ਮੁੱਖ ਮੰਤਰੀ ਮਾਨ ਦੇ ਦਾਅਵਿਆਂ ਦੀ ਡੇਰਾ ਕਮੇਟੀ ਖੋਲ੍ਹੀ ਪੋਲ : ਸਿੰਗੜੀਵਾਲਾ
328 ਸਰੂਪਾਂ ਮਾਮਲੇ ’ਚ ਮੁੱਖ ਮੰਤਰੀ ਮਾਨ ਦੇ ਦਾਅਵਿਆਂ ਦੀ ਡੇਰਾ ਕਮੇਟੀ ਨੇ ਕੀਤੀ ਪੋਲ ਖੋਲ੍ਹ: ਸਿੰਗੜੀਵਾਲਾ
Publish Date: Fri, 16 Jan 2026 08:28 PM (IST)
Updated Date: Sat, 17 Jan 2026 04:15 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਮੁਕਤਸਰ ਸਾਹਿਬ ਵਿਖੇ ਮਾਘੀ ਤੇ ਟੁੱਟੀ ਗੰਢੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 328 ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਸਬੰਧੀ ਚੱਲ ਰਹੀ ਜਾਂਚ ਨੂੰ ਲੈ ਕੇ ਕੀਤੇ ਗਏ ਦਾਅਵਿਆਂ ਨੂੰ ਰਾਜਾ ਨਾਭ ਕਮਲ ਸਾਹਿਬ ਟਰੱਸਟ ਮਜ਼ਾਰਾ ਨੌ ਆਬਾਦ ਨੇ ਪ੍ਰੈਸ ਕਾਨਫਰੰਸ ਕਰ ਕੇ ਖਾਰਜ ਕਰ ਦਿੱਤਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜਾਰੀ ਕੀਤੇ ਪ੍ਰੈਸ ਨੋਟ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਕੱਠ ਦੌਰਾਨ ਦਾਅਵਾ ਕੀਤਾ ਸੀ ਕਿ 169 ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਬੰਗਿਆਂ ਲਾਗੇ ਇਕ ਡੇਰੇ ਤੋਂ ਮਿਲੇ ਹਨ, ਪਰ ਡੇਰਾ ਕਮੇਟੀ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਨੇ ਇਨ੍ਹਾਂ ਦਾਅਵਿਆਂ ਦੀ ਪੂਰੀ ਤਰ੍ਹਾਂ ਫੂਕ ਕੱਢ ਕੇ ਰੱਖ ਦਿੱਤੀ ਹੈ। ਸਿੰਗੜੀਵਾਲਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਖੁਰਦ-ਬੁਰਦ ਹੋਣ ਨਾਲ ਸਿੱਖ ਸੰਗਤਾਂ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸੱਚ ਸੰਗਤਾਂ ਸਾਹਮਣੇ ਲਿਆਂਦਾ ਜਾਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਆਸੀ ਅਤੇ ਨਿੱਜੀ ਲਾਭਾਂ ਲਈ ਇਸ ਸੰਵੇਦਨਸ਼ੀਲ ਮਸਲੇ ’ਤੇ ਝੂਠੇ ਪ੍ਰਸੰਗ ਫੈਲਾਏ ਗਏ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮਾਮਲੇ ’ਚ ਸਿੱਖ ਸੰਗਤਾਂ ਤੋਂ ਮਾਫ਼ੀ ਨਹੀਂ ਮੰਗਦੀ, ਤਾਂ ਉਨ੍ਹਾਂ ਨੂੰ ਸਿੱਖ ਸੰਗਤਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ।