ਪਰਾਲੀ ਸਾੜਨ ਤੋਂ ਬਚਾਅ ਲਈ ਸਰਫੇਸ ਸੀਡਰ ਤਕਨੀਕ ਪ੍ਰਭਾਵਸ਼ਾਲੀ: ਕੇਵੀਕੇ
ਪਰਾਲੀ ਸਾੜਨ ਤੋਂ ਬਚਾਅ ਲਈ ਸਰਫੇਸ ਸੀਡਰ ਤਕਨੀਕ ਪ੍ਰਭਾਵਸ਼ਾਲੀ: ਕੇਵੀਕੇ
Publish Date: Sat, 10 Jan 2026 05:23 PM (IST)
Updated Date: Sun, 11 Jan 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਪਰਾਲੀ ਪ੍ਰਬੰਧਨ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਪਿੰਡ ਮਖਸੂਸਪੁਰ (ਬਲਾਕ ਮਾਹਿਲਪੁਰ) ਵਿਖੇ ਪਰਾਲੀ ਵਿੱਚ ਸਰਫੇਸ ਸੀਡਰ ਤਕਨੀਕ ਨਾਲ ਕਣਕ ਦੀ ਸਿੱਧੀ ਬਿਜਾਈ ਸਬੰਧੀ ਵਿੱਦਿਅਕ ਦੌਰਾ ਕਰਵਾਇਆ ਗਿਆ। ਕੇਵੀਕੇ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਕਿਉਂਕਿ ਇਸ ਵਿੱਚ ਮੌਜੂਦ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ। ਪਰਾਲੀ ਨੂੰ ਖੇਤ ਵਿੱਚ ਹੀ ਰੱਖਣ ਨਾਲ ਜ਼ਮੀਨ ਦੀ ਸਿਹਤ ਸੁਧਰਦੀ ਹੈ, ਖਾਦਾਂ ‘ਤੇ ਖ਼ਰਚ ਘਟਦਾ ਹੈ ਅਤੇ ਵਾਤਾਵਰਣ ਨੂੰ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੇ ਯਤਨਾਂ ਸਦਕਾ ਇਸ ਸਾਲ ਪਰਾਲੀ ਸਾੜਨ ਦੇ ਮਾਮਲੇ ਕਾਫ਼ੀ ਘੱਟ ਰਹੇ। ਇਸ ਮੌਕੇ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ) ਡਾ. ਅਜੈਬ ਸਿੰਘ ਨੇ ਦੱਸਿਆ ਕਿ ਸਰਫੇਸ ਸੀਡਰ ਮਸ਼ੀਨ ਕੰਬਾਈਨ ਨਾਲ ਕੱਟੇ ਝੋਨੇ ਦੇ ਖੇਤ ਵਿੱਚ ਇਕੋ ਸਮੇਂ ਬੀਜ ਤੇ ਖਾਦ ਪਾਉਂਦੀ ਹੈ ਅਤੇ ਖੜ੍ਹੇ ਕਰਚਿਆਂ ਨੂੰ ਕੱਟ ਕੇ ਸਮਾਨ ਤੌਰ ‘ਤੇ ਖਿਲਾਰ ਦਿੰਦੀ ਹੈ। ਇਹ ਮਸ਼ੀਨ 45 ਹਾਰਸ ਪਾਵਰ ਟਰੈਕਟਰ ਨਾਲ ਚੱਲਦੀ ਹੈ ਅਤੇ ਘੱਟ ਲਾਗਤ ‘ਚ ਤੇਜ਼ੀ ਨਾਲ ਬਿਜਾਈ ਕਰ ਸਕਦੀ ਹੈ। ਪਿੰਡ ਮਖਸੂਸਪੁਰ ਦੇ ਅਗਾਂਹਵਧੂ ਕਿਸਾਨ ਪਰਮਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਸਰਫੇਸ ਸੀਡਰ ਤਕਨੀਕ ਨਾਲ 8 ਏਕੜ ਵਿੱਚ ਕਣਕ ਦੀ ਬਿਜਾਈ ਕੀਤੀ ਹੈ ਅਤੇ ਪਿਛਲੇ ਸਾਲ ਵੀ ਇਸ ਤਕਨੀਕ ਨਾਲ ਵਧੀਆ ਪੈਦਾਵਾਰ ਹਾਸਲ ਕੀਤੀ ਸੀ। ਦੌਰੇ ਦੌਰਾਨ ਕਿਸਾਨਾਂ ਨੇ ਖੇਤਾਂ ਦਾ ਮੁਆਇਨਾ ਕਰਕੇ ਤਕਨੀਕ ਪ੍ਰਤੀ ਸੰਤੁਸ਼ਟੀ ਜਤਾਈ।