ਚੱਬੇਵਾਲ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ
ਵਿਸ਼ਾਲ ਨਗਰ ਕੀਰਤਨ ਦਾ ਹਲਕਾ ਚੱਬੇਵਾਲ ਵਿਖੇ ਪਹੁੰਚਣ 'ਤੇ ਥਾਂ ਥਾਂ ਉੱਤੇ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ
Publish Date: Mon, 24 Nov 2025 03:25 PM (IST)
Updated Date: Mon, 24 Nov 2025 03:25 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਚੱਬੇਵਾਲ: ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਵਾਸਤੇ ਬਲਿਦਾਨ ਦੇਣ ਵਾਲੇ ਸਾਹਿਬ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ , ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸ੍ਰੀਨਗਰ ਤੋਂ ਚੱਲੇ ਆ ਰਹੇ ਵਿਸ਼ਾਲ ਨਗਰ ਕੀਰਤਨ ਦਾ ਹਲਕਾ ਚੱਬੇਵਾਲ ਵਿਖੇ ਪਹੁੰਚਣ ਤੇ ਥਾਂ ਥਾਂ ਉੱਤੇ ਹਲਕਾ ਚੱਬੇਵਾਲ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਸਿੱਖ ਸੰਸਥਾਵਾਂ ਅਤੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਹਾਜ਼ਰ ਹੋ ਕੇ ਸੰਗਤਾਂ ਵੱਲੋਂ ਅੱਡਾ ਚੱਗਰਾਂ, ਚੱਬੇਵਾਲ, ਜਿਆਣ ਅਤੇ ਹੰਦਵਾਲ ਵਿਖੇ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼ਰਧਾ ਸਹਿਤ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਾਮਿਲ ਹੋਏ ਸਾਂਸਦ ਮੈਂਬਰ ਡਾਕਟਰ ਰਾਜ ਕੁਮਾਰ ਚੱਬੇਵਾਲ, ਹਲਕਾ ਚੱਬੇਵਾਲ ਦੇ ਵਿਧਾਇਕ ਡਾਕਟਰ ਇਸ਼ਾਂਕ ਕੁਮਾਰ ਅਤੇ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਿੰਦਾ ਸ਼ਹੀਦ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲਿਆਂ ਅਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਵੱਲੋਂ ਸਾਹਿਬ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਨੂੰ ਸੁੰਦਰ ਰੁਮਾਲੇ ਭੇਟਾ ਕੀਤੇ ਗਏ ਅਤੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਾਂਸਦ ਮੈਂਬਰ ਡਾਕਟਰ ਰਾਜ ਕੁਮਾਰ ਚੱਬੇਵਾਲ, ਹਲਕਾ ਚੱਬੇਵਾਲ ਦੇ ਵਿਧਾਇਕ ਡਾਕਟਰ ਇਸ਼ਾਂਕ ਕੁਮਾਰ ਅਤੇ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਿੰਦਾ ਸ਼ਹੀਦ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਇਸ ਵਿਸ਼ਾਲ ਨਗਰ ਕੀਰਤਨ ਦਾ ਮੁੱਖ ਉਦੇਸ਼ ਸਾਹਿਬ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਹਨਾਂ ਦੇ ਸਿੱਖਾਂ ਵੱਲੋਂ ਤਿਲਕ ਜੰਜੂ ਦੀ ਰਾਖੀ ਵਾਸਤੇ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੀਤੀ ਗਈ ਬੇਮਿਸਾਲ ਕੁਰਬਾਨੀ ਦੇ ਗੌਰਵਮਈ ਇਤਿਹਾਸ ਨੂੰ ਸੰਸਾਰ ਭਰ ਵਿੱਚ ਪ੍ਰਚਾਰਨਾ ਹੈ ਤਾਂ ਜੋ ਸਮੁੱਚੇ ਸਮਾਜ ਵਿੱਚ ਆਪਸੀ ਭਾਈਚਾਰਕ ਪਿਆਰ ਦੀਆਂ ਸਾਂਝਾਂ ਨੂੰ ਹੋਰ ਵੀ ਮਜਬੂਤ ਕੀਤਾ ਜਾ ਸਕੇ ਅਤੇ ਇੱਕ ਚੰਗੇ ਤੇ ਨਰੋਏ ਬਰਾਬਰਤਾ ਵਾਲੇ ਸਮਾਜ ਦੀ ਸਿਰਜਣਾ ਕਰਨ ਵਿੱਚ ਯੋਗਦਾਨ ਪਾਇਆ ਜਾ ਸਕੇ। ਇਸ ਮੌਕੇ ਹਲਕਾ ਚੱਬੇਵਾਲ ਦੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰ ਹੋ ਕੇ ਨਗਰ ਕੀਰਤਨ ਵਿੱਚ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।