ਕੰਪਿਊਟਰ ਅਧਿਆਪਕਾਂ ਵੱਲੋਂ ਮੰਗਾਂ ਨਾ ਮੰਨੇ ਜਾਣ ’ਤੇ ਤਿੱਖੇ ਸੰਘਰਸ਼ ਦਾ ਐਲਾਨ
ਕੰਪਿਊਟਰ ਅਧਿਆਪਕਾਂ ਵੱਲੋਂ ਮੰਗਾਂ ਨਾ ਮੰਨੇ ਜਾਣ 'ਤੇ ਤਿੱਖੇ ਸੰਘਰਸ਼ ਦਾ ਐਲਾਨ
Publish Date: Sat, 10 Jan 2026 05:15 PM (IST)
Updated Date: Sun, 11 Jan 2026 04:03 AM (IST)

ਜਗਤਾਰ ਸਿੰਘ ਬ੍ਰਹਮੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਇੱਕ ਅਹਿਮ ਹੇਠ ਹੋਈ। ਇਸ ਮੀਟਿੰਗ ਵਿੱਚ ਸੁਪਰੀਮ ਕੋਰਟ ਵਿੱਚ ਚੱਲ ਰਹੇ ਕੇਸ ਦੀ ਸੁਣਵਾਈ, ਵਿਭਾਗੀ ਗਤੀਵਿਧੀਆਂ ਅਤੇ ਭਵਿੱਖੀ ਸੰਘਰਸ਼ ਦੀ ਰੂਪ-ਰੇਖਾ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਅਧਿਆਪਕ ਆਗੂਆਂ ਨੇ ਸਰਕਾਰ ਅਤੇ ਸਿੱਖਿਆ ਵਿਭਾਗ ਵਿਰੁੱਧ ਸਖ਼ਤ ਨਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਸਬ-ਕਮੇਟੀ ਨਾਲ ਵਾਰ-ਵਾਰ ਹੋਈਆਂ ਮੀਟਿੰਗਾਂ ਅਤੇ ਸਹਿਮਤੀ ਬਣਨ ਦੇ ਬਾਵਜੂਦ ਵਿੱਤ ਵਿਭਾਗ ਵੱਲੋਂ ਅਣ-ਰਿਵਾਈਜ਼ਡ ਡੀਏ ਜਾਰੀ ਨਹੀਂ ਕੀਤਾ ਜਾ ਰਿਹਾ। ਇਸ ਤੋਂ ਇਲਾਵਾ, ਡੈਥ ਕੇਸਾਂ ਸਬੰਧੀ ਪਾਲਿਸੀ ਬਣਾਉਣ ਅਤੇ ਛੇਵੇਂ ਪੇਅ-ਕਮਿਸ਼ਨ ਦੇ ਲਾਭ ਦੇਣ ਵਰਗੇ ਅਹਿਮ ਮੁੱਦਿਆਂ ਤੇ ਸਰਕਾਰ ਲਗਾਤਾਰ ਟਾਲਾ ਵੱਟ ਰਹੀ ਹੈ। ਜੱਥੇਬੰਦੀ ਨੇ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਰਾਜਪਾਲ ਦੀ ਪ੍ਰਵਾਨਗੀ ਨਾਲ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ। ਇਸ ਦੇ ਰੋਸ ਵਜੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੁਸ਼ਿਆਰਪੁਰ ਪਹੁੰਚਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ । ਇਸ ਮੌਕੇ 191 ਦਿਨਾਂ ਦੇ ਲੰਬੇ ਸੰਗਰੂਰ ਮੋਰਚੇ ਨੂੰ ਸਮਰਪਿਤ ਜੱਥੇਬੰਦੀ ਦਾ ਸਾਲਾਨਾ ਕੈਲੰਡਰ ਵੀ ਜਾਰੀ ਕੀਤਾ ਗਿਆ। ਅਧਿਆਪਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੇ ਹੱਕੀ ਮਸਲੇ ਹੱਲ ਨਾ ਕੀਤੇ ਤਾਂ ਆਉਣ ਵਾਲੇ ਦਿਨਾਂ ਵਿੱਚ ਆਰ-ਪਾਰ ਦੀ ਲੜਾਈ ਵਿੱਢੀ ਜਾਵੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਮੀਟਿੰਗ ਵਿੱਚ ਵਿਸ਼ਾਲ ਬਿੰਨੀ, ਰਘੁਬੀਰ ਸਿੰਘ, ਰਮਨ ਵਸ਼ਿਸ਼ਟ, ਪਲਵਿੰਦਰ ਸਿੰਘ, ਸੁਮਿਤ ਦੱਤਾ, ਨਰਿੰਦਰ ਗਿਲਜੀਆਂ, ਰਜਿੰਦਰ ਸਿੰਘ, ਰਵਿੰਦਰ ਸਿੰਘ, ਕੁਲਜੀਤ ਸਿੰਘ, ਮਨਦੀਪ ਸਿੰਘ ਵਿਰਕ, ਸੰਦੀਪ ਕੁਮਾਰ, ਟਿੰਕੂ ਤੇਜਪਾਲ, ਗੌਰਵ ਹਾਂਡਾ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ, ਚੰਦਰ ਕਾਂਤ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।