- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ, ਗੁੰਡਾਗਰਦੀ ਅਤੇ ਨਸ਼ਾ ਤਸਕਰੀ ਦੇ ਹਲਾਤ ਬੇਹੱਦ ਚਿੰਤਾਜਨਕ ਹਨ। ਉਨ੍ਹਾਂ ਆਖਿਆ ਕਿ ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ਦੇ ਬੁਰੇ ਵਰਤਾਰੇ ਵਿਚ ਮਾੜੇ ਅਨਸਰਾਂ ਦੇ ਨਾਲ ਨਾਲ ਪੁਲਿਸ ਅਤੇ ਰਾਜਨੀਤਿਕ ਲੋਕ ਸ਼ਾਮਲ ਹਨ।

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪਿੰਡ ਮਿਆਣੀ ਪਹੁੰਚੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਪ੍ਰਧਾਨ ਪ੍ਰਗਟ ਸਿੰਘ, ਸਹਿ ਇੰਚਾਰਜ ਸੂਰਜ ਠਾਕੁਰ ਨੇ ਕਾਰਜਕਾਰੀ ਪ੍ਰਧਾਨ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਹੋਰ ਜ਼ਿਲਾ ਲੀਡਰਸ਼ਿਪ ਦੀ ਮੌਜੂਦਗੀ ਵਿਚ ਗੈਂਗਸਟਰਾਂ ਵੱਲੋਂ ਰਕਮ ਲੈਕੇ ਕਤਲ ਕੀਤੇ ਗਏ ਬਲਵਿੰਦਰ ਸਿੰਘ ਸਤਿਕਰਤਾਰ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਬਲਵਿੰਦਰ ਸਿੰਘ ਦੇ ਭਰਾ ਪ੍ਰਿੰਸੀਪਲ ਸਤਵਿੰਦਰ ਸਿੰਘ, ਲਖਵਿੰਦਰ ਸਿੰਘ ਮਟੀਆਣਾ ਨੇ ਪਾਇਲਟ ਅਤੇ ਪ੍ਰਗਟ ਸਿੰਘ ਨੂੰ ਵਿਦੇਸ਼ ਬੈਠੇ ਵਿਅਕਤੀਆਂ ਵੱਲੋਂ ਗੈਂਗਸਟਰਾਂ ਰਾਹੀਂ ਕਰਵਾਏ ਗਏ ਇਸ ਦਿਨ ਦਿਹਾੜੇ ਹੋਏ ਕਤਲ ਅਤੇ ਇਸ ਸਾਜ਼ਿਸ਼ ਵਿਚ ਸ਼ਾਮਲ ਲੋਕਾਂ ਬਾਰੇ ਦੱਸਿਆ।
ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ, ਗੁੰਡਾਗਰਦੀ ਅਤੇ ਨਸ਼ਾ ਤਸਕਰੀ ਦੇ ਹਲਾਤ ਬੇਹੱਦ ਚਿੰਤਾਜਨਕ ਹਨ। ਉਨ੍ਹਾਂ ਆਖਿਆ ਕਿ ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ਦੇ ਬੁਰੇ ਵਰਤਾਰੇ ਵਿਚ ਮਾੜੇ ਅਨਸਰਾਂ ਦੇ ਨਾਲ ਨਾਲ ਪੁਲਿਸ ਅਤੇ ਰਾਜਨੀਤਿਕ ਲੋਕ ਸ਼ਾਮਲ ਹਨ। ਉਨ੍ਹਾਂ ਮਿਆਣੀ ਕਤਲ ਕਾਂਡ ਦੇ ਬਾਰੇ ਐੱਫਬੀਆਈ ਦੇ ਖੁਲਾਸੇ ਦਾ ਜ਼ਿਕਰ ਕਰਦੇ ਹੋਏ ਪੰਜਾਬ ਪੁਲਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹਾ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਤੋਂ ਪੈਦਾ ਹੋਣ ਵਾਲੇ ਪੈਸੇ ਅਤੇ ਅਪਰਾਧਿਕ ਗਤੀਵਿਧੀਆਂ ਵਿਚਕਾਰ ਸਬੰਧਾਂ ਦੀ ਜਾਂਚ ਹੋਣੀ ਚਾਹੀਦੀ ਹੈ, ਜਦਕਿ ਸਰਕਾਰ ਜਨਤਾ ਦੇ ਪੈਸੇ ਦੀ ਦੁਰਵਰਤੋਂ ਆਪਣੀ ਇਸ਼ਤਿਹਾਰਬਾਜ਼ੀ ਅਤੇ ਅਕਸ ਸੁਧਾਰਨ ਲਈ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਅਪਰਾਧੀਆਂ, ਨਸ਼ਾ ਤਸਕਰਾਂ ਅਤੇ ਰਾਜਨੀਤਿਕ ਲੋਕਾਂ ਦੇ ਇਸ ਕਥਿਤ ਗੱਠਜੋੜ ਨੂੰ ਖ਼ਤਮ ਕਰਨਾ ਸਮੇਂ ਦੀ ਮੁੱਖ ਲੋੜ ਹੈ। ਕਾਂਗਰਸ ਆਉਣ ਵਾਲੀਆਂ ਚੋਣਾਂ ਲਈ ਇਸ ਮੁੱਦੇ ’ਤੇ ਇੱਕ ਠੋਸ ਨੀਤੀ ਲੈ ਕੇ ਆਵੇਗੀ, ਜਿਸ ਦਾ ਉਦੇਸ਼ ਸੂਬੇ ਵਿਚ ਕਾਨੂੰਨ ਦਾ ਰਾਜ ਬਹਾਲ ਕਰਨਾ, ਨਸ਼ਾ ਤਸਕਰੀ ’ਤੇ ਰੋਕ ਲਗਾਉਣਾ ਅਤੇ ਲੋਕਾਂ ਦਾ ਪੁਲਿਸ ਤੇ ਪ੍ਰਸ਼ਾਸਨ ਵਿੱਚ ਭਰੋਸਾ ਮਜ਼ਬੂਤ ਕਰਨਾ ਹੋਵੇਗਾ। ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਦੀਆਂ ਇਨ੍ਹਾਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਸਾਰੀਆਂ ਧਿਰਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਨਾ ਚਾਹੀਦਾ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਬੇਹੱਦ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਅਤੇ ਚਿੱਟੇ ਤੇ ਮੈਡੀਕਲ ਨਸ਼ਿਆਂ ਦੀ ਕਥਿਤ ਤੌਰ ’ਤੇ ਰਾਸ਼ਨ ਵਾਂਗ ਹੋਮ ਡਿਲਿਵਰੀ ਹੋਣਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਾਂ ’ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ, ਜਦਕਿ ਜ਼ਮੀਨੀ ਪੱਧਰ ’ਤੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ।