ਸੜਕ ਸੁਰੱਖਿਆ ਮਹੀਨਾ: ਜ਼ਿਲ੍ਹੇ ’ਚ ਪ੍ਰਸ਼ਾਸਨ ਵੱਲੋਂ ਵਿਸਤ੍ਰਿਤ ਜਾਗਰੂਕਤਾ ਮੁਹਿੰਮ
ਸੜਕ ਸੁਰੱਖਿਆ ਮਹੀਨਾ: ਹੁਸ਼ਿਆਰਪੁਰ ’ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸਤ੍ਰਿਤ ਜਾਗਰੂਕਤਾ ਮੁਹਿੰਮ
Publish Date: Mon, 19 Jan 2026 07:31 PM (IST)
Updated Date: Tue, 20 Jan 2026 04:16 AM (IST)

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਐਸਐਸਪੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਚੱਲ ਰਹੀ ਮੁਹਿੰਮ ਹਾਦਸਿਆਂ ਦੀ ਰੋਕਥਾਮ ਲਈ ਸੜਕਾਂ ’ਤੇ ਸੁਧਾਰ ਕਾਰਜ ਤੇ ਲੋਕਾਂ ਨੂੰ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸੜਕ ਸੁਰੱਖਿਆ ਮਹੀਨੇ ਦੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸੜਕ ਹਾਦਸਿਆਂ ਨੂੰ ਰੋਕਣ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸਤ੍ਰਿਤ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੀ ਅਗਵਾਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਸੰਦੀਪ ਕੁਮਾਰ ਮਲਿਕ ਕਰ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਆਪਸੀ ਸਹਿਯੋਗ ਨਾਲ ਸੜਕ ਸੁਰੱਖਿਆ ਸਬੰਧੀ ਜ਼ਰੂਰੀ ਜਾਣਕਾਰੀ ਅਤੇ ਸੁਵਿਧਾਵਾਂ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਮੁਹਿੰਮ ਦੌਰਾਨ ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ, ਤੇਜ਼ ਰਫ਼ਤਾਰ ਤੋਂ ਬਚਾਅ, ਨਸ਼ੇ ਦੀ ਹਾਲਤ ਵਿੱਚ ਵਾਹਨ ਨਾ ਚਲਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਕੂਲਾਂ, ਕਾਲਜਾਂ ਅਤੇ ਜਨਤਕ ਥਾਵਾਂ ’ਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੜਕ ਸੁਰੱਖਿਆ ਦਾ ਸੁਨੇਹਾ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚੇ। ਖੇਤਰੀ ਟਰਾਂਸਪੋਰਟ ਅਫ਼ਸਰ ਅਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸੜਕ ਸੁਰੱਖਿਆ ਕਾਰਜਾਂ ਅਧੀਨ ਲੋਕ ਨਿਰਮਾਣ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਸੜਕਾਂ ’ਤੇ ਸੁਧਾਰ ਕਾਰਜ ਜਾਰੀ ਹਨ। ਇਨ੍ਹਾਂ ਕਾਰਜਾਂ ਵਿੱਚ ਸੜਕ ਚਿੰਨ੍ਹਾਂ ਦੀ ਸਥਾਪਨਾ, ਸਪੀਡ ਬ੍ਰੇਕਰ, ਰਿਫਲੈਕਟਰ, ਸਾਈਨ ਬੋਰਡ ਲਗਾਉਣ ਅਤੇ ਬਲੈਕ ਸਪਾਟਸ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਸੁਰੱਖਿਅਤ ਬਣਾਉਣਾ ਸ਼ਾਮਲ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸੜਕ ਸੁਰੱਖਿਆ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਸਮਾਜ ਦੇ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰ ਕੇ ਆਪਣੀ ਅਤੇ ਦੂਜਿਆਂ ਦੀ ਜਾਨ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।