ਰਵਿਦਾਸ ਜੈਅੰਤੀ ਸਮਾਗਮ ਨੂੰ ਲੈ ਕੇ ਘਰ-ਘਰ ਜਾ ਕੇ ਦਿੱਤਾ ਸੱਦਾ
ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ
Publish Date: Wed, 21 Jan 2026 04:39 PM (IST)
Updated Date: Wed, 21 Jan 2026 04:42 PM (IST)

-ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਨੇ ਸਮਾਗਮ ਦੀ ਮਹੱਤਤਾ ਬਾਰੇ ਲੋਕਾਂ ਨੂੰ ਕਰਵਾਇਆ ਜਾਣੂ ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ : ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਜਨਮ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਬੜੀ ਸ਼ਰਧਾ, ਉਤਸ਼ਾਹ ਅਤੇ ਭਾਈਚਾਰਕ ਸਾਂਝ ਨਾਲ ਕਰਵਾਇਆ ਜਾ ਰਿਹਾ ਹੈ। ਇਸ ਧਾਰਮਿਕ ਅਤੇ ਸਮਾਜਿਕ ਮਹੱਤਤਾ ਵਾਲੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਆਯੋਜਕ ਕਮੇਟੀ ਦੇ ਨਾਲ-ਨਾਲ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਡਿਪਟੀ ਸਪੀਕਰ ਸ਼੍ਰੀ ਰੋੜੀ ਵੱਲੋਂ ਵੀ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਿੱਜੀ ਤੌਰ ‘ਤੇ ਸੱਦਾ ਦਿੱਤਾ ਜਾ ਰਿਹਾ ਹੈ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਡਿਪਟੀ ਸਪੀਕਰ ਰੋੜੀ ਨੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨਾਲ ਸਿੱਧੀ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਸਮਾਗਮ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਰਾਜ ਪੱਧਰੀ ਸਮਾਗਮ ਸਿਰਫ਼ ਇੱਕ ਧਾਰਮਿਕ ਸਮਾਗਮ ਹੀ ਨਹੀਂ, ਸਗੋਂ ਸਮਾਜਿਕ ਏਕਤਾ, ਸਮਾਨਤਾ ਅਤੇ ਭਾਈਚਾਰੇ ਦੀ ਮਜ਼ਬੂਤੀ ਦਾ ਪ੍ਰਤੀਕ ਵੀ ਹੈ। ਡਿਪਟੀ ਸਪੀਕਰ ਰੋੜੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੀਵਨ ਅਤੇ ਉਪਦੇਸ਼ ਅੱਜ ਦੇ ਸਮਾਜ ਲਈ ਵੀ ਉਤਨੇ ਹੀ ਪ੍ਰਸੰਗਿਕ ਹਨ, ਜਿੰਨੇ ਆਪਣੇ ਸਮੇਂ ਵਿੱਚ ਸਨ। ਗੁਰੂ ਜੀ ਨੇ ਮਨੁੱਖਤਾ, ਪ੍ਰੇਮ, ਸਮਾਨਤਾ ਅਤੇ ਸੱਚਾਈ ਦਾ ਸੰਦੇਸ਼ ਦੇ ਕੇ ਜਾਤ-ਪਾਤ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਇਕਜੁੱਟ ਸਮਾਜ ਦੀ ਨੀਂਹ ਰੱਖੀ। ਉਨ੍ਹਾਂ ਅਤੇ ਆਯੋਜਕ ਕਮੇਟੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਪਾਵਨ ਸਮਾਗਮ ਵਿੱਚ ਸ਼ਾਮਲ ਹੋ ਕੇ ਗੁਰੂ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੰਕਲਪ ਲੈਣ। ਇਸ ਦੌਰਾਨ ਪਿੰਡਾਂ ਵਿੱਚ ਗਏ ਨੁਮਾਇੰਦਿਆਂ ਵੱਲੋਂ ਘਰ-ਘਰ ਜਾ ਕੇ ਸੱਦਾ ਪੱਤਰ ਸੌਂਪੇ ਗਏ ਅਤੇ ਲੋਕਾਂ ਨੂੰ ਸਮਾਗਮ ਦੇ ਪ੍ਰੋਗਰਾਮ, ਤਰੀਕਾਂ ਅਤੇ ਵਿਵਸਥਾਵਾਂ ਬਾਰੇ ਜਾਣੂ ਕਰਵਾਇਆ ਗਿਆ। ਦੱਸਿਆ ਗਿਆ ਕਿ ਸਮਾਗਮ ਦੌਰਾਨ ਧਾਰਮਿਕ ਦੀਵਾਨ, ਕੀਰਤਨ, ਵਿਚਾਰ ਗੋਸ਼ਠੀਆਂ ਅਤੇ ਵਿਸ਼ਾਲ ਲੰਗਰ ਦੀ ਵਿਵਸਥਾ ਕੀਤੀ ਜਾਵੇਗੀ, ਤਾਂ ਜੋ ਹਰ ਵਰਗ ਦਾ ਵਿਅਕਤੀ ਇਸ ਪਾਵਨ ਸਮਾਗਮ ਵਿੱਚ ਸ਼ਾਮਲ ਹੋ ਸਕੇ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਵੀ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਲੋਕਾਂ ਨੇ ਸੱਦਾ ਪੱਤਰ ਸਵੀਕਾਰ ਕਰਦਿਆਂ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਭਰੋਸਾ ਦਿੱਤਾ। ਬਜ਼ੁਰਗਾਂ, ਨੌਜਵਾਨਾਂ ਅਤੇ ਮਹਿਲਾਵਾਂ ਨੇ ਕਿਹਾ ਕਿ ਤੱਪ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਉਨ੍ਹਾਂ ਦੀ ਆਸਥਾ ਦਾ ਕੇਂਦਰ ਹੈ ਅਤੇ ਇੱਥੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨਾ ਉਹ ਆਪਣਾ ਸੌਭਾਗ ਸਮਝਦੇ ਹਨ।