ਸੰਗਤਾਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਰੌੜੀ
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ
Publish Date: Fri, 23 Jan 2026 05:11 PM (IST)
Updated Date: Sat, 24 Jan 2026 04:04 AM (IST)

ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਨ ਮੌਕੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪਾਵਨ 649ਵੇਂ ਜਨਮ ਦਿਵਸ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਵਿਸਤ੍ਰਿਤ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਸਮਾਗਮ ਸਥਾਨ ’ਤੇ ਪਹੁੰਚ ਕੇ ਪ੍ਰਬੰਧਾਂ ਦਾ ਮੌਕੇ ’ਤੇ ਨਿਰੀਖਣ ਕੀਤਾ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਤਿਆਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਡਿਪਟੀ ਸਪੀਕਰ ਰੌੜੀ ਨੇ ਸਮਾਗਮ ਦੌਰਾਨ ਸੰਗਤਾਂ ਲਈ ਕੀਤੇ ਜਾ ਰਹੇ ਬੈਠਕ ਪ੍ਰਬੰਧ, ਪੀਣ ਵਾਲੇ ਪਾਣੀ, ਬਿਜਲੀ ਸਪਲਾਈ, ਸਾਫ਼-ਸਫ਼ਾਈ, ਸਿਹਤ ਸਹੂਲਤਾਂ, ਲੰਗਰ ਪ੍ਰਬੰਧ ਤੇ ਐਮਰਜੈਂਸੀ ਸੇਵਾਵਾਂ ਦੀ ਗਹਿਰਾਈ ਨਾਲ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਲੱਖਾਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਆਵੇ ਤੇ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਸਮੇਂ ਸਿਰ ਪੂਰੇ ਕੀਤੇ ਜਾਣ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ, ਸਿਹਤ ਵਿਭਾਗ, ਲੋਕ ਨਿਰਮਾਣ ਵਿਭਾਗ, ਬਿਜਲੀ ਵਿਭਾਗ, ਜਲ ਸਪਲਾਈ ਵਿਭਾਗ, ਟ੍ਰਾਂਸਪੋਰਟ ਵਿਭਾਗ ਤੇ ਨਗਰ ਨਿਗਮ/ਪੰਚਾਇਤੀ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਸਨ। ਸਾਰੇ ਅਧਿਕਾਰੀਆਂ ਵੱਲੋਂ ਡਿਪਟੀ ਸਪੀਕਰ ਨੂੰ ਤਿਆਰੀਆਂ ਸਬੰਧੀ ਵਿਸਤ੍ਰਿਤ ਜਾਣਕਾਰੀ ਦਿੱਤੀ ਗਈ ਤੇ ਦੱਸਿਆ ਗਿਆ ਕਿ ਹਰ ਵਿਭਾਗ ਨੂੰ ਆਪਣੀ-ਆਪਣੀ ਜ਼ਿੰਮੇਵਾਰੀ ਸੌਂਪੀ ਗਈ ਹੈ। ਡਿਪਟੀ ਸਪੀਕਰ ਰੌੜੀ ਨੇ ਸੁਰੱਖਿਆ ਪ੍ਰਬੰਧਾਂ ’ਤੇ ਖ਼ਾਸ ਜ਼ੋਰ ਦਿੰਦਿਆਂ ਕਿਹਾ ਕਿ ਸੰਗਤਾਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਟ੍ਰੈਫਿਕ ਪ੍ਰਬੰਧ ਸੁਚੱਜੇ ਬਣਾਉਣ, ਵੱਖ-ਵੱਖ ਥਾਵਾਂ ’ਤੇ ਪਾਰਕਿੰਗ ਸਥਾਨ ਨਿਰਧਾਰਤ ਕਰਨ ਤੇ ਭੀੜ ਕੰਟਰੋਲ ਲਈ ਮਜ਼ਬੂਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਐਂਬੂਲੈਂਸਾਂ, ਮੈਡੀਕਲ ਟੀਮਾਂ ਤੇ ਫਰਸਟ ਏਡ ਸੈਂਟਰ ਤਾਇਨਾਤ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਮਨੁੱਖਤਾ, ਬਰਾਬਰੀ, ਭਾਈਚਾਰੇ ਤੇ ਸਮਾਜਿਕ ਨਿਆਂ ਦਾ ਮਹਾਨ ਸੰਦੇਸ਼ ਦਿੰਦੀ ਹੈ। ਪੰਜਾਬ ਸਰਕਾਰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਮਲ ’ਚ ਲਿਆਉਣ ਲਈ ਵਚਨਬੱਧ ਹੈ ਤੇ ਇਸ ਰਾਜ ਪੱਧਰੀ ਸਮਾਗਮ ਰਾਹੀਂ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਡਿਪਟੀ ਸਪੀਕਰ ਨੇ ਸਾਰੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅੰਤ ’ਚ ਉਨ੍ਹਾਂ ਪੰਜਾਬ ਵਾਸੀਆਂ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ’ਚ ਸ਼੍ਰੀ ਖੁਰਾਲਗੜ੍ਹ ਸਾਹਿਬ ਪਹੁੰਚ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਨ ਦੇ ਸਮਾਗਮ ’ਚ ਸ਼ਿਰਕਤ ਕਰ ਕੇ ਆਤਮਿਕ ਲਾਹਾ ਪ੍ਰਾਪਤ ਕਰਨ।