ਪਵਿੱਤਰ ਵੇਈਂ ਕਿਨਾਰੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ
ਪਵਿੱਤਰ ਵੇਈਂ ਕਿਨਾਰੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ
Publish Date: Sat, 10 Jan 2026 05:25 PM (IST)
Updated Date: Sun, 11 Jan 2026 04:04 AM (IST)

ਸੈਦੋਂਵਾਲ ਤੋਂ ਭੂਸ਼ਾ ਪੁਲ ਤੱਕ 7 ਕਿਲੋਮੀਟਰ ਸੜਕ ਨਿਰਮਾਣ ਨੂੰ ਮਨਜ਼ੂਰੀ, 3 ਕਰੋੜ ਰੁਪਏ ਹੋਵੇਗੀ ਲਾਗਤ : ਸੀਚੇਵਾਲ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦਸੂਹਾ ਹਲਕੇ ਦੇ ਪਿੰਡ ਗਾਲੋਵਾਲ ਦਾ ਦੌਰਾ ਕਰਕੇ ਪਵਿੱਤਰ ਵੇਈਂ ਨਾਲ ਜੁੜੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰੇ ਦੌਰਾਨ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪ੍ਰਸ਼ਾਸਨਿਕ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸ਼ਾਮਿਲ ਹੋਏ। ਸੰਤ ਸੀਚੇਵਾਲ ਨੇ ਦੱਸਿਆ ਕਿ ਪਵਿੱਤਰ ਵੇਈਂ ਦੇ ਨਾਲ ਲੱਗਦੀ ਸੜਕ ਦੀ ਉਸਾਰੀ ਇਲਾਕੇ ਦੀ ਲੰਬੇ ਸਮੇਂ ਤੋਂ ਮੰਗ ਸੀ। ਇਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਦਸੂਹਾ ਇਲਾਕੇ ਦੇ ਸੈਦੋਂਵਾਲ ਪਿੰਡ ਤੋਂ ਭੂਸ਼ਾ ਪੁਲ ਤੱਕ ਲਗਭਗ 7 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਸੜਕ ਟੇਰਕਿਆਣਾ ਤੋਂ ਸੁਲਤਾਨਪੁਰ ਲੋਧੀ ਨੂੰ ਜੋੜਦੀ ਹੈ ਅਤੇ ਇਸ ’ਤੇ ਲਗਭਗ 3 ਕਰੋੜ ਰੁਪਏ ਦੀ ਲਾਗਤ ਆਵੇਗੀ। ਪਵਿੱਤਰ ਵੇਈਂ ’ਤੇ ਇਕ ਮਹੱਤਵਪੂਰਨ ਗੇਟ ਦੀ ਉਸਾਰੀ ਸਬੰਧੀ ਮਾਮਲਾ ਵੀ ਲੰਬੇ ਸਮੇਂ ਤੋਂ ਲੰਬਿਤ ਸੀ, ਜਿਸ ਨੂੰ ਹੁਣ ਹੱਲ ਕਰ ਲਿਆ ਗਿਆ ਹੈ। ਲਗਭਗ 3.5 ਲੱਖ ਰੁਪਏ ਦੀ ਲਾਗਤ ਨਾਲ ਗੇਟ ਦੇ ਨਿਰਮਾਣ ਲਈ ਟੈਂਡਰ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਜਿਨ੍ਹਾਂ ਪਿੰਡਾਂ ਵਿੱਚ ਪਾਣੀ ਦੀ ਘਾਟ ਹੈ, ਉੱਥੇ ਪਹਿਲਾਂ ਹੀ ਟੈਂਕਰ ਭੇਜੇ ਜਾ ਚੁੱਕੇ ਹਨ ਅਤੇ ਜਿਹੜੇ ਪਿੰਡ ਹੁਣ ਤੱਕ ਇਸ ਸਹੂਲਤ ਤੋਂ ਵਾਂਝੇ ਰਹੇ ਹਨ, ਉਨ੍ਹਾਂ ਨੂੰ ਵੀ ਜਲਦ ਟੈਂਕਰ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪਵਿੱਤਰ ਵੇਈਂ ਦੇ ਤੇਜ਼ ਵਹਾਅ ਕਾਰਨ ਕੁਝ ਥਾਵਾਂ ’ਤੇ ਕਟਾਅ ਅਤੇ ਨੁਕਸਾਨ ਹੋਇਆ ਹੈ। ਅਜਿਹੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਸੁਰੱਖਿਆ ਬੈਰੀਅਰ, ਪੁਲਾਂ ਅਤੇ ਹੋਰ ਜ਼ਰੂਰੀ ਢਾਂਚਾਗਤ ਕੰਮਾਂ ਲਈ ਸਰਵੇਖਣ ਕਰਵਾਇਆ ਜਾ ਰਿਹਾ ਹੈ। ਸਰਵੇਖਣ ਰਿਪੋਰਟ ਦੇ ਆਧਾਰ ’ਤੇ ਸਰਕਾਰ ਤੋਂ ਫੰਡ ਪ੍ਰਾਪਤ ਕਰਕੇ ਤਰਜੀਹੀ ਅਧਾਰ ’ਤੇ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਕਿ ਪਵਿੱਤਰ ਵੇਈਂ ਨਾਲ ਸਬੰਧਤ ਇਲਾਕਿਆਂ ਵਿੱਚ ਵਿਕਾਸ ਕਾਰਜ ਯੋਜਨਾਬੱਧ ਢੰਗ ਨਾਲ ਕੀਤੇ ਜਾ ਰਹੇ ਹਨ। ਸੜਕਾਂ, ਗੇਟਾਂ, ਪੁਲਾਂ, ਡਰੇਨੇਜ ਅਤੇ ਕਟਾਅ ਤੋਂ ਸੁਰੱਖਿਆ ਵਰਗੇ ਮੁੱਦਿਆਂ ’ਤੇ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਪੰਚਾਂ ਅਤੇ ਪਿੰਡ ਵਾਸੀਆਂ ਵੱਲੋਂ ਰੱਖੀਆਂ ਗਈਆਂ ਜਾਇਜ਼ ਮੰਗਾਂ ਨੂੰ ਪੜਾਅਵਾਰ ਪੂਰਾ ਕੀਤਾ ਜਾਵੇਗਾ। ਮੀਟਿੰਗ ਦੇ ਅਖੀਰ ਵਿੱਚ ਸੰਤ ਸੀਚੇਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ, ਐਸ.ਡੀ.ਐਮ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਡੀ.ਐਸ.ਪੀ ਦਸੂਹਾ ਬਲਵਿੰਦਰ ਸਿੰਘ ਜੌੜਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।