ਪੰਜਾਬ ਦੇ ਹਰ ਪਰਿਵਾਰ ਨੂੰ ਮਿਲੇਗੀ ਸੰਜੀਵਨੀ : ਕਰਮਜੀਤ ਕੌਰ
ਮੁੱਖ ਮੰਤਰੀ ਸਿਹਤ ਯੋਜਨਾ ਨਾਲ ਪੰਜਾਬ ਦੇ ਹਰ ਪਰਿਵਾਰ ਨੂੰ ਮਿਲੇਗੀ ਸੰਜੀਵਨੀ : ਕਰਮਜੀਤ ਕੌਰ
Publish Date: Thu, 22 Jan 2026 07:57 PM (IST)
Updated Date: Fri, 23 Jan 2026 04:13 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਇਤਿਹਾਸਕ ਕਦਮ ਚੁੱਕਦੇ ਹੋਏ ਦੇਸ਼ ਦੀ ਸਭ ਤੋਂ ਵੱਡੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਯੋਜਨਾ ਪੰਜਾਬ ਦੀ ਆਮ ਜਨਤਾ ਨੂੰ ਗੁਣਵੱਤਾਪੂਰਨ ਤੇ ਸੁਲਭ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਇੱਕ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਮਹੱਤਵਾਕਾਂਕਸ਼ੀ ਯੋਜਨਾ ਤਹਿਤ ਹੁਣ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾਵੇਗਾ। ਯੋਜਨਾ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਨਾਗਰਿਕ ਨੂੰ ਬਿਮਾਰੀ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਨਾ ਹੀ ਇਲਾਜ ਦੀ ਘਾਟ ਕਾਰਨ ਕਿਸੇ ਦੀ ਜ਼ਿੰਦਗੀ ਖ਼ਤਰੇ ਵਿੱਚ ਪਏ। ਕਰਮਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਗਰੀਬ, ਮੱਧ ਵਰਗ ਅਤੇ ਜ਼ਰੂਰਤਮੰਦ ਪਰਿਵਾਰਾਂ ਲਈ ਇੱਕ ਮਜ਼ਬੂਤ ਸੁਰੱਖਿਆ ਕਵਚ ਹੈ। ਇਸ ਯੋਜਨਾ ਅਧੀਨ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਦੀ ਸੁਵਿਧਾ ਮਿਲੇਗੀ, ਜਿਸ ਨਾਲ ਮਰੀਜ਼ਾਂ ਨੂੰ ਸਮੇਂ-ਸਿਰ ਅਤੇ ਬਿਹਤਰ ਚਿਕਿਤਸਾ ਸੇਵਾਵਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸੂਬੇ ਵਿੱਚ ਨਾਗਰਿਕਾਂ ਦੀ ਸਿਹਤ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਹ ਯੋਜਨਾ ਲੋਕਾਂ ਨੂੰ ਆਰਥਿਕ ਰਾਹਤ ਦੇਣ ਦੇ ਨਾਲ-ਨਾਲ ਸਿਹਤ ਪ੍ਰਤੀ ਜਾਗਰੂਕਤਾ ਵੀ ਵਧਾਏਗੀ। ਚੇਅਰਪਰਸਨ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਸਮਾਜ ਦੇ ਹਰ ਵਰਗ ਲਈ ਲਾਭਕਾਰੀ ਸਾਬਤ ਹੋਵੇਗੀ ਅਤੇ ਪੰਜਾਬ ਨੂੰ ਸਿਹਤਮੰਦ, ਸਸ਼ਕਤ ਅਤੇ ਆਤਮਨਿਰਭਰ ਸੂਬਾ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।