ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਹੋਵੇਗਾ ਵਿਰੋਧ : ਪਲਿਆਲ
ਮੁੱਖ ਮੰਤਰੀ ਭਗਵੰਤ ਮਾਨ ਦਾ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਆਉਣ ’ਤੇ ਕਾਲੀਆਂ ਝੰਡੀਆਂ ਨਾਲ ਹੋਵੇਗਾ ਵਿਰੋਧ : ਪ੍ਰਿੰਸ ਪਲਿਆਲ
Publish Date: Sat, 24 Jan 2026 07:22 PM (IST)
Updated Date: Sun, 25 Jan 2026 04:19 AM (IST)

ਕਿਹਾ- ਨੋਟੀਫਿਕੇਸ਼ਨ ਹੋਣ ਦੇ ਬਾਵਜੂਦ ,ਪੁਰਾਣੀ ਪੈਨਸ਼ਨ ਨੂੰ ਹੁਣ ਤੱਕ ਕਿਉਂ ਨਹੀਂ ਕੀਤਾ ਗਿਆ ਲਾਗੂ ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਪ੍ਰਧਾਨ ਪ੍ਰਿੰਸ ਪਲਿਆਲ ਗੜਦੀਵਾਲਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨੋਟੀਫਿਕੇਸ਼ਨ ਨੂੰ ਜਾਰੀ ਕੀਤਿਆਂ ਚਾਰ ਸਾਲ ਹੋਣ ਵਾਲੇ ਹਨ ਪਰ ਅਜੇ ਤੱਕ ਪੰਜਾਬ ਦੀ ਆਪ ਸਰਕਾਰ ਇਸ ਨੂੰ ਲਾਗੂ ਨਹੀਂ ਕਰ ਸਕੀ। ਪ੍ਰੈੱਸ ਨੋਟ ਜਾਰੀ ਕਰਦਿਆਂ ਉਹਨਾਂ ਕਿਹਾ ਕਿ 3 ਸਾਲ ਪਹਿਲਾਂ ਦੀਵਾਲੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਈਵ ਹੋ ਕੇ ਕਿਹਾ ਕਿ ਜੋ ਅਸੀਂ ਕਹਿੰਦੇ ਹਾਂ, ਉਹ ਕਰਦੇ ਹਾਂ ਅਤੇ ਜੋ ਅਸੀਂ ਨਹੀਂ ਕਰਨਾ ਉਹ ਕਹਿੰਦੇ ਹੀ ਨਹੀਂ, ਦੋ ਮਹੀਨਿਆਂ ’ਚ ਐੱਸਓਪੀ ਬਣਾ ਕੇ ਪੁਰਾਣੀ ਪੈਨਸ਼ਨ ਲਾਗੂ ਕਰ ਦੇਵਾਂਗੇ ਪਰ ਪੁਰਾਣੀ ਪੈਨਸ਼ਨ ਦੀ ਬਹਾਲੀ ਐਲਾਨ ਤੱਕ ਹੀ ਸੀਮਤ ਰਹੀ। ਧਰਾਤਲ ਤੇ ਪੰਜਾਬ ਦੇ ਕਿਸੇ ਕਰਮਚਾਰੀ ਨੂੰ ਇਸ ਦਾ ਲਾਭ ਨਹੀਂ ਮਿਲਿਆ। ਰਿਟਾਇਰ ਹੋਏ ਐੱਨਪੀਐੱਸ ਕਰਮਚਾਰੀ 3500 ਰੁਪਏ ਪੈਨਸ਼ਨ ਲੈ ਰਹੇ ਹਨ, ਜਿਸ ਨਾਲ ਉਨ੍ਹਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਚਲਾਉਣ ਦੇ ਲਈ ਸੜਕਾਂ ’ਤੇ ਰੇਹੜੀਆਂ ਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਪਰ ਸਰਕਾਰ ਦੇ ਕੰਨ ਦੇ ’ਤੇ ਜੂੰ ਤੱਕ ਨਹੀਂ ਸਰਕਦੀ। ਸਰਕਾਰ ਦੀ ਡੰਗ ਟਪਾਊ ਨੀਤੀ ਤੋਂ ਦੁਖੀ ਹੋ ਕੇ ਪੰਜਾਬ ਦੇ 2 ਲੱਖ ਤੋਂ ਵੱਧ ਐੱਨਪੀਐੱਸ ਮੁਲਾਜ਼ਮ ਮੁੱਖ ਮੰਤਰੀ ਪੰਜਾਬ ਦਾ ਹੁਸ਼ਿਆਰਪੁਰ ਜ਼ਿਲ੍ਹੇ ’ਚ ਆਉਣ ਤੇ ਅਤੇ ਹਰ ਜਿਲ੍ਹੇ ’ਚ ਜਾਣ ’ਤੇ ਹਰ ਦੌਰੇ ਸਮੇਂ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨਗੇ ਤੇ ਸੰਘਰਸ਼ ਨੂੰ ਤੇਜ਼ ਕਰਨਗੇ। ਇਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਪੰਜਾਬ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਨਾ ਤਾਂ ਪੁਰਾਣੀ ਪੈਨਸ਼ਨ ਨੂੰ ਲਾਗੂ ਕੀਤਾ ਗਿਆ, ਜਿਸ ਦਾ ਖਮਿਆਜਾ ਪੰਜਾਬ ਸਰਕਾਰ ਨੂੰ ਜ਼ਰੂਰ ਭੁਗਤਣਾ ਪਵੇਗਾ।