ਤਲਵਾੜਾ ਵਿਖੇ 50 ਨਵ-ਜੰਮੀਆਂ ਧੀਆਂ ਦੀ ਲੋਹੜੀ ਮਨਾਈ
ਤਲਵਾੜਾ ਵਿਖੇ 50 ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ
Publish Date: Tue, 20 Jan 2026 05:34 PM (IST)
Updated Date: Wed, 21 Jan 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹੁਸ਼ਿਆਰਪੁਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਸੀ.ਡੀ.ਪੀ.ਓ ਰਾਜ ਰਾਣੀ ਵੱਲੋਂ ਵਿਸ਼ਕਰਮਾ ਮੰਦਿਰ, ਤਲਵਾੜਾ ਵਿਖੇ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ। ਇਸ ਦੌਰਾਨ 50 ਨਵਜੰਮੀਆਂ ਬੱਚਿਆਂ ਨੂੰ ਤੋਹਫ਼ੇ ਤੇ ਮਠਿਆਈਆਂ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਭਜੋਤ ਕੌਰ ਘੁੰਮਣ ਧਰਮ ਪਤਨੀ ਹਲਕਾ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ, ਜਦਕਿ ਨਗਰ ਕੌਂਸਲ ਪ੍ਰਧਾਨ ਆਸ਼ੂ ਅਰੋੜਾ, ਮਿਊਂਸਪਲ ਕੌਂਸਲਰ ਪਰਦੀਪ ਕੁਮਾਰ ਅਤੇ ਬਲਾਕ ਪ੍ਰਧਾਨ ਸ਼ਿਵਮ ਤਲੂਜਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪ੍ਰਭਜੋਤ ਕੌਰ ਨੇ ਮਾਵਾਂ ਅਤੇ ਪਰਿਵਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਦੇ ਪ੍ਰਗਤੀਸ਼ੀਲ ਸਮਾਜ ਵਿੱਚ ਲੜਕਿਆਂ ਅਤੇ ਲੜਕੀਆਂ ਵਿੱਚ ਕੋਈ ਭੇਦਭਾਵ ਨਹੀਂ ਰਹਿ ਗਿਆ ਹੈ, ਕਿਉਂਕਿ ਲੜਕੀਆਂ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ਸਮਾਂ ਸੀ ਜਦੋਂ ਧੀਆਂ ਦੇ ਜਨਮ ਨੂੰ ਖੁਸ਼ੀ ਨਾਲ ਨਹੀਂ ਮਨਾਇਆ ਜਾਂਦਾ ਸੀ, ਪਰ ਹੁਣ ਧੀਆਂ ਦਾ ਸਵਾਗਤ ਪੂਰੇ ਉਤਸ਼ਾਹ ਨਾਲ ਕੀਤਾ ਜਾਂਦਾ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਧੀਆਂ ਨੂੰ ਬਰਾਬਰ ਦੇ ਮੌਕੇ, ਸਿੱਖਿਆ ਅਤੇ ਆਪਣੇ ਫ਼ੈਸਲੇ ਖ਼ੁਦ ਲੈਣ ਦੀ ਆਜ਼ਾਦੀ ਦਿੱਤੀ ਜਾਵੇ, ਤਾਂ ਜੋ ਉਹ ਜੀਵਨ ਵਿੱਚ ਨਵੀਆਂ ਉਚਾਈਆਂ ਹਾਸਲ ਕਰ ਸਕਣ।