ਗੈਂਗਸਟਰਾਂ ਵਿਰੁੱਧ ਫ਼ੈਸਲਾਕੁੰਨ ਜੰਗ ਹੈ ਆਪ੍ਰੇਸ਼ਨ ਪ੍ਰਹਾਰ : ਗੜ੍ਹਦੀਵਾਲਾ
ਗੈਂਸਸਟਰਾਂ ਵਿਰੁੱਧ ਫੈਸਲਾਕੁੰਨ ਜੰਗ ਹੈ ਆਪ੍ਰੇਸ਼ਨ ਪ੍ਰਹਾਰ : ਸ਼ੁਭਮ ਸਹੋਤਾ ਗੜਦੀਵਾਲਾ
Publish Date: Wed, 21 Jan 2026 03:47 PM (IST)
Updated Date: Wed, 21 Jan 2026 03:48 PM (IST)

ਸ਼ੁਭਮ ਸਹੋਤਾ ਗੜ੍ਹਦੀਵਾਲਾ ਨੇ ਰਾਜ ਪੱਧਰੀ ‘ਆਪ੍ਰੇਸ਼ਨ ਪ੍ਰਹਾਰ’ ਦਾ ਕੀਤਾ ਸਵਾਗਤ ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਸ਼ੁਭਮ ਸਹੋਤਾ ਗੜ੍ਹਦੀਵਾਲਾ ਨੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਸ਼ੁਰੂ ਕੀਤੇ ਗਏ ਸੂਬਾ ਪੱਧਰੀ ਵੱਡੀ ਮੁਹਿੰਮ ‘ਆਪ੍ਰੇਸ਼ਨ ਪ੍ਰਹਾਰ’ ਦਾ ਸਵਾਗਤ ਕੀਤਾ ਅਤੇ ਇਸ ਨੂੰ ਪੰਜਾਬ ’ਚ ਕਾਨੂੰਨ ਵਿਵਸਥਾ ਬਹਾਲ ਕਰਨ ਵੱਲ ਇੱਕ ਇਤਿਹਾਸਕ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਡਰ ਅਤੇ ਸਪੱਸ਼ਟ ਅਗਵਾਈ ਹੇਠ ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਵਿਰੁੱਧ ਸਿੱਧੀ ਅਤੇ ਫੈਸਲਾਕੁੰਨ ਜੰਗ ਦਾ ਐਲਾਨ ਕੀਤਾ ਹੈ। ਪੁਲਿਸ ਡਾਇਰੈਕਟਰ ਜਨਰਲ ਦੀ ਅਗਵਾਈ ਹੇਠ ਪੂਰੇ ਪੰਜਾਬ ਵਿਚ ਲਗਭਗ 2,000 ਪੁਲਿਸ ਟੀਮਾਂ, ਜਿਨ੍ਹਾਂ ਵਿੱਚ ਲੱਗਭਗ 12,000 ਪੁਲਿਸ ਕਰਮਚਾਰੀ ਸ਼ਾਮਿਲ ਹਨ, ਅੱਜ ਤੋਂ ਪੰਜਾਬ ਭਰ ਵਿੱਚ ਸਰਗਰਮੀ ਨਾਲ ਛਾਪੇਮਾਰੀ ਕਰ ਰਹੀਆਂ ਹਨ। ਇਸ ਮੁਹਿੰਮ ਦਾ ਉਦੇਸ਼ ਸਿਰਫ਼ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨਾ ਹੀ ਨਹੀਂ ਹੈ, ਸਗੋਂ ਉਨ੍ਹਾਂ ਦੇ ਪੂਰੇ ਨੈੱਟਵਰਕ ਨੂੰ ਖ਼ਤਮ ਕਰਨਾ ਵੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਕਾਨੂੰਨ ਤੋਂ ਉੱਪਰ ਨਹੀਂ ਸਮਝਿਆ ਜਾਵੇਗਾ, ਭਾਵੇਂ ਗੈਂਗਸਟਰ ਦੇਸ਼ ਵਿੱਚ ਹੋਣ ਜਾਂ ਵਿਦੇਸ਼ਾਂ ਵਿੱਚ ਅਪਰਾਧ ਚਲਾ ਰਹੇ ਹੋਣ। ਇਹ ਮੁਹਿੰਮ ਪੁਲਿਸ ਫੋਰਸ ਦਾ ਮਨੋਬਲ ਵੀ ਵਧਾਏਗੀ, ਕਿਉਂਕਿ ਚੰਗਾ ਅਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਢੁਕਵੇਂ ਇਨਾਮ ਦੇ ਕੇ ਉਤਸ਼ਾਹਿਤ ਕੀਤਾ ਜਾਵੇਗਾ। ਸ਼ੁਭਮ ਸਹੋਤਾ ਨੇ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨੌਜਵਾਨ ਭਟਕ ਗਏ ਹਨ, ਉਨ੍ਹਾਂ ਨੂੰ ਸਮੇਂ ਸਿਰ ਇਸ ਰਸਤੇ ਨੂੰ ਛੱਡ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਆਉਣਾ ਚਾਹੀਦਾ ਹੈ। ਸਰਕਾਰ ਅਜਿਹੇ ਨੌਜਵਾਨਾਂ ਨੂੰ ਸੁਧਾਰ ਅਤੇ ਪੁਨਰਵਾਸ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਆਪ੍ਰੇਸ਼ਨ ਪ੍ਰਹਾਰ ਪੰਜਾਬ ਨੂੰ ਅਪਰਾਧ ਮੁਕਤ, ਸੁਰੱਖਿਅਤ ਅਤੇ ਸ਼ਾਂਤੀਪੂਰਨ ਸੂਬਾ ਬਣਾਉਣ ਦੇ ਟੀਚੇ ਨੂੰ ਪ੍ਰਾਪਤ ਕਰੇਗਾ।