ਗੈਂਗਸਟਰਾਂ ਖਿਲਾਫ 72 ਘੰਟਿਆਂ ’ਚ ਹੋਵੇਗੀ ਕਾਰਵਾਈ : ਭੁੱਲਰ
ਉਪ੍ਰੇਸ਼ਨ ਪ੍ਰਹਾਰ ਤਹਿਤ ਗੈਂਗਸਟਰਾਂ ਖਿਲਾਫ 72 ਘੰਟਿਆਂ ਚ ਹੋਵੇਗੀ ਕਾਰਵਾਈ " ਮੰਤਰੀ ਭੁੱਲਰ "
Publish Date: Tue, 20 Jan 2026 07:47 PM (IST)
Updated Date: Wed, 21 Jan 2026 04:18 AM (IST)

ਸੁਰਿੰਦਰ ਢਿੱਲੋਂ , ਪੰਜਾਬੀ ਜਾਗਰਣ, ਟਾਂਡਾ ਉੜਮੁੜ : ਪੰਜਾਬ ਪੁਲਿਸ ਵੱਲੋਂ ਹੁਣ ਸੂਬੇ ਭਰ ’ਚ ਗੈਂਗਸਟਰਾਂ ਖਿਲਾਫ 72 ਘੰਟੇ ਦਾ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਪੰਜਾਬ ਵਿੱਚ ਦਿਨੋਂ ਦਿਨ ਵਧ ਰਹੇ ਗੈਂਗਸਟਰਬਾਦ ਨੂੰ ਠੱਲ ਪਾਈ ਜਾ ਸਕੇ, ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਟਾਂਡਾ ਦੇ ਕਸਬਾ ਮਿਆਣੀ ਵਿਖੇ ਬੀਤੇ ਦਿਨੀਂ ਗੈਂਗਸਟਰਾਂ ਵਲੋਂ ਕਤਲ ਕੀਤੇ ਸੀਨੀਅਰ ਆਪ ਵਰਕਰ ਬਲਵਿੰਦਰ ਸਿੰਘ ਦੇ ਸੰਸਕਾਰ ਮੌਕੇ ਪਹੁੰਚਣ ਤੇ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਬੋਲਦਿਆਂ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਸਖ਼ਤ ਨਿਰਦੇਸ਼ਾਂ ਤੋਂ ਬਾਅਦ ਡੀਜੀਪੀ ਪੰਜਾਬ ਪੁਲਿਸ ਗੌਰਵ ਯਾਦਵ ਸੂਬੇ ਅੰਦਰ ਹਜ਼ਾਰਾਂ ਦੀ ਤਾਦਾਦ ਵਿੱਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜੋ ਸੂਬੇ ਭਰ ਵਿੱਚ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਰਿਵਾਰਕ ਮੈਂਬਰਾਂ ਦੀ ਜਾਂਚ ਪੜਤਾਲ ਕਰਨਗੇ ਤੇ ਕਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਦਿਨੋਂ ਦਿਨ ਗੈਂਗਸਟਰ ਬਾਦ ਵੱਧ ਰਿਹਾ ਹੈ ਤੇ ਆਏ ਦਿਨ ਇਹ ਲੋਕ ਬੇਗੁਨਾਹ ਲੋਕਾਂ ਦੀਆਂ ਜਾਨਾਂ ਲੈਣ ਰਹੇ ਹਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਸਖ਼ਤ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਦੇ ਡੀਜੀਪੀ ਪੰਜਾਬ ਵਲੋਂ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਉਪ੍ਰੇਸ਼ਨ ਪ੍ਰਹਾਰ ਸ਼ੁਰੂ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਗੈਂਗਸਟਰਾਂ ਨਾਲ ਜੁੜੀ ਜਾਣਕਾਰੀ ਦੇਵੇਗਾ ਤਾਂ ਉਸ ਦੀ ਪਛਾਣ ਵੀ ਗੁਪਤ ਰੱਖੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਹਲਕਾ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ , ਚੇਅਰਮੈਨ ਮਾਰਕੀਟਿੰਗ ਸੁਸਾਇਟੀ ਟਾਂਡਾ ਜਸਵੰਤ ਸਿੰਘ ਬਿੱਟੂ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਲਖਵਿੰਦਰ ਸਿੰਘ ਲੱਖੀ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ, ਸਾਬਕਾ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ, ਜ਼ਿਲ੍ਹਾ ਪਰਿਸ਼ਦ ਮੈਂਬਰ ਰਜਿੰਦਰ ਮਾਰਸ਼ਲ, ਆਪ ਦੇ ਹਲਕਾ ਇੰਚਾਰਜ ਮੁਕੇਰੀਆਂ ਧਿਆਨ ਸਿੰਘ ਮੁਲਤਾਨੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਵੀ ਹਾਜ਼ਰ ਸਨ।