਂ ਵਿਕਾਸ ਗਰਾਂਟਾਂ ਦੇ ਚੈੱਕ ਸੌਂਪੇ।
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਹਲਕਾ ਉੜਮੁੜ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਹਲਕਾ ਦਸੂਆ ਤੋਂ ਵਿਧਾਇਕ ਕਰਮਵੀਰ ਸਿੰਘ ਘੁੰਮਣ, ਇੰਪਰੂਵਮੈਂਟ ਟਰਸਟ ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਵਲਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।