ਸੋਸ਼ਲ ਮੀਡੀਆ ’ਤੇ ਲਗਾਏ ਗਏ ਝੂਠੇ ਦੋਸ਼ਾਂ ਦੀ ਹੋਵੇ ਨਿਰਪੱਖ ਜਾਂਚ : ਜ਼ਿੰਪਾ
ਸੋਸ਼ਲ ਮੀਡੀਆ ’ਤੇ ਲਗਾਏ ਗਏ ਝੂਠੇ ਦੋਸ਼ਾਂ ਦੀ ਹੋਵੇ ਨਿਰਪੱਖ ਜਾਂਚ : ਬ੍ਰਹਮ ਸ਼ੰਕਰ ਜ਼ਿੰਪਾ
Publish Date: Wed, 14 Jan 2026 05:31 PM (IST)
Updated Date: Wed, 14 Jan 2026 05:33 PM (IST)

-ਕਿਹਾ, ਮੇਰੇ ਨਾਂ ’ਤੇ ਕਿਸੇ ਵੀ ਤਰ੍ਹਾਂ ਦੀ ਗ਼ੈਰ-ਕਾਨੂੰਨੀ ਵਸੂਲੀ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਦਾਣਾ ਮੰਡੀ ’ਚ ਕਥਿਤ ਗੈਰਕਾਨੂੰਨੀ ਵਸੂਲੀ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਫਵਾਹਾਂ ਨੂੰ ਲੈ ਕੇ ਵਿਧਾਇਕ ਬ੍ਰਹਮ ਸ਼ੰਕਰ ਜ਼ਿੰਪਾ ਨੇ ਅੱਜ ਮੀਡੀਆ ਸਾਹਮਣੇ ਸਪੱਸ਼ਟ ਕਿਹਾ ਕਿ ਇਹ ਸਾਰੇ ਦੋਸ਼ ਬੇਬੁਨਿਆਦ ਅਤੇ ਨਿਰਾਧਾਰ ਹਨ। ਇਸ ਮੌਕੇ ਡੀਐੱਸਪੀ ਦੇਵ ਦੱਤ ਸ਼ਰਮਾ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਗੁਰਕਿਰਪਾਲ ਸਿੰਘ ਵੀ ਮੌਜੂਦ ਸਨ। ਵਿਧਾਇਕ ਨੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਨਾਂ ’ਤੇ ਮੰਡੀਆਂ ਵਿੱਚ ‘ਗੁੰਡਾ ਟੈਕਸ’ ਵਸੂਲ ਕੀਤਾ ਜਾ ਰਿਹਾ ਹੈ। ਜ਼ਿੰਪਾ ਨੇ ਇਹ ਸਾਫ਼ ਕੀਤਾ ਕਿ ਨਾਂ ਤਾਂ ਉਨ੍ਹਾਂ ਨੇ ਕਦੇ ਕੋਈ ਗੈਰਕਾਨੂੰਨੀ ਵਸੂਲੀ ਕਰਨ ਲਈ ਪ੍ਰੇਰਿਤ ਕੀਤਾ ਅਤੇ ਨਾ ਹੀ ਕਿਸੇ ਅਧਿਕਾਰੀ ਨੂੰ ਅਜਿਹੇ ਹੁਕਮ ਦਿੱਤੇ। ਉਨ੍ਹਾਂ ਨੇ ਕਿਹਾ, ‘ਵੀਡੀਓ ਵਿੱਚ ਖੁਦ ਕਰਮਚਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਪਰਚੀਆਂ ਨਿਯਮਾਂ ਅਨੁਸਾਰ ਕੱਟੀਆਂ ਗਈਆਂ ਹਨ। ਮੇਰੇ ਨਾਂ ’ਤੇ ਕਿਸੇ ਵੀ ਤਰ੍ਹਾਂ ਦੀ ਗੈਰਕਾਨੂੰਨੀ ਵਸੂਲੀ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ।’ ਜ਼ਿੰਪਾ ਨੇ ਮੰਡੀਆਂ ਦੀ ਪਾਰਦਰਸ਼ੀ ਪ੍ਰਬੰਧ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਆਪਣੀ ਪ੍ਰਾਥਮਿਕਤਾ ਦੱਸਦਿਆਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਗਹਿਰੀ ਜਾਂਚ ਲਈ ਉਹ ਮੁੱਖ ਮੰਤਰੀ, ਮੰਡੀ ਵਿਭਾਗ ਦੇ ਮੰਤਰੀ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਡਿਪਟੀ ਕਮਿਸ਼ਨਰ ਨੂੰ ਲਿਖਤੀ ਅਪੀਲ ਕਰਨਗੇ। ਪੁਲਿਸ ਨੂੰ ਵੀ ਲਿਖਤੀ ਸ਼ਿਕਾਇਤ ਦੇ ਕੇ ਜਾਂਚ ਦੀ ਮੰਗ ਕੀਤੀ ਜਾਵੇਗੀ। ਪ੍ਰੈੱਸ ਕਾਨਫਰੰਸ ਤੋਂ ਬਾਅਦ ਵਿਧਾਇਕ ਨੇ ਦਾਣਾ ਮੰਡੀ ਦਾ ਦੌਰਾ ਕਰਕੇ ਵਪਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਨਾਲ ਵੀ ਬੇਇਨਸਾਫ਼ੀ ਨਹੀਂ ਹੋਵੇਗਾ। ਇਸ ਮੌਕੇ ਤੇ ਡੀਐਸਪੀ ਦੇਵ ਦੱਤ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਏਗੀ ਅਤੇ ਮੰਡੀ ਵਿੱਚ ਪਰਚੀ ਕੱਟਣ ਨਾਲ ਸਬੰਧਤ ਸਾਰੇ ਨਿਯਮਾਂ ਦਾ ਬਾਰੀਕੀ ਨਾਲ ਅਧਿਐਨ ਕੀਤਾ ਜਾਵੇਗਾ। ਜੇਕਰ ਆਰੋਪ ਗਲਤ ਸਾਬਤ ਹੋਣਗੇ ਤਾਂ ਕਾਨੂੰਨ ਦੇ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਜ਼ਿਲ੍ਹਾ ਮੰਡੀ ਅਧਿਕਾਰੀ ਗੁਰਕਿਰਪਾਲ ਸਿੰਘ ਨੇ ਕਿਹਾ ਕਿ ਮੰਡੀ ਵਿੱਚ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਿੱਧਾ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ। ਬਿਨਾਂ ਤੱਥਾਂ ਦੇ ਕਿਸੇ ਉੱਤੇ ਆਰੋਪ ਲਗਾਉਣਾ ਠੀਕ ਨਹੀਂ ਹੈ ਅਤੇ ਵਿਭਾਗੀ ਪੱਧਰ ‘ਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ।