ਡਾ. ਰਵਜੋਤ ਸਿੰਘ ਨੇ ਕੀਤੀ ਕੇਜਰੀਵਾਲ ਨਾਲ ਮੁਲਾਕਾਤ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ
Publish Date: Sat, 10 Jan 2026 05:13 PM (IST)
Updated Date: Sun, 11 Jan 2026 04:03 AM (IST)

2027 ਚੋਣਾਂ ਲਈ ਸੰਗਠਨ ਮਜ਼ਬੂਤੀ ’ਤੇ ਚਰਚਾ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਡਾ. ਰਵਜੋਤ ਸਿੰਘ ਨੇ ਲੋਹੜੀ ਦੇ ਪਵਿੱਤਰ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਲਈ ਕਾਮਨਾ ਕੀਤੀ। ਮੀਟਿੰਗ ’ਚ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦੇ ਹੋਏ ਪਾਰਟੀ ਦੀ ਰਣਨੀਤੀ, ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਤੇ ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਭੂਮਿਕਾ ਵਧਾਉਣ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ, ਵਰਕਰਾਂ ਨਾਲ ਤਾਲਮੇਲ ਬਹਿਤਰ ਬਣਾਉਣ ਅਤੇ ਲੋਕਹਿਤੀ ਮੁੱਦਿਆਂ ਨੂੰ ਤਰਜੀਹ ਦੇਣ ਸਬੰਧੀ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਨੀਤੀ ਸਦਾ ਜਨਸੇਵਾ ਅਤੇ ਪਾਰਦਰਸ਼ੀ ਸ਼ਾਸਨ ‘ਤੇ ਆਧਾਰਿਤ ਰਹੀ ਹੈ। ਪਾਰਟੀ ਲੀਡਰਸ਼ਿਪ ਦਾ ਮਾਰਗਦਰਸ਼ਨ ਵਰਕਰਾਂ ਵਿੱਚ ਨਵੀਂ ਊਰਜਾ ਭਰੇਗਾ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰੇਗਾ। ਪਾਰਟੀ ਹਰ ਪਿੰਡ ਅਤੇ ਵਾਰਡ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਕੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਵਚਨਬੱਧ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਆਸ਼ੀਰਵਾਦ ਅਤੇ ਮਾਰਗਦਰਸ਼ਨ ਪਾਰਟੀ ਲਈ ਪ੍ਰੇਰਣਾਸਰੋਤ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਵਿੱਚ ਵਿਕਾਸ, ਸੁਸ਼ਾਸਨ ਅਤੇ ਲੋਕ ਭਲਾਈ ਦੇ ਏਜੰਡੇ ਨਾਲ ਅੱਗੇ ਵਧੇਗੀ।