27 ਨੂੰ ਮੁੱਖ ਮੰਤਰੀ ਰਿਹਾਇਸ਼ ’ਤੇ ਮਜ਼ਦੂਰ ਜਥੇਬੰਦੀ ਕਰੇਗੀ ਮੁਜ਼ਾਹਰਾ
ਗ੍ਰਿਫ਼ਤਾਰੀ ਵਿਰੁੱਧ 27 ਨੂੰ ਮੁੱਖ ਮੰਤਰੀ ਰਿਹਾਇਸ਼ ਤੇ ਮਜ਼ਦੂਰ ਜਥੇਬੰਦੀ ਕਰੇਗੀ ਮੁਜ਼ਾਹਰਾ
Publish Date: Fri, 23 Jan 2026 04:20 PM (IST)
Updated Date: Sat, 24 Jan 2026 04:01 AM (IST)

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ ਦੀ ਗ੍ਰਿਫ਼ਤਾਰੀ ਤੋਂ ਬਾਅਦ ਰੋਸ ਵਜੋਂ ਮਜ਼ਦੂਰ ਵਰਗ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਿਹਾਇਸ਼ ਮੂਹਰੇ ਧਰਨਾ ਪ੍ਰਦਰਸ਼ਨ ਕੀਤਾ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਵਿਚਾਰਾਂ ਦਾ ਪ੍ਰਗਟਾਵਾ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਯੂਥ ਵਿੰਗ ਦੇ ਆਗੂ ਗੁਰਪ੍ਰੀਤ ਸਿੰਘ ਚੀਦਾ ਤੇ ਤਹਿਸੀਲ ਸਕੱਤਰ ਨਾਵਲ ਗਿੱਲ ਟਾਹਲੀ ਨੇ ਇੱਕ ਵਿਸ਼ੇਸ਼ ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ ਦੀ ਗ੍ਰਿਫ਼ਤਾਰੀ ਕਰ ਕੇ ਸਰਕਾਰ ਨੇ ਮਜ਼ਦੂਰ ਵਰਗ ’ਤੇ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਧਰਨਾ ਪ੍ਰਦਰਸ਼ਨ ਸਬੰਧੀ ਪਿੰਡ ਟਾਹਲੀ ਤੇ ਵੱਖ-ਵੱਖ ਹੋਰਨਾਂ ਪਿੰਡਾਂ ਵਿਖੇ ਪੇਂਡੂ ਮਜ਼ਦੂਰਾਂ ਦੀਆਂ ਭਰਵੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮਜ਼ਦੂਰਾਂ ਦੀਆਂ ਮੰਗਾਂ ਦਾ ਹੱਲ ਕਰਨਾ ਤਾਂ ਦੂਰ ਰਿਹਾ ਸਗੋਂ ਸਰਕਾਰ 4 ਸਾਲ ਬੀਤਣ ਦੇ ਬਾਵਜੂਦ ਵੀ ਮੁੱਖ ਮੰਤਰੀ ਦੇ ਮੂੰਹ ’ਚੋਂ ਮਜ਼ਦੂਰ ਸ਼ਬਦ ਸੁਣਨ ਨੂੰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੂਰੀ ਤਰ੍ਹਾਂ ਮਜ਼ਦੂਰ ਵਿਰੋਧੀ, ਦਲਿਤ ਵਿਰੋਧੀ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਸਮੇਤ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਲੈਂਡ ਸੀਲਿੰਗ ਐਕਟ ਤੋਂ ਵਾਧੂ ਜ਼ਮੀਨਾਂ ਬੇ-ਜ਼ਮੀਨੇ ਮਜ਼ਦੂਰਾਂ ਤੇ ਛੋਟੇ ਕਿਸਾਨਾਂ ਨੂੰ ਵੰਡਣ, ਪ੍ਰੋਵੈਨਸ਼ਲ ਗੌਰਮਿੰਟ ਦੀਆਂ ਜ਼ਮੀਨਾਂ ਸਮੇਤ ਨਜ਼ੂਲ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਖ਼ਤਮ ਕਰ ਕੇ ਇਨ੍ਹਾਂ ਅਲਾਟ ਜ਼ਮੀਨਾਂ ਦੇ ਦਲਿਤਾਂ ਨੂੰ ਹੱਕ ਦੇਣ, ਲਾਲ ਲਕੀਰ ’ਚ ਰਹਿੰਦੇ ਲੋਕਾਂ ਨੂੰ ਮਾਲਕੀ ਹੱਕ ਦੇਣ ਤੇ ਲੋੜਵੰਦ ਪਰਿਵਾਰਾਂ ਨੂੰ ਰਿਹਾਇਸ਼ੀ ਪਲਾਟ ਅਲਾਟ ਕਰਨ ਲਈ ਸੰਘਰਸ਼ਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਖਿਲਾਫ਼ ਸੰਘਰਸ਼ ਤੇਜ਼ ਕੀਤਾ ਜਾਵੇਗਾ।