ਰੋਜ਼ਗਾਰ ਬਿਊਰੋ ਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਨੌਜਵਾਨ : ਜ਼ਿਲ੍ਹਾ ਰੋਜ਼ਗਾਰ ਅਫ਼ਸਰ
ਰੋਜ਼ਗਾਰ ਬਿਊਰੋ ਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਨੌਜਵਾਨ : ਜ਼ਿਲ੍ਹਾ ਰੋਜ਼ਗਾਰ ਅਫ਼ਸਰ
Publish Date: Fri, 16 Jan 2026 04:22 PM (IST)
Updated Date: Sat, 17 Jan 2026 04:04 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਨਾਲ ਜੋੜਨ ਲਈ ਲਗਾਤਾਰ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਿਊਰੋ ਵਿੱਚ ਉਮੀਦਵਾਰਾਂ ਲਈ ਮੁਫ਼ਤ ਇੰਟਰਨੈੱਟ ਦੀ ਸਹੂਲਤ ਉਪਲੱਬਧ ਹੈ, ਜਿਸ ਰਾਹੀਂ ਉਹ ਦਾਖ਼ਲਿਆਂ ਜਾਂ ਨੌਕਰੀਆਂ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ। ਭਵਿੱਖ ਦੇ ਕਰੀਅਰ ਸਬੰਧੀ ਜਾਣਕਾਰੀ ਲੈਣ ਵਾਲੇ ਪ੍ਰਾਰਥੀਆਂ ਲਈ ਮੁਫ਼ਤ ਕਰੀਅਰ ਕਾਊਂਸਲਿੰਗ ਦੀ ਵੀ ਵਿਵਸਥਾ ਹੈ। ਇਸ ਤੋਂ ਇਲਾਵਾ ਨੌਕਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਦਫ਼ਤਰ ਦੇ ਪਲੇਸਮੈਂਟ ਸੈੱਲ ਰਾਹੀਂ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲੇ ਕੀਤੇ ਜਾਂਦੇ ਹਨ। ਰਮਨਦੀਪ ਕੌਰ ਨੇ ਕਿਹਾ ਕਿ ਜੋ ਪ੍ਰਾਰਥੀ ਸਵੈ-ਰੋਜ਼ਗਾਰ ਸਕੀਮਾਂ ਤਹਿਤ ਲੋਨ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਸਵੈ-ਰੋਜ਼ਗਾਰ ਸਕੀਮਾਂ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਂਦੀ ਹੈ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਲੋਨ ਦੇਣ ਵਾਲੇ ਵੱਖ-ਵੱਖ ਵਿਭਾਗ ਰੋਸਟਰ ਅਨੁਸਾਰ ਬਿਊਰੋ ਵਿੱਚ ਹਾਜ਼ਰ ਰਹਿੰਦੇ ਹਨ ਅਤੇ ਆਉਣ ਵਾਲੇ ਉਮੀਦਵਾਰਾਂ ਨੂੰ ਆਪਣੀਆਂ ਸਕੀਮਾਂ ਬਾਰੇ ਜਾਣੂ ਕਰਵਾਉਂਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਟਾਫ ਵੱਲੋਂ ਸਰਕਾਰ ਦੁਆਰਾ ਚਲਾਏ ਜਾ ਰਹੇ ਮੁਫ਼ਤ ਸਕਿੱਲ ਕੋਰਸਾਂ ਸਬੰਧੀ ਵੀ ਨੌਜਵਾਨਾਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਰੋਜ਼ਗਾਰ ਬਿਊਰੋ ਦੀ ਮੋਬਾਈਲ ਐਪ ‘ਡੀਬੀਈਈ ਹੁਸ਼ਿਆਰਪੁਰ’ ਨੂੰ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕਰਕੇ ਉਮੀਦਵਾਰ ਘਰ ਬੈਠੇ ਹੀ ਪ੍ਰਾਈਵੇਟ ਅਤੇ ਸਰਕਾਰੀ ਨੌਕਰੀਆਂ ਸਬੰਧੀ ਜਾਣਕਾਰੀ ਹਾਸਲ ਕਰ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਹੁਸ਼ਿਆਰਪੁਰ ਵਿੱਚ ਕਿਸੇ ਵੀ ਕੰਮਕਾਜ ਵਾਲੇ ਦਿਨ ਆ ਕੇ ਇਨ੍ਹਾਂ ਸਾਰੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ।