ਤਹਿਸੀਲ ਦਫ਼ਤਰ ‘ਚ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜ਼ਲੀ
ਤਹਿਸੀਲ ਦਫ਼ਤਰ ‘ਚ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜ਼ਲੀ
Publish Date: Fri, 30 Jan 2026 05:08 PM (IST)
Updated Date: Sat, 31 Jan 2026 04:07 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਦੀ ਅਗਵਾਈ ਵਿਚ ਤਹਿਸੀਲ ਦਫ਼ਤਰ ਕੰਪਲੈਕਸ ਵਿਖੇ ਸ਼ਰਧਾਂਜ਼ਲੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੌਨ ਧਾਰਨ ਕੀਤਾ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਸਮੇਤ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਪ੍ਰੋਗਰਾਮ ਦੌਰਾਨ ਐੱਸਡੀਐੱਮ ਗੁਰਸਿਮਰਨਜੀਤ ਕੌਰ ਨੇ ਕਿਹਾ ਕਿ ਮਹਾਤਮਾ ਗਾਂਧੀ ਜੀ ਦਾ ਪੂਰਾ ਜੀਵਨ ਸੱਚ, ਅਹਿੰਸਾ, ਤਿਆਗ ਅਤੇ ਸੇਵਾ ਦੇ ਉੱਚ ਆਦਰਸ਼ਾਂ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਗਾਂਧੀ ਜੀ ਦੇ ਵਿਚਾਰ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦੇਣ ਦਾ ਕੰਮ ਕਰਦੇ ਹਨ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਕੰਮ ਵਿੱਚ ਇਮਾਨਦਾਰੀ, ਪਾਰਦਰਸ਼ਤਾ ਅਤੇ ਸੰਵੇਦਨਸ਼ੀਲਤਾ ਨੂੰ ਪਹਿਲ ਦੇਣ ਦਾ ਸੱਦਾ ਦਿੱਤਾ।
ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਮਹਾਤਮਾ ਗਾਂਧੀ ਦੇ ਸਿਧਾਂਤਾਂ ਦੀ ਪਾਲਣਾ ਕਰਨ ਦਾ ਪ੍ਰਣ ਵੀ ਲਿਆ ਅਤੇ ਸਮਾਜਿਕ ਸਦਭਾਵਨਾ, ਭਾਈਚਾਰਾ ਅਤੇ ਸ਼ਾਂਤੀ ਬਣਾਈ ਰੱਖਣ ਲਈ ਇਕੱਠੇ ਕੰਮ ਕਰਨ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੇ ਅਖ਼ੀਰ ਵਿੱਚ ਸਾਰਿਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਆਪਣੇ ਫਰਜ਼ਾਂ ਪ੍ਰਤੀ ਵਫ਼ਾਦਾਰ ਰਹਿਣ ਦੀ ਸਹੁੰ ਚੁੱਕੀ।
ਸ਼ਰਧਾਂਜਲੀ ਸਭਾ ਵਿੱਚ ਤਹਿਸੀਲ ਦਫ਼ਤਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੱਡੀ ਗਿਣਤੀ ਵਿੱਚ ਮੌਜੂਦ ਸਨ।