ਰੌੜੀ ਨੇ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
ਡਿਪਟੀ ਸਪੀਕਰ ਰੌੜੀ ਦਾ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡਾਂ ਦਾ ਦੌਰਾ,
Publish Date: Sat, 24 Jan 2026 07:32 PM (IST)
Updated Date: Sun, 25 Jan 2026 04:19 AM (IST)

ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੇ ਵਿਕਾਸ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਡਿਪਟੀ ਸਪੀਕਰ,ਪੰਜਾਬ ਵਿਧਾਨ ਸਭਾ ਅਤੇ ਹਲਕਾ ਵਿਧਾਇਕ ਗੜ੍ਹਸ਼ੰਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਪੱਧਰ ’ਤੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਚੱਲ ਰਹੀਆਂ ਵਿਕਾਸ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪਿੰਡ ਵਾਸੀਆਂ ਵੱਲੋਂ ਡਿਪਟੀ ਸਪੀਕਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਿਹਤ, ਸਿੱਖਿਆ, ਬੁਨਿਆਦੀ ਢਾਂਚੇ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਲਏ ਗਏ ਇਤਿਹਾਸਕ ਫ਼ੈਸਲੇ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੇ ਹਨ। ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦੀ ਸਮੂਹਿਕ ਤਰੱਕੀ ਅਤੇ ਲੋਕਾਂ ਦੀ ਜੀਵਨ-ਸ਼ੈਲੀ ਨੂੰ ਸੁਧਾਰਨਾ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ 10 ਲੱਖ ਰੁਪਏ ਦੀ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਵੱਡੀਆਂ ਬਿਮਾਰੀਆਂ ਦੇ ਇਲਾਜ ਲਈ ਵਿੱਤੀ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ, ਜਿਸ ਨਾਲ ਹੁਣ ਕਿਸੇ ਨੂੰ ਮਹਿੰਗੇ ਇਲਾਜ ਕਾਰਨ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ। ਡਿਪਟੀ ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਿਹਤ ਕਾਰਡ ਜ਼ਰੂਰ ਬਣਵਾਉਣ ਅਤੇ ਇਸ ਯੋਜਨਾ ਦਾ ਪੂਰਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਬਹੁਤ ਸੌਖੀ ਹੈ ਅਤੇ ਪਿੰਡ ਪੱਧਰ ’ਤੇ ਕੈਂਪ ਲਗਾ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਨਾਲ ਹੀ, ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਪਰਿਵਾਰ ਇਸ ਯੋਜਨਾ ਤੋਂ ਵੰਚਿਤ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਹੀ ਲੋਕਤੰਤਰ ਦੀ ਅਸਲੀ ਤਾਕਤ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ, ਬਲਾਕ ਅਤੇ ਪਿੰਡ ਪੱਧਰ ਦੇ ਵਰਕਰ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਸਮਾਗਮ ਦੌਰਾਨ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।