ਕੈਬਨਿਟ ਮੰਤਰੀ ਡਾ. ਰਵਜੋਤ ਵੱਲੋਂ ਨਵੇਂ ਆਧੁਨਿਕ ਜਿਮ ਦਾ ਉਦਘਾਟਨ
ਕੈਬਨਿਟ ਮੰਤਰੀ ਡਾ. ਰਵਜੋਤ ਵੱਲੋਂ ਪਿੰਡ ਮੁਰਾਦਪੁਰ ਗੁਰੂਕਾ ‘ਚ ਨਵੇਂ ਆਧੁਨਿਕ ਜਿੰਮ ਦਾ ਉਦਘਾਟਨ
Publish Date: Sun, 18 Jan 2026 06:24 PM (IST)
Updated Date: Mon, 19 Jan 2026 04:12 AM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪਿੰਡ ਮੁਰਾਦਪੁਰ ਗੁਰੂਕਾ ’ਚ ਨੌਜਵਾਨਾਂ ਦੀ ਸਿਹਤ ਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਬਣਾਏ ਗਏ ਨਵੇਂ ਆਧੁਨਿਕ ਜਿਮ ਦਾ ਐਤਵਾਰ ਨੂੰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ, ਨੌਜਵਾਨਾਂ ਤੇ ਪਤਵੰਤਿਆਂ ਦੀ ਵੱਡੀ ਗਿਣਤੀ ’ਚ ਹਾਜ਼ਰ ਰਹੀ। ਉਦਘਾਟਨ ਸਮਾਰੋਹ ਦੋਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਨੌਜਵਾਨਾਂ ਦੀ ਸਿਹਤ ਕਿਸੇ ਵੀ ਸਮਾਜ ਦੀ ਮਜ਼ਬੂਤ ਨੀਂਹ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ’ਚ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਨੌਜਵਾਨਾਂ ਨੂੰ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਤੇ ਕਸਰਤ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਜਿਮ ਵਰਗੀਆਂ ਸਹੂਲਤਾਂ ਨੌਜਵਾਨਾਂ ਦੇ ਸਰੀਰਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਸਾਕਾਰਾਤਮਕ ਸੋਚ ਵੀ ਪੈਦਾ ਕਰਦੀਆਂ ਹਨ। ਡਾ. ਰਵਜੋਤ ਸਿੰਘ ਨੇ ਜਿਮ ਦੀ ਸਥਾਪਨਾ ਲਈ ਪਹਿਲ ਕਰਨ ਵਾਲੇ ਸਾਰੇ ਸਾਥੀਆਂ ਤੇ ਪਿੰਡ ਵਾਸੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਪਰਾਲਾ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾਦਾਇਕ ਸਾਬਤ ਹੋਵੇਗਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਨਿਯਮਿਤ ਤੌਰ ’ਤੇ ਲਾਭ ਉਠਾਉਣ ਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਪਿੰਡ ਪੱਧਰ ’ਤੇ ਖੇਡਾਂ, ਤੰਦਰੁਸਤੀ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ’ਚ ਸ਼ਾਮਲ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਵਾਂ ਜਿਮ ਪਿੰਡ ਦੇ ਨੌਜਵਾਨਾਂ ਨੂੰ ਸਾਕਾਰਾਤਮਕ ਦਿਸ਼ਾ ਪ੍ਰਦਾਨ ਕਰੇਗਾ ਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰੇਗਾ।