ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਹੈ ‘ਆਪ੍ਰੇਸ਼ਨ ਪ੍ਰਹਾਰ’: ਕਰਮਜੀਤ ਕੌਰ
ਗੈਂਗਸਟਰਾਂ ਖ਼ਿਲਾਫ਼ ਨਿਰਣਾਇਕ ਜੰਗ ਹੈ ‘ਆਪ੍ਰੇਸ਼ਨ ਪ੍ਰਹਾਰ’: ਕਰਮਜੀਤ ਕੌਰ
Publish Date: Tue, 20 Jan 2026 05:10 PM (IST)
Updated Date: Wed, 21 Jan 2026 04:06 AM (IST)

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਵੱਲੋਂ ਰਾਜ ਪੱਧਰੀ ‘ਆਪ੍ਰੇਸ਼ਨ ਪ੍ਰਹਾਰ’ ਦਾ ਸਵਾਗਤ ਕਿਹਾ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਖ਼ਿਲਾਫ਼ ਸ਼ੁਰੂ ਕੀਤੇ ਗਏ ਰਾਜ ਪੱਧਰੀ ਪ੍ਰਮੁੱਖ ਮੁਹਿੰਮ ‘ਆਪ੍ਰੇਸ਼ਨ ਪ੍ਰਹਾਰ’ ਦਾ ਸਵਾਗਤ ਕਰਦਿਆਂ ਇਸਨੂੰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਬਹਾਲੀ ਵੱਲ ਇੱਕ ਇਤਿਹਾਸਕ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਡਰ ਅਤੇ ਸਪਸ਼ਟ ਅਗਵਾਈ ਹੇਠ ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕਾਂ ਖ਼ਿਲਾਫ਼ ਨਿਰਣਾਇਕ ਜੰਗ ਛੇੜੀ ਹੈ। ਕਰਮਜੀਤ ਕੌਰ ਨੇ ਦੱਸਿਆ ਕਿ ਪੁਲਿਸ ਮਹਾਨਿਰਦੇਸ਼ਕ (ਡੀਜੀਪੀ) ਦੀ ਅਗਵਾਈ ਹੇਠ ਅੱਜ ਤੋਂ ਸੂਬੇ ਭਰ ਵਿੱਚ ਲਗਭਗ 2,000 ਪੁਲਿਸ ਟੀਮਾਂ, ਜਿਨ੍ਹਾਂ ਵਿੱਚ ਕਰੀਬ 12,000 ਪੁਲਿਸ ਮੁਲਾਜ਼ਮ ਸ਼ਾਮਲ ਹਨ, ਵੱਲੋਂ ਸਰਗਰਮ ਢੰਗ ਨਾਲ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਅਭਿਆਨ ਦਾ ਮਕਸਦ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਹੀ ਨਹੀਂ, ਸਗੋਂ ਉਨ੍ਹਾਂ ਦੇ ਪੂਰੇ ਅਪਰਾਧਿਕ ਨੈੱਟਵਰਕ ਨੂੰ ਜੜ ਤੋਂ ਖ਼ਤਮ ਕਰਨਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਚਾਹੇ ਗੈਂਗਸਟਰ ਦੇਸ਼ ਵਿੱਚ ਹੋਣ ਜਾਂ ਵਿਦੇਸ਼ਾਂ ਵਿੱਚ ਬੈਠ ਕੇ ਅਪਰਾਧ ਚਲਾ ਰਹੇ ਹੋਣ, ਕਿਸੇ ਨੂੰ ਵੀ ਕਾਨੂੰਨ ਤੋਂ ਉੱਪਰ ਨਹੀਂ ਸਮਝਿਆ ਜਾਵੇਗਾ। ਚੇਅਰਪਰਸਨ ਨੇ ਕਿਹਾ ਕਿ ਇਸ ਅਭਿਆਨ ਨਾਲ ਪੁਲਿਸ ਬਲ ਦਾ ਮਨੋਬਲ ਵੀ ਮਜ਼ਬੂਤ ਹੋਵੇਗਾ, ਕਿਉਂਕਿ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਉਣ ਵਾਲੇ ਪੁਲਿਸ ਮੁਲਾਜਮਾਂ ਨੂੰ ਇਨਾਮ ਦੇ ਕੇ ਉਤਸ਼ਾਹਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਆਮ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਟੋਲ-ਫ੍ਰੀ ਨੰਬਰ 9394693946 ਜਾਰੀ ਕੀਤਾ ਗਿਆ ਹੈ, ਤਾਂ ਜੋ ਲੋਕ ਬਿਨਾਂ ਕਿਸੇ ਡਰ ਦੇ ਅਪਰਾਧ ਨਾਲ ਸੰਬੰਧਿਤ ਜਾਣਕਾਰੀ ਪੁਲਿਸ ਤੱਕ ਪਹੁੰਚਾ ਸਕਣ। ਕਰਮਜੀਤ ਕੌਰ ਨੇ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਜੋ ਨੌਜਵਾਨ ਕਿਸੇ ਗਲਤ ਰਾਹ ‘ਤੇ ਭਟਕ ਗਏ ਹਨ, ਉਹ ਸਮੇਂ ਰਹਿੰਦੇ ਉਸ ਰਾਹ ਨੂੰ ਛੱਡ ਕੇ ਸਮਾਜ ਦੀ ਮੁੱਖਧਾਰਾ ਵਿੱਚ ਵਾਪਸ ਆਉਣ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੇ ਨੌਜਵਾਨਾਂ ਦੀ ਸੁਧਾਰ ਅਤੇ ਪੁਨਰਵਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ‘ਆਪ੍ਰੇਸ਼ਨ ਪ੍ਰਹਾਰ’ ਰਾਹੀਂ ਪੰਜਾਬ ਨੂੰ ਅਪਰਾਧ ਮੁਕਤ, ਸੁਰੱਖਿਅਤ ਅਤੇ ਸ਼ਾਂਤਮਈ ਸੂਬਾ ਬਣਾਉਣ ਦਾ ਟੀਚਾ ਜ਼ਰੂਰ ਪੂਰਾ ਕੀਤਾ ਜਾਵੇਗਾ।