ਪੰਜਾਬ ਨੇ ਦੇਸ਼ ਦੇ ਸਾਹਮਣੇ ਪੇਸ਼ ਕੀਤੀ ਮਿਸਾਲ : ਡਾ. ਰਵਜੋਤ ਸਿੰਘ
ਮੁੱਖ ਮੰਤਰੀ ਸਿਹਤ ਯੋਜਨਾ ਨਾਲ ਪੰਜਾਬ ਨੇ ਦੇਸ਼ ਦੇ ਸਾਹਮਣੇ ਪੇਸ਼ ਕੀਤੀ ਮਿਸਾਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ
Publish Date: Fri, 23 Jan 2026 08:54 PM (IST)
Updated Date: Sat, 24 Jan 2026 04:16 AM (IST)

ਕਿਹਾ- ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦੇਣ ਦਾ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 22 ਜਨਵਰੀ ਨੂੰ ਮੁਹਾਲੀ ਵਿਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਯੋਜਨਾ ਦੇ ਲਾਗੂ ਹੋਣ ਨਾਲ ਉਹ ਮਹਿੰਗੇ ਨਿੱਜੀ ਹਸਪਤਾਲ ਵੀ ਆਮ ਲੋਕਾਂ ਦੀ ਪਹੁੰਚ ਵਿੱਚ ਆ ਗਏ ਹਨ, ਜਿੱਥੇ ਹੁਣ ਤੱਕ ਸਿਰਫ਼ ਅਮੀਰ ਵਰਗ ਹੀ ਇਲਾਜ ਕਰਵਾ ਸਕਦਾ ਸੀ। ਹੁਣ ਗ਼ਰੀਬ ਕਿਸਾਨ, ਮਜ਼ਦੂਰ, ਗਲੀ-ਮੁਹੱਲੇ ਵਾਲੇ ਅਤੇ ਰਿਕਸ਼ਾ ਚਾਲਕ ਵੀ ਬਿਨਾਂ ਕਿਸੇ ਵਿੱਤੀ ਚਿੰਤਾ ਦੇ ਦੇਸ਼ ਦੇ ਸਭ ਤੋਂ ਵਧੀਆ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾ ਸਕਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੇਵਾਵਾਂ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਾਰੰਟੀ ਦਿੱਤੀ ਹੈ। ਚੋਣਾਂ ਤੋਂ ਪਹਿਲਾਂ ਦਿੱਤੀ ਗਈ ਸਿਹਤ ਗਾਰੰਟੀ ਦੇ ਤਹਿਤ ਹੁਣ ਹਰ ਨਾਗਰਿਕ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੱਗਭਗ 1,000 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਹਨ, ਜਦ ਕਿ ਪਿਛਲੇ 75 ਸਾਲਾਂ ਵਿੱਚ ਸਿਰਫ਼ 400 ਪ੍ਰਾਇਮਰੀ ਹੈਲਥ ਸੈਂਟਰ ਹੀ ਖੋਲ੍ਹੇ ਗਏ ਸਨ। ਇਸ ਤੋਂ ਇਲਾਵਾ 500 ਹੋਰ ਕਲੀਨਿਕ ਨਿਰਮਾਣ ਅਧੀਨ ਹਨ ਅਤੇ ਆਉਣ ਵਾਲੇ 4-5 ਮਹੀਨਿਆਂ ਵਿੱਚ 2,500 ਪਿੰਡ ਕਲੀਨਿਕ ਸ਼ੁਰੂ ਕੀਤੇ ਜਾਣਗੇ। ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਲਈ ਪਿਛਲੇ ਚਾਰ ਸਾਲਾਂ ਵਿੱਚ 1,100 ਮਾਹਰ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ, ਜਿਸ ਕਾਰਨ ਹੁਣ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਦੀ ਕੋਈ ਘਾਟ ਨਹੀਂ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ (ਲੱਗਭਗ ਤਿੰਨ ਕਰੋੜ ਨਾਗਰਿਕਾਂ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਿਹਤ ਯੋਜਨਾ ਦੀ ਕੋਈ ਆਮਦਨ ਸੀਮਾ ਨਹੀਂ ਹੈ। ਸਾਰੇ ਧਰਮਾਂ, ਵਰਗਾਂ ਅਤੇ ਭਾਈਚਾਰਿਆਂ ਦੇ ਲੋਕ ਇਸ ਵਿੱਚ ਸ਼ਾਮਿਲ ਹਨ।