ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਹੋਵੇ ਪਾਲਣਾ : ਡਾ. ਸੁਦੇਸ਼ ਰਾਜਨ
ਸ਼ੀਤ ਲਹਿਰ ਤੋਂ ਬਚਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ:- ਡਾ. ਸੁਦੇਸ਼ ਰਾਜਨ
Publish Date: Fri, 16 Jan 2026 06:22 PM (IST)
Updated Date: Sat, 17 Jan 2026 04:10 AM (IST)

ਗੌਰਵ, ਪੰਜਾਬੀ ਜਾਗਰਣ, ਗੜਦੀਵਾਲਾ: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਜੀ ਵਲੋਂ ਸ਼ੀਤ ਲਹਿਰ ਤੋਂ ਬਚਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਕਿਹਾ ਕਿ ਉੱਤਰੀ ਭਾਰਤ ਵਿੱਚ ਪੈ ਰਹੀ ਭਾਰੀ ਬਰਫ਼ਬਾਰੀ ਕਾਰਨ ਸੂਬੇ ਵਿਚ ਇਸ ਸਮੇਂ ਸੀਤ ਲਹਿਰ ਦਾ ਕਹਿਰ ਚੱਲ ਰਿਹਾ ਹੈ। ਸੀਤ ਲਹਿਰ ਤੋਂ ਬਚਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਤੇ ਜੋਰ ਦਿੰਦਿਆ ਕਿਹਾ ਕਿ ਬਜ਼ੁਰਗਾਂ ਅਤੇ ਦਿਲ ਦੇ ਮਰੀਜ਼ਾਂ ਨੂੰ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਢ ਅਤੇ ਧੁੰਦ ਹੋਣ ਕਾਰਨ ਸੈਰ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨਿਮੋਨੀਆ ਹੋਣ ਦਾ ਜ਼ਿਆਦਾ ਖਤਰਾ ਰਹਿੰਦਾ ਹੈ ਤੇ ਠੰਢ ਲੱਗਣ ਨਾਲ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਅਤੇ ਹੱਥਾਂ ਪੈਰਾਂ ਚ ਦਸਤਾਨੇ-ਜੁਰਾਬਾਂ ਪਾਈਆਂ ਜਾਣ। ਸਰਦੀ ਦੇ ਮੌਸਮ ਵਿੱਚ ਘਰਾਂ ਵਿਚ ਬੰਦ ਕਮਰੇ ਵਿਚ ਅੰਗੀਠੀ ਨਾ ਬਾਲੀ ਜਾਵੇ ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਆਕਸੀਜਨ ਦੀ ਕਮੀ ਹੋ ਜਾਂਦੀ ਹੈ ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਿਤ ਹੈ ਸਕਦੀ ਹੈ। ਲੰਮਾ ਸਮਾਂ ਜ਼ੁਕਾਮ ਰਹਿਣ ਕਾਰਨ ਜਾਂ ਠੰਢ ਕਾਰਨ ਹੱਥਾਂ/ਪੈਰਾਂ ਦੀਆਂ ਉਂਗਲਾਂ, ਨੱਕ ਜਾਂ ਕੰਨਾਂ ਦੇ ਬਾਹਰਲੇ ਪਾਸੇ ਕਾਲੇ ਛਾਲੇ ਹੋ ਸਕਦੇ ਹਨ। ਅਜਿਹੇ ਹਾਲਤਾਂ ਵਿੱਚ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਖੁਰਾਕ ਵਿਚ ਗਰਮ ਚੀਜਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ। ਵਿਟਾਮਿਨ-ਸੀ ਨਾਲ ਭਰਪੂਰ ਫ਼ਲ ਅਤੇ ਸਬਜ਼ੀਆਂ ਖਾਣੀਆਂ ਚਾਹੀਦੀਆਂ ਹਨ। ਸਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜ੍ਹੇ-ਥੋੜ੍ਹੇ ਸਮੇਂ ਜਾਂ ਲੋੜ ਅਨੁਸਾਰ ਗੁਨਗੁਨਾ ਪਾਣੀ ਪੀਤਾ ਜਾਵੇ। ਸੰਘਣੀ ਧੁੰਦ ਕਾਰਨ ਯਾਤਰਾ ਦੌਰਾਨ ਦੁਰਘਟਨਾਵਾਂ ਤੋਂ ਬਚਾਅ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਬੇਲੋੜੀ ਯਾਤਰਾ ਨੂੰ ਟਾਲਿਆ ਜਾਵੇ।