Hoshiarpur News : ਬਜ਼ੁਰਗ ਸੁਨਿਆਰੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗਹਿਣਿਆਂ ਨਾਲ ਭਰਿਆ ਬੈਗ ਲੁੱਟਿਆ
ਇਸ ਦੌਰਾਨ ਪਿੱਛੋਂ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਨੌਜਵਾਨ ਆਏ ਅਤੇ ਉਨ੍ਹਾਂ ਨੂੰ ਘੇਰ ਕੇ ਬੈਗ ਖੋਹਣ ਦੀ ਕੋਸ਼ਿਸ਼ ਕੀਤੀ। ਦੇਵ ਰਾਜ ਵੱਲੋਂ ਬੈਗ ਨਾ ਛੱਡਣ ’ਤੇ ਦੋਸ਼ੀਆਂ ਨੇ ਉਨ੍ਹਾਂ ਨੂੰ ਘਸੀਟਿਆ ਅਤੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
Publish Date: Sat, 21 Mar 2026 06:55 PM (IST)
Updated Date: Sat, 21 Mar 2026 06:57 PM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਟਾਂਡਾ ਬਾਈਪਾਸ ਚੌਕ ’ਚ ਇਕ ਬਜ਼ੁਰਗ ਸੁਨਿਆਰੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਸੋਨੇ-ਚਾਂਦੀ ਦੇ ਗਹਿਣਿਆਂ ਨਾਲ ਭਰਿਆ ਬੈਗ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।
ਜ਼ਖ਼ਮੀ ਸੁਨਿਆਰਾ ਦੇਵ ਰਾਜ, ਜੋ ਕਿ ਪ੍ਰੈੱਸ ਰਿਪੋਰਟਰ ਸੰਦੀਪ ਵਰਮਾ ਦੇ ਪਿਤਾ ਅਤੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ, ਹਰ ਰੋਜ਼ ਦੀ ਤਰ੍ਹਾਂ ਬੀਤੀ ਸ਼ਾਮ ਸਮੇਂ ਆਪਣੀ ਦੁਕਾਨ ਜੋ ਕਿ ਹੁਸ਼ਿਆਰਪੁਰ-ਟਾਂਡਾ ਰੋਡ ’ਤੇ ਅੱਡਾ ਸਰਾਂ ਵਿੱਖੇ ਹੈ ਤੋਂ ਬੱਸ ਰਾਹੀਂ ਵਾਪਸ ਆ ਰਹੇ ਸਨ। ਟਾਂਡਾ ਚੌਂਕ ਹੁਸ਼ਿਆਰਪੁਰ ਤੇ ਬੱਸ ਤੋਂ ਉਤਰ ਕੇ ਉਹ ਭਗਵਾਨ ਵਾਲਮੀਕ ਚੌਂਕ ਵੱਲ ਪੈਦਲ ਜਾ ਰਹੇ ਸਨ।
ਇਸ ਦੌਰਾਨ ਪਿੱਛੋਂ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਨੌਜਵਾਨ ਆਏ ਅਤੇ ਉਨ੍ਹਾਂ ਨੂੰ ਘੇਰ ਕੇ ਬੈਗ ਖੋਹਣ ਦੀ ਕੋਸ਼ਿਸ਼ ਕੀਤੀ। ਦੇਵ ਰਾਜ ਵੱਲੋਂ ਬੈਗ ਨਾ ਛੱਡਣ ’ਤੇ ਦੋਸ਼ੀਆਂ ਨੇ ਉਨ੍ਹਾਂ ਨੂੰ ਘਸੀਟਿਆ ਅਤੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਲੁਟੇਰੇ ਬੈਗ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੇ ਬਾਅਦ ਰਾਹਗੀਰਾਂ ਵੱਲੋਂ ਜਖ਼ਮੀ ਨੂੰ ਤੁਰੰਤ ਨਜ਼ਦੀਕੀ ਨਿੱਜੀ ਹਸਪਤਾਲ ਪਹੁੰਚਾਇਆ ਗਿਆ।
ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਹੋਰ ਇਲਾਜ ਲਈ ਦੂਜੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਖੰਗਾਲੀ ਜਾ ਰਹੀ ਹੈ।