ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰਾਂ/ਟਰੱਕਾਂ ਦੀ ਆਵਾਜਾਈ ’ਤੇ ਪਾਬੰਦੀ
ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰਾਂ/ਟਰੱਕਾਂ ਦੀ ਆਵਾਜਾਈ ‘ਤੇ ਪਾਬੰਦੀ ਦੇ ਹੁਕਮ ਜਾਰੀ
Publish Date: Thu, 22 Jan 2026 06:44 PM (IST)
Updated Date: Fri, 23 Jan 2026 04:13 AM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਪੈਂਦੇ ਪਿੰਡ ਜੇਜੋਂ ਤੋਂ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ ‘ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰਾਂ ਅਤੇ ਟਰੱਕਾਂ ਨੂੰ ਕੇਵਲ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਹੀ ਆਵਾਜਾਈ ਦੀ ਆਗਿਆ ਹੋਵੇਗੀ। ਇਨ੍ਹਾਂ ਸਮਿਆਂ ਤੋਂ ਇਲਾਵਾ ਉਕਤ ਸੜਕਾਂ ‘ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰਾਂ ਅਤੇ ਟਰੱਕਾਂ ਦੀ ਆਵਾਜਾਈ ‘ਤੇ 20 ਮਾਰਚ 2026 ਤੱਕ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕੀਤੀ ਹੈ ਕਿ ਪਿੰਡਾਂ ਦੇ ਵਲੰਟੀਅਰਾਂ ਦੀ ਮਦਦ ਨਾਲ ਸੰਵੇਦਨਸ਼ੀਲ ਥਾਵਾਂ ‘ਤੇ ਠੀਕਰੀ ਪਹਿਰਾ ਆਦਿ ਦੇ ਪ੍ਰਬੰਧ ਕੀਤੇ ਜਾਣ। ਇਸ ਦੇ ਨਾਲ ਹੀ ਉਪ ਪੁਲਿਸ ਕਪਤਾਨ ਗੜ੍ਹਸ਼ੰਕਰ ਯਕੀਨੀ ਬਣਾਉਣਗੇ ਕਿ ਟ੍ਰੈਫਿਕ ਪੁਲਿਸ ਵੱਲੋਂ ਟਿੱਪਰਾਂ ਅਤੇ ਟਰੱਕਾਂ ਦੀ ਓਵਰਸਪੀਡਿੰਗ ਦੀ ਨਿਰੰਤਰ ਚੈਕਿੰਗ ਕੀਤੀ ਜਾਵੇ। ਰਿਜਨਲ ਟਰਾਂਸਪੋਰਟ ਅਥਾਰਟੀ, ਹੁਸ਼ਿਆਰਪੁਰ ਨੂੰ ਹੁਕਮ ਦਿੱਤੇ ਗਏ ਹਨ ਕਿ ਓਵਰਲੋਡਿੰਗ ਅਤੇ ਹੋਰ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਸਬੰਧੀ ਸਖ਼ਤ ਚੈਕਿੰਗ ਕਰਕੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਕਾਰਜਕਾਰੀ ਇੰਜੀਨੀਅਰ ਡਰੇਨੇਜ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ ਹੁਸ਼ਿਆਰਪੁਰ ਵੱਲੋਂ ਅੰਤਰ-ਰਾਜੀ ਚੈਕ ਪੋਸਟਾਂ ‘ਤੇ 24 ਘੰਟੇ ਮੋਨੀਟਰਿੰਗ ਯਕੀਨੀ ਬਣਾਈ ਜਾਵੇਗੀ ਅਤੇ ਭਾਰ ਤੋਲਣ ਵਾਲੇ ਕੰਡਿਆਂ ਦੀ ਵਰਤੋਂ ਕਰਕੇ ਓਵਰਲੋਡ ਟਿੱਪਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਇਹ ਹੁਕਮ 20 ਮਾਰਚ 2026 ਤੱਕ ਲਾਗੂ ਰਹਿਣਗੇ।