ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦੀ ਡੀਸੀ ਵੱਲੋਂ ਸਮੀਖਿਆ
ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਸਮੀਖਿਆ
Publish Date: Fri, 16 Jan 2026 05:03 PM (IST)
Updated Date: Sat, 17 Jan 2026 04:07 AM (IST)

ਸਮਾਰੋਹ ਨੂੰ ਸ਼ਾਨਦਾਰ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਪੁਲਿਸ ਲਾਈਨ ਗਰਾਊਂਡ ’ਚ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਰੋਹ ਪੂਰੀ ਸ਼ਾਨ, ਅਨੁਸ਼ਾਸਨ ਤੇ ਦੇਸ਼ ਭਗਤੀ ਦੇ ਮਾਹੌਲ ’ਚ ਮਨਾਇਆ ਜਾਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਰੋਹ ਦੌਰਾਨ ਪਰੇਡ, ਸੱਭਿਆਚਾਰਕ ਪ੍ਰੋਗਰਾਮ, ਝਾਕੀਆਂ ਤੇ ਆਜ਼ਾਦੀ ਸੈਨਾਨੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਮੁੱਖ ਆਕਰਸ਼ਣ ਰਹੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਘਾਟ ਨਾ ਰਹਿ ਜਾਵੇ। ਮੀਟਿੰਗ ’ਚ ਸੁਰੱਖਿਆ ਪ੍ਰਬੰਧ, ਟ੍ਰੈਫਿਕ ਮੈਨੇਜਮੈਂਟ, ਪਾਰਕਿੰਗ, ਸਫਾਈ, ਪੀਣ ਵਾਲੇ ਪਾਣੀ, ਬਿਜਲੀ ਤੇ ਸਿਹਤ ਸੇਵਾਵਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਰੋਹ ਸਥਲ ’ਤੇ ਸੁਰੱਖਿਆ ਦੇ ਪੱਕੇ ਇੰਤਜ਼ਾਮ ਕੀਤੇ ਜਾਣ ਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਵਿਭਾਗ ਸਚੇਤ ਰਹਿਣ। ਆਸ਼ਿਕਾ ਜੈਨ ਨੇ ਕਿਹਾ ਕਿ ਸਾਰੀਆਂ ਰਿਹਰਸਲਾਂ ਸਮੇਂ-ਸਿਰ ਪੂਰੀਆਂ ਕੀਤੀਆਂ ਜਾਣ ਤੇ ਪਰੇਡ ਤੇ ਸੱਭਿਆਚਾਰਕ ਪ੍ਰੋਗਰਾਮਾਂ ’ਚ ਹਿੱਸਾ ਲੈ ਰਹੇ ਭਾਗੀਦਾਰਾਂ ਨੂੰ ਲੋੜੀਂਦੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਾਡੇ ਸਭ ਲਈ ਮਾਣ ਦਾ ਮੌਕਾ ਹੈ ਤੇ ਇਸ ਦਾ ਸੁਚੱਜਾ ਆਯੋਜਨ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੀ ਨਹੀਂ, ਸਨਮਾਨ ਵੀ ਹੈ। ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗ ਮੁਖੀਆਂ ਨੂੰ ਸੌਂਪੇ ਗਏ ਕੰਮ ਨਿਰਧਾਰਤ ਸਮਾਂ-ਸੀਮਾ ’ਚ ਪੂਰੇ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ’ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਨਗਰ ਨਿਗਮ ਕਮਿਸ਼ਨਰ ਜੋਤੀ ਬਾਲਾ ਮੱਟੂ, ਐੱਸਡੀਐੱਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐੱਸਪੀ ਨਵਨੀਤ ਕੌਰ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ।