ਨਸ਼ਿਆਂ ਖਿਲਾਫ਼ ਜਾਗਰੂਕਤਾ ਗੀਤ ਲੋਕ ਅਰਪਣ
ਨਸ਼ਿਆਂ ਖਿਲਾਫ਼ ਜਾਗਰੂਕਤਾ ਗੀਤ '' ਯੁੱਧ ਨਸ਼ਿਆਂ ਵਿਰੁੱਧ ਚੱਲਿਆ....... " ਲੋਕ ਅਰਪਣ
Publish Date: Mon, 02 Feb 2026 04:45 PM (IST)
Updated Date: Tue, 03 Feb 2026 04:05 AM (IST)

ਮਹੇਸ਼ਵਰ ਕੁਮਾਰ ਛਾਬੜਾ, ਪੰਜਾਬੀ ਜਾਗਰਣ, ਨਸਰਾਲਾ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਕਾਮਯਾਬ ਕਰਨ ਲਈ ਸੂਬੇ ਦੇ ਵਿਦਿਆਰਥੀਆਂ, ਅਧਿਆਪਕਾਂ, ਸਾਹਿਤ ਅਤੇ ਕਲਾ ਨਾਲ ਜੁੜੇ ਲੋਕਾਂ ਵੱਲੋਂ ਆਪਣਾ ਸ਼ਲਾਘਾਯੋਗ ਯੋਗਦਾਨ ਪਾਇਆ ਜਾ ਰਿਹਾ ਹੈ, ਸਿੱਟੇ ਵਜੋਂ ਪੰਜਾਬ ਸਰਕਾਰ ਸੂਬੇ ਵਿੱਚ ਵਿਦਿਆਰਥੀਆਂ ਅਤੇ ਨੌਜਵਾਨਾਂ ਲਈ ਸਿਹਤਮੰਦ ਵਾਤਾਵਰਣ ਸਿਰਜਣ ਵਿੱਚ ਕਾਮਯਾਬ ਹੋਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਲੈਕਚਰਾਰ ਸੁਖਦੇਵ ਸਿੰਘ (ਸੰਗੀਤ ਤੇ ਆਵਾਜ਼), ਵਰਿੰਦਰ ਸਿੰਘ ਨਿਮਾਣਾ (ਲੇਖਕ ਤੇ ਆਵਾਜ਼) ਵੱਲੋਂ ਲਿਖਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਪੰਜਾਬੀ ਗੀਤ ‘ਯੁੱਧ ਨਸ਼ਿਆਂ ਵਿਰੁੱਧ ਚੱਲਿਆ’ ਨੂੰ ਲੋਕ ਅਰਪਣ ਕਰਨ ਸਮੇਂ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ੇ ਦੀ ਬਿਮਾਰੀ ਇਨਸਾਨ ਦੀ ਸਰੀਰਕ ਤੇ ਮਾਨਸਿਕ ਸ਼ਕਤੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ,ਜਿਸ ਕਰਕੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਇਸ ਮਾੜੀ ਬੁਰਾਈ ਪ੍ਰਤੀ ਜਾਗਰੂਕ ਕਰਨ ਦੀ ਹਮੇਸ਼ਾ ਲੋੜ ਹੁੰਦੀ ਹੈ। ਬੱਚਿਆਂ ਨੂੰ ਪੜ੍ਹਾਈ, ਖੇਡਾਂ ਅਤੇ ਕੋਮਲ ਕਲਾਵਾਂ ਰਾਹੀਂ ਇਹ ਦੱਸਣਾ ਜ਼ਰੂਰੀ ਹੁੰਦਾ ਹੈ ਕਿ ਸਮਝਦਾਰ ਇਨਸਾਨ ਆਪਣੀ ਜ਼ਿੰਦਗੀ ਵਿੱਚ ਸੁਪਨੇ ਪੂਰੇ ਕਰਨ ਲਈ ਕਿਸੇ ਤਰ੍ਹਾਂ ਵੀ ਨਸ਼ੇ ਦਾ ਸਹਾਰਾ ਨਾ ਲਵੇ ਸਗੋਂ ਸਖਤ ਮਿਹਨਤ ਅਤੇ ਹਾਂ ਪੱਖੀ ਨਜ਼ਰੀਏ ਨਾਲ ਆਪਣੀ ਮੰਜ਼ਿਲ ਦੀ ਤਲਾਸ਼ ਕਰਨ ਦੀ ਕੋਸ਼ਿਸ਼ ਕਰੇ। ਉਹਨਾਂ ਜਾਗਰੂਕਤਾ ਗੀਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕੋਸ਼ਿਸ਼ ਸਕੂਲ ਅਤੇ ਕਾਲਜ ਪੜ੍ਹਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਲਈ ਮਦਦਗਾਰ ਸਾਬਤ ਹੋਵੇਗੀ। ਇਸ ਮੌਕੇ ਏ ਡੀ ਸੀ (ਵਿਕਾਸ) ਨਿਕਾਸ ਕੁਮਾਰ, ਏ ਡੀ ਸੀ (ਜਨਰਲ ) ਅਮਰਬੀਰ ਕੌਰ ਭੁੱਲਰ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਤੋਂ ਇਲਾਵਾ ਹੁਸ਼ਿਆਰਪੁਰ ਪ੍ਰਸ਼ਾਸਨ ਦੇ ਵੱਖ ਵੱਖ ਉੱਚ ਅਧਿਕਾਰੀ ਵੀ ਹਾਜ਼ਰ ਸਨ।